ਡਾ. ਰਵਜੋਤ ਸਿੰਘ ਵੱਲੋਂ ਢੂੰਗੀ ਚੋਈ ਬਰੋਟੀ ਵਿੱਚ ਨਵੇਂ ਟਿਊਬਵੈੱਲ ਦਾ ਉਦਘਾਟਨ
ਮਾਨ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ-ਡਾ. ਰਵਜੋਤ ਸਿੰਘ
5 Dariya News
ਹੁਸ਼ਿਆਰਪੁਰ 16-Jul-2026
ਪੰਜਾਬ ਦੇ ਜੇਲ੍ਹ ਤੇ ਐਨ.ਆਰ.ਆਈ. ਮਾਮਲਿਆਂ ਬਾਰੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਢੂੰਗੀ ਚੋਈ ਬਰੋਟੀ ਪੰਚਾਇਤ ਦੀ ਸਾਲਾਂ ਪੁਰਾਣੀ ਮੰਗ ਨੂੰ ਪੂਰਾ ਕਰਦਿਆਂ ਪਿੰਡ ਵਾਸੀਆਂ ਨੂੰ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈੱਲ ਦੀ ਸੌਗਾਤ ਦਿੱਤੀ ਗਈ ਹੈ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਟਿਊਬਵੈੱਲ ਦੇ ਚਾਲੂ ਹੋਣ ਨਾਲ ਪਿੰਡ ਦੇ ਲੋਕਾਂ ਨੂੰ ਸਾਫ਼ ਅਤੇ ਨਿਰੰਤਰ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਪਿੰਡ ਵਾਸੀਆਂ ਨੂੰ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਖਾਸ ਕਰਕੇ ਗਰਮੀ ਦੇ ਮੌਸਮ ਵਿੱਚ ਲੋਕਾਂ ਨੂੰ ਕਾਫ਼ੀ ਦਿੱਕਤਾਂ ਝੱਲਣੀਆਂ ਪੈਂਦੀਆਂ ਸਨ।
ਹੁਣ ਇਸ ਨਵੇਂ ਟਿਊਬਵੈੱਲ ਨਾਲ ਨਾ ਸਿਰਫ਼ ਪਾਣੀ ਦੀ ਕਮੀ ਦੂਰ ਹੋਵੇਗੀ, ਸਗੋਂ ਹਰ ਘਰ ਤੱਕ ਬਿਹਤਰ ਪਾਣੀ ਦੀ ਸਪਲਾਈ ਵੀ ਯਕੀਨੀ ਬਣੇਗੀ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਉਪਲਬਧਤਾ ਨੂੰ ਆਪਣੀ ਪ੍ਰਮੁੱਖ ਤਰਜੀਹ ਮੰਨਦੀ ਹੈ।
ਲੋਕਾਂ ਦੀਆਂ ਲੋੜਾਂ ਨੂੰ ਸਮਝਦਿਆਂ ਸਰਕਾਰ ਵੱਲੋਂ ਪਾਣੀ ਸਪਲਾਈ ਨਾਲ ਜੁੜੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਖੇਤਰ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਾ ਰਹਿਣਾ ਪਵੇ। ਕੈਬਨਿਟ ਮੰਤਰੀ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਐਲਾਨ ਕਰਨ ਵਿੱਚ ਵਿਸ਼ਵਾਸ ਨਹੀਂ ਰੱਖਦੀ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿੱਚ ਪੰਚਾਇਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਰਕਾਰ ਹਰ ਪੰਚਾਇਤ ਨਾਲ ਮਿਲ ਕੇ ਲੋਕ ਭਲਾਈ ਦੇ ਕੰਮਾਂ ਨੂੰ ਅੱਗੇ ਵਧਾ ਰਹੀ ਹੈ। ਇਸ ਮੌਕੇ ਅਰਸ਼ਦੀਪ ਸਿੰਘ, ਮਨਪ੍ਰੀਤ ਸਿੰਘ, ਨਵਜੋਤ ਸਿੰਘ, ਜਸਪ੍ਰੀਤ, ਸਰਬਜੀਤ, ਗੁਰਵਿੰਦਰ ਸਿੰਘ, ਸੰਜੀਵ ਕੁਮਾਰ, ਸੰਦੀਪ ਕੁਮਾਰ, ਅਮਿਤ, ਵਿਜੇ ਕੁਮਾਰ ਆਦਿ ਵੀ ਹਾਜਰ ਸਨ।