5 Dariya News

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਜੀਵਨਜੋਤ ਕੌਰ

ਵਿਧਾਇਕਾ ਜੀਵਨਜੋਤ ਕੌਰ ਨੇ ਲੋਕਾਂ ਨੂੰ ਯੋਜਨਾ ਦਾ ਲਾਭ ਉਠਾਉਣ ਅਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਕੀਤੀ ਅਪੀਲ

5 Dariya News

ਅੰਮ੍ਰਿਤਸਰ 16-Jul-2026

ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਸੂਬੇ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ ਦਰਸ਼ਨ ਕਰ ਚੁੱਕੇ ਹਨ। ਇਸ ਯੋਜਨਾ ਦੇ ਮਹੱਤਵ ਬਾਰੇ ਗੱਲ ਕਰਦਿਆਂ ਵਿਧਾਇਕਾ ਜੀਵਨਜੋਤ ਕੌਰ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਪੰਜਾਬ ਦੇ ਲੋਕਾਂ ਦੇ ਅਧਿਆਤਮਿਕ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। 

ਉਨ੍ਹਾਂ ਕਿਹਾ ਕਿ ਪਰਮਾਤਮਾ ਨਾਲ ਜੁੜਨਾ ਮਨੁੱਖੀ ਜੀਵਨ ਦਾ ਸਭ ਤੋਂ ਵੱਡਾ ਉਦੇਸ਼ ਹੈ ਅਤੇ ਇਹ ਯੋਜਨਾ ਲੋਕਾਂ ਨੂੰ ਧਾਰਮਿਕ ਅਤੇ ਅਧਿਆਤਮਿਕ ਤੌਰ 'ਤੇ ਮਜ਼ਬੂਤ ਬਣਾਉਣ ਵਿੱਚ ਸਹਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਦੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ। 

ਸਰਕਾਰ ਦਾ ਮੰਤਵ ਕੇਵਲ ਪ੍ਰਸ਼ਾਸਨ ਚਲਾਉਣਾ ਹੀ ਨਹੀਂ, ਸਗੋਂ ਲੋਕਾਂ ਦੀਆਂ ਸੱਭਿਆਚਾਰਕ ਅਤੇ ਅਧਿਆਤਮਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨਾ ਵੀ ਹੈ। ਵਿਧਾਇਕਾ ਜੀਵਨਜੋਤ ਕੌਰ ਨੇ ਦੱਸਿਆ ਕਿ ਹੁਣ ਤੱਕ ਕੁੱਲ 3,04,784 ਸ਼ਰਧਾਲੂ 7,390 ਯਾਤਰਾਵਾਂ ਦਾ ਲਾਭ ਲੈ ਚੁੱਕੇ ਹਨ, ਜੋ ਇਸ ਯੋਜਨਾ ਦੀ ਵਿਆਪਕ ਪਹੁੰਚ ਅਤੇ ਲੋਕਪ੍ਰਿਯਤਾ ਨੂੰ ਦਰਸਾਉਂਦਾ ਹੈ। 

ਉਨ੍ਹਾਂ ਕਿਹਾ ਕਿ ਇਹ ਯੋਜਨਾ ਖਾਸ ਕਰਕੇ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ, ਜੋ ਆਰਥਿਕ ਕਾਰਨਾਂ ਕਰਕੇ ਪਹਿਲਾਂ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਪੂਰੀ ਤਰ੍ਹਾਂ ਮੁਫਤ ਹੈ ਅਤੇ ਇਸ ਦਾ ਲਾਭ ਹਰੇਕ ਜਾਤੀ, ਧਰਮ ਅਤੇ ਵਰਗ ਨਾਲ ਸਬੰਧਤ ਸ਼ਰਧਾਲੂ ਲੈ ਸਕਦੇ ਹਨ। 

ਸ਼ਰਧਾਲੂਆਂ ਦੀ ਸਹੂਲਤ ਲਈ ਸੂਬੇ ਭਰ ਵਿੱਚ 95 ਡੀਲਕਸ ਏਅਰ-ਕੰਡੀਸ਼ਨਡ ਬੱਸਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਤੋਂ ਹੀ ਪਵਿੱਤਰ ਸਥਾਨਾਂ ਦੇ ਦਰਸ਼ਨਾਂ ਲਈ ਲੈ ਕੇ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸ਼ਰਧਾਲੂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ, ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਪਵਿੱਤਰ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ।

ਵਿਧਾਇਕਾ ਜੀਵਨਜੋਤ ਕੌਰ ਨੇ ਅੰਮ੍ਰਿਤਸਰ ਪੂਰਬੀ ਹਲਕੇ ਸਮੇਤ ਸੂਬੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਰਿਵਾਰਾਂ ਸਮੇਤ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਕੇ ਆਧਿਆਤਮਿਕ ਸ਼ਾਂਤੀ ਅਤੇ ਅਸੀਸਾਂ ਪ੍ਰਾਪਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਯਾਤਰਾ, ਰਿਹਾਇਸ਼, ਭੋਜਨ, ਡਾਕਟਰੀ ਸਹਾਇਤਾ ਅਤੇ ਜ਼ਰੂਰੀ ਕਿੱਟਾਂ ਦਾ ਸਾਰਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ।