ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
15 ਅਗਸਤ ਨੂੰ ਨਹਿਰੂ ਸਟੇਡੀਅਮ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ
5 Dariya News
ਫ਼ਰੀਦਕੋਟ 22-Jul-2026
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 15 ਅਗਸਤ ਨੂੰ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਮਾਰੋਹ ਦੀਆਂ ਤਿਆਰੀਆਂ ਲਈ ਬਣਾਈਆਂ ਗਈਆਂ ਕਮੇਟੀਆਂ ਦੇ ਕਨਵੀਨਰਾਂ ਨੇ ਹਿੱਸਾ ਲਿਆ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਾਲ ਵੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਨਹਿਰੂ ਸਟੇਡੀਅਮ, ਫ਼ਰੀਦਕੋਟ ਵਿਖੇ ਪੂਰੇ ਰਾਸ਼ਟਰੀ ਜਜ਼ਬੇ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਵਸ ਸਾਡੇ ਮਹਾਨ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣੀ ਵਚਨਬੱਧਤਾ ਦੁਹਰਾਉਣ ਦਾ ਮੌਕਾ ਹੈ।
ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਬੀ.ਐੱਸ.ਐੱਫ., ਪੰਜਾਬ ਪੁਲਿਸ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਪ੍ਰਭਾਵਸ਼ਾਲੀ ਮਾਰਚ ਪਾਸਟ ਕੀਤਾ ਜਾਵੇਗਾ ਅਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਨਾਲ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ. ਸ਼ੋਅ ਪੇਸ਼ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਸੁਰੱਖਿਆ, ਟਰੈਫਿਕ ਪ੍ਰਬੰਧ, ਪਾਰਕਿੰਗ, ਸਫ਼ਾਈ, ਬਿਜਲੀ, ਪੀਣ ਵਾਲੇ ਪਾਣੀ, ਮੈਡੀਕਲ ਸਹੂਲਤਾਂ ਅਤੇ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮਾਰੋਹ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨਹੀਂ ਆਉਣੀ ਚਾਹੀਦੀ ਅਤੇ ਹਰ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਅਤੇ ਜਵਾਬਦੇਹੀ ਨਾਲ ਨਿਭਾਏ। ਉਨ੍ਹਾਂ ਇਹ ਵੀ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਆਜ਼ਾਦੀ ਘੁਲਾਟੀਆ, ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਸ਼ਲਾਘਾਯੋਗ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਕੇਸ਼ਵ ਗੋਇਲ, ਐੱਸ.ਡੀ.ਐੱਮ. ਫ਼ਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐੱਸ.ਡੀ.ਐੱਮ. ਜੈਤੋ ਸ੍ਰੀ ਵਿਕਰਮਜੀਤ ਸਿੰਘ, ਸਿਵਲ ਸਰਜਨ ਡਾ. ਰਮਨਦੀਪ ਸਿੰਗਲ, ਡੀ.ਆਰ.ਓ. ਮੈਡਮ ਲਵਪ੍ਰੀਤ ਕੌਰ, ਨਾਇਬ ਤਹਿਸੀਲਦਾਰ ਸ੍ਰੀ ਹਰਸ਼ਵੀਰ ਗੋਇਲ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਪਵਨ ਕੁਮਾਰ, ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਜਸਬੀਰ ਸਿੰਘ ਜੱਸੀ, ਸਕੱਤਰ ਰੈੱਡ ਕਰਾਸ ਸ੍ਰੀ ਮਨਦੀਪ ਮੌਂਗਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।