5 Dariya News

ਓ.ਐਸ.ਡੀ. ਸੁਖਵੀਰ ਸਿੰਘ ਨੇ ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਓ.ਐਸ.ਡੀ. ਸੁਖਵੀਰ ਸਿੰਘ

5 Dariya News

ਧੂਰੀ 16-Jul-2026

ਮੁੱਖ ਮੰਤਰੀ ਸਹਾਇਤਾ ਕੇਂਦਰ, ਧੂਰੀ ਵਿਖੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਮਾਲ, ਪੇਂਡੂ ਵਿਕਾਸ, ਨਗਰ ਕੌਂਸਲ, ਬਿਜਲੀ, ਪਾਣੀ ਸਪਲਾਈ, ਸਮਾਜਿਕ ਸੁਰੱਖਿਆ ਅਤੇ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਜਵਾਬਦੇਹ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰਾਂ ਦੀ ਸਥਾਪਨਾ ਦਾ ਮਕਸਦ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਆਪਣੀਆਂ ਸਮੱਸਿਆਵਾਂ ਰੱਖਣ ਦਾ ਮੌਕਾ ਦੇਣਾ ਅਤੇ ਉਨ੍ਹਾਂ ਦਾ ਨਿਰਧਾਰਤ ਸਮੇਂ ਅੰਦਰ ਹੱਲ ਯਕੀਨੀ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸਪੱਸ਼ਟ ਹਦਾਇਤ ਹੈ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਸਮੱਸਿਆ ਦੇ ਹੱਲ ਲਈ ਸਰਕਾਰੀ ਦਫ਼ਤਰਾਂ ਦੇ ਵਾਰ-ਵਾਰ ਚੱਕਰ ਨਾ ਕੱਟਣੇ ਪੈਣ। ਇਸ ਲਈ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਹੈ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪੂਰੀ ਗੰਭੀਰਤਾ ਨਾਲ ਸੁਣੇ ਅਤੇ ਨਿਰਧਾਰਤ ਸਮਾਂ-ਸੀਮਾ ਅੰਦਰ ਉਨ੍ਹਾਂ ਦਾ ਨਿਪਟਾਰਾ ਕਰੇ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਇਨਸਾਫ਼ ਅਤੇ ਸਰਕਾਰੀ ਸੇਵਾਵਾਂ ਪ੍ਰਦਾਨ ਕਰਨਾ ਹੀ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਧੂਰੀ ਵਿਧਾਨ ਸਭਾ ਹਲਕੇ ਦੇ ਹਰ ਵਸਨੀਕ ਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਨਿਰੰਤਰ ਨਿਗਰਾਨੀ ਕਰ ਰਹੇ ਹਨ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਰਾਹੀਂ ਪ੍ਰਾਪਤ ਹੋਣ ਵਾਲੀ ਹਰ ਸ਼ਿਕਾਇਤ ਦੀ ਨਿਯਮਤ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਨੂੰ ਤੇਜ਼, ਪ੍ਰਭਾਵਸ਼ਾਲੀ ਅਤੇ ਸੰਤੁਸ਼ਟੀਜਨਕ ਸੇਵਾਵਾਂ ਮਿਲ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜਿਨ੍ਹਾਂ ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ ਸੰਭਵ ਹੈ, ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇ, ਜਦਕਿ ਬਾਕੀ ਮਾਮਲਿਆਂ ਵਿੱਚ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਸੰਤੁਸ਼ਟੀ ਹੀ ਸਰਕਾਰ ਦੀ ਕਾਰਗੁਜ਼ਾਰੀ ਦਾ ਸਭ ਤੋਂ ਵੱਡਾ ਮਾਪਦੰਡ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਮੈਂਬਰ ਵਕਫ ਬੋਰਡ ਡਾ. ਅਨਵਰ ਭਸੌੜ, ਮੁੱਖ ਮੰਤਰੀ ਫੀਲਡ ਅਫਸਰ ਅਰਵਿੰਦ ਕੁਮਾਰ, ਰਮਨਦੀਪ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ, ਜਿਨ੍ਹਾਂ ਨੇ ਲੋਕਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਸਬੰਧੀ ਮੌਕੇ 'ਤੇ ਹੀ ਲੋੜੀਂਦੀ ਕਾਰਵਾਈ ਸ਼ੁਰੂ ਕਰਦਿਆਂ ਜਲਦੀ ਨਿਪਟਾਰੇ ਦਾ ਭਰੋਸਾ ਦਿੱਤਾ।