5 Dariya News

ਮੇਰੇ ਨਾਮ 'ਤੇ ਬੇਅਦਬੀ ਮਾਮਲੇ ਵਿੱਚ ਝੂਠ ਫੈਲਾਇਆ ਜਾ ਰਿਹਾ ਹੈ, ਪੰਜਾਬ ਸਰਕਾਰ ਇਨਸਾਫ਼ ਨਹੀਂ ਸਿਆਸਤ ਕਰ ਰਹੀ ਹੈ : ਵਿਜੈ ਸਾਂਪਲਾ

5 Dariya News

ਚੰਡੀਗੜ੍ਹ 16-Jul-2026

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਇੱਕ ਰਾਜਨੀਤਿਕ ਅਹੁਦੇ 'ਤੇ ਨਿਯੁਕਤ ਵਿਅਕਤੀ ਵੱਲੋਂ ਮੀਡੀਆ ਨੂੰ ਭੇਜੇ ਗਏ ਉਸ ਸੁਨੇਹੇ ਨੂੰ ਪੂਰੀ ਤਰ੍ਹਾਂ ਝੂਠਾ ਅਤੇ ਗੁੰਮਰਾਹ ਕਰਨ ਵਾਲਾ ਕਰਾਰ ਦਿੱਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ "ਸਾਂਪਲਾ ਨੇ ਬੇਅਦਬੀ ਮਾਮਲੇ ਵਿੱਚ ਸੁਖਬੀਰ ਸਿੰਘ ਬਾਦਲ ਨਾਲ ਰਾਜਪਾਲ ਨੂੰ ਦਿੱਤੇ ਗਏ ਮੰਗ-ਪੱਤਰ (ਰਿਪ੍ਰਜ਼ੈਂਟੇਸ਼ਨ) 'ਤੇ ਆਪਣੇ ਦਸਤਖ਼ਤ ਹੋਣ ਤੋਂ ਇਨਕਾਰ ਕੀਤਾ ਹੈ।"

ਵਿਜੈ ਸਾਂਪਲਾ ਨੇ ਕਿਹਾ ਕਿ ਇਹ ਸੁਨੇਹਾ ਪੂਰੀ ਤਰ੍ਹਾਂ ਬੇਬੁਨਿਆਦ ਹੈ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਪੁਲਿਸ ਗੋਲੀਕਾਂਡ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਦਿਵਾਉਣ ਲਈ ਬਣਾਈ ਗਈ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਗੇ ਮੈਂ ਕੀ ਬਿਆਨ ਦਿੱਤੇ ਹਨ, ਜੇ ਇਸ ਦੀ ਜਾਣਕਾਰੀ ਆਮ ਆਦਮੀ ਪਾਰਟੀ ਸਰਕਾਰ ਵਿੱਚ ਰਾਜਨੀਤਿਕ ਅਹੁਦੇ 'ਤੇ ਬੈਠੇ ਕਿਸੇ ਵਿਅਕਤੀ ਨੂੰ ਹੈ, ਤਾਂ ਇਹ ਬਹੁਤ ਹੀ ਗੰਭੀਰ ਮਾਮਲਾ ਹੈ। 

ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਸਰਕਾਰ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲੇ ਵਿੱਚ ਪੰਜਾਬੀਆਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖੇਡ ਰਹੀ ਹੈ, ਇਸ 'ਤੇ ਸਿਆਸਤ ਕਰ ਰਹੀ ਹੈ ਅਤੇ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਉਸ ਦੀ ਕੋਈ ਗੰਭੀਰ ਦਿਲਚਸਪੀ ਨਹੀਂ ਹੈ। ਸਾਂਪਲਾ ਨੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਦੇ ਰਾਜ ਅਤੇ ਜ਼ਿਲ੍ਹਾ ਮੁੱਖ ਦਫ਼ਤਰਾਂ ਵਿੱਚ ਆਪਣੀਆਂ ਅਧਿਕਾਰਤ ਮੀਡੀਆ ਟੀਮਾਂ ਮੌਜੂਦ ਹਨ ਅਤੇ ਮੀਡੀਆ ਬ੍ਰੀਫਿੰਗ ਅਤੇ ਪ੍ਰੈੱਸ ਕਾਨਫ਼ਰੰਸ ਲਈ ਅਧਿਕਾਰੀ ਵੀ ਨਿਯੁਕਤ ਹਨ। 

ਅਜਿਹੇ ਵਿੱਚ ਜੇ ਐਸਆਈਟੀ ਨੂੰ ਮੀਡੀਆ ਨਾਲ ਕੋਈ ਜਾਣਕਾਰੀ ਸਾਂਝੀ ਕਰਨੀ ਹੈ ਤਾਂ ਉਹ ਪੁਲਿਸ ਦੇ ਅਧਿਕਾਰਤ ਮਾਧਿਅਮ ਰਾਹੀਂ ਹੋਣੀ ਚਾਹੀਦੀ ਹੈ। ਫਿਰ ਆਮ ਆਦਮੀ ਪਾਰਟੀ ਸਰਕਾਰ ਵਿੱਚ ਰਾਜਨੀਤਿਕ ਅਹੁਦੇ 'ਤੇ ਬੈਠਾ ਵਿਅਕਤੀ ਕਿਸ ਅਧਿਕਾਰ ਨਾਲ ਮੀਡੀਆ ਨੂੰ ਅਜਿਹੇ ਸੁਨੇਹੇ ਭੇਜ ਰਿਹਾ ਹੈ?

ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਹੈ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲ ਚਾਰ ਮਹੀਨਿਆਂ ਦੌਰਾਨ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਤੇ ਕੋਟਕਪੂਰਾ ਪੁਲਿਸ ਗੋਲੀਕਾਂਡ ਦੇ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਨਾ ਦਿਵਾ ਸਕਣ ਦੀ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਝੂਠ ਅਤੇ ਭ੍ਰਮ ਫੈਲਾਉਣ ਦਾ ਸਹਾਰਾ ਲੈ ਰਹੀ ਹੈ। ਪੰਜਾਬ ਦੀ ਜਨਤਾ ਹੁਣ ਇਸ ਸਿਆਸਤ ਨੂੰ ਸਮਝ ਚੁੱਕੀ ਹੈ ਅਤੇ ਬੇਅਦਬੀ ਮਾਮਲਿਆਂ ਵਿੱਚ ਅਸਲ ਇਨਸਾਫ਼ ਦੀ ਉਡੀਕ ਕਰ ਰਹੀ ਹੈ।