5 Dariya News

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

125 ਏਕੜ ਰਕਬੇ ਨੂੰ ਮਿਲੇਗਾ ਸਿੰਚਾਈ ਲਈ ਪਾਣੀ, ਕਿਸਾਨਾਂ ਨੂੰ ਹੋਵੇਗਾ ਵੱਡਾ ਲਾਭ : ਡਾ. ਰਵਜੋਤ ਸਿੰਘ

5 Dariya News

ਹੁਸ਼ਿਆਰਪੁਰ 21-Jul-2026

ਪੰਜਾਬ ਦੇ ਜੇਲ੍ਹ ਅਤੇ ਪ੍ਰਵਾਸੀ ਭਾਰਤੀ  ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਢੱਡੇ ਫਤਹਿ ਸਿੰਘ ਵਿਖੇ ਲਗਭਗ 60 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਸਿੰਚਾਈ ਦੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਪਿੰਡ ਦੀ ਕਰੀਬ 125 ਏਕੜ ਖੇਤੀ ਵਾਲੀ ਜ਼ਮੀਨ ਨੂੰ ਸਿੰਚਾਈ ਲਈ ਪਾਣੀ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਾਪਤ ਹੋਵੇਗੀ ਅਤੇ ਖੇਤੀ ਉਤਪਾਦਨ ਵਿੱਚ ਵੀ ਵਾਧਾ ਹੋਵੇਗਾ।

ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੰਚਾਈ ਦੀ ਸੁਚੱਜੀ ਵਿਵਸਥਾ ਖੇਤੀਬਾੜੀ ਦੀ ਰੀੜ੍ਹ ਦੀ ਹੱਡੀ ਹੈ ਅਤੇ ਜਿੱਥੇ ਵੀ ਪਾਣੀ ਦੀ ਘਾਟ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਉੱਥੇ ਸਰਕਾਰ ਵੱਲੋਂ ਪਹਿਲ ਦੇ ਆਧਾਰ 'ਤੇ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਪਿੰਡ ਢੱਡੇ ਫਤਹਿ ਸਿੰਘ ਦੇ ਕਿਸਾਨ ਲੰਬੇ ਸਮੇਂ ਤੋਂ ਇਸ ਸਹੂਲਤ ਦੀ ਮੰਗ ਕਰ ਰਹੇ ਸਨ ਅਤੇ ਹੁਣ ਇਸ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਉਨ੍ਹਾਂ ਦੀ ਇਹ ਮੰਗ ਪੂਰੀ ਹੋ ਰਹੀ ਹੈ। ਟਿਊਬਵੈੱਲ ਦੇ ਚਾਲੂ ਹੋਣ ਉਪਰੰਤ ਕਿਸਾਨ ਪਰਿਵਾਰਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਫ਼ਸਲਾਂ ਦੀ ਸਿੰਚਾਈ ਲਈ ਪਾਣੀ ਦੀ ਉਪਲਬਧਤਾ ਯਕੀਨੀ ਬਣੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਵਿਕਾਸ ਕਾਰਜ ਨੂੰ ਜ਼ਮੀਨੀ ਪੱਧਰ 'ਤੇ ਸਮੇਂ ਸਿਰ ਮੁਕੰਮਲ ਕਰਨਾ ਹੈ। 

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਉੱਚ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਇਸ ਦਾ ਲਾਭ ਮਿਲ ਸਕੇ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਲਕਾ ਸ਼ਾਮਚੁਰਾਸੀ ਦੇ ਹਰ ਪਿੰਡ ਵਿੱਚ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸੜਕਾਂ, ਪੀਣ ਵਾਲੇ ਪਾਣੀ, ਸਿੰਚਾਈ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਨਾਲ ਹੀ ਪੰਜਾਬ ਦੀ ਤਰੱਕੀ ਦਾ ਰਾਹ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਸ ਮਹੱਤਵਪੂਰਨ ਪ੍ਰੋਜੈਕਟ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਟਿਊਬਵੈੱਲ ਪਿੰਡ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਵੀ ਹਲਕੇ ਦੇ ਵਿਕਾਸ ਲਈ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕ ਭਲਾਈ ਦੇ ਕੰਮ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਇਕਬਾਲ ਸਿੰਘ, ਲਖਵੀਰ ਸਿੰਘ, ਤਲਵਿੰਦਰ ਸਿੰਘ, ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਗੁਰਮਨ ਸਿੰਘ, ਹਰਜੀਤ ਸਿੰਘ, ਮਲਕੀਤ ਸਿੰਘ, ਜਸਪਾਲ ਸਿੰਘ, ਕੁਲਦੀਪ ਸਿੰਘ, ਮਹਿਤਾਬ ਸਿੰਘ, ਰਣਜੋਧ ਸਿੰਘ ਸਮੇਤ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।