ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ
ਡਿਪਟੀ ਕਮਿਸ਼ਨਰ ਨੇ ਮਾਲੀਆ ਮਾਮਲਿਆਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
5 Dariya News
ਹੁਸ਼ਿਆਰਪੁਰ 22-Jul-2026
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਾਰੇ ਮਾਲੀਆ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਵੱਖ-ਵੱਖ ਮਾਲੀਆ ਮਾਮਲਿਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਅਤੇ ਮਾਲੀਆ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਨਿਰਧਾਰਤ ਸਮਾਂ ਸੀਮਾ ਅੰਦਰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ 'ਮੇਰਾ ਘਰ ਮੇਰੇ ਨਾਮ (ਸਵਾਮਿਤਵ) ਯੋਜਨਾ', ਘਰੇਲੂ/ਨਿੱਜੀ ਤਕਸੀਮ, ਈਜ਼ੀ ਰਜਿਸਟ੍ਰੇਸ਼ਨ, ਪੈਂਡਿੰਗ ਇੰਤਕਾਲ (ਮਿਊਟੇਸ਼ਨ), ਕੈਡਸਟ੍ਰਲ ਮੈਪ (ਮੁਸਾਵੀ) ਵੈਲੀਡੇਸ਼ਨ, ਮਾਲੀਆ ਦਸਤਾਵੇਜ਼ਾਂ ਦੀ ਸਕੈਨਿੰਗ, ਜਮਾਬੰਦੀ ਤਿਆਰ ਕਰਨ ਅਤੇ ਈਜ਼ੀ ਜਮਾਬੰਦੀ ਪੋਰਟਲ ਰਾਹੀਂ ਆਨਲਾਈਨ ਸੇਵਾਵਾਂ, ਇੰਤਕਾਲ, ਰਪਟ ਅਤੇ ਫਰਦ ਬਦਰ ਨਾਲ ਸਬੰਧਤ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਪੈਂਡਿੰਗ ਮਾਮਲਿਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਆਨਲਾਈਨ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾ ਕੇ ਲੋਕਾਂ ਨੂੰ ਪਾਰਦਰਸ਼ੀ ਅਤੇ ਸੁਗਮ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹੜ੍ਹ ਸੁਰੱਖਿਆ ਕਾਰਜਾਂ, ਖਣਨ ਗਤੀਵਿਧੀਆਂ ਦੀ ਸਮੀਖਿਆ, ਖਣਨ ਸਬੰਧੀ ਸ਼ਿਕਾਇਤਾਂ ਅਤੇ ਸਾਲਾਨਾ ਲੰਬਿਤ ਰਿਪੋਰਟਾਂ, ਜ਼ਿਲ੍ਹੇ ਵਿੱਚ ਚੱਲ ਰਹੇ ਭੂਮੀ ਅਧਿਗ੍ਰਹਿਣ ਮਾਮਲਿਆਂ ਦੀ ਸਥਿਤੀ ਅਤੇ ਭੂਮੀ ਮਾਲੀਆ ਬਕਾਏ ਦੀ ਵਸੂਲੀ ਆਦਿ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਮਾਮਲਿਆਂ ਵਿੱਚ ਨਿਰਧਾਰਤ ਪ੍ਰਕਿਰਿਆ ਅਨੁਸਾਰ ਤੇਜ਼ੀ ਨਾਲ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਸਰਕਾਰ ਦੇ ਨਿਰਦੇਸ਼ਾਂ ਦੀ ਪੂਰੀ ਗੰਭੀਰਤਾ ਨਾਲ ਪਾਲਣਾ ਕੀਤੀ ਜਾਵੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਮੂਹ ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਚੱਲ ਰਹੀ ਐਸ.ਆਈ.ਆਰ. ਦੇ ਡਿਜ਼ਿਟਲਾਈਜ਼ੇਸ਼ਨ ਦੇ ਕੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ, ਐਸ.ਡੀ.ਐਮ. ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਸ.ਡੀ.ਐਮ. ਮੁਕੇਰੀਆਂ ਜਯੋਤਸਨਾ, ਐਸ.ਡੀ.ਐਮ. ਟਾਂਡਾ ਲਵਪ੍ਰੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸੰਜੀਵ ਕੁਮਾਰ, ਸਹਾਇਕ ਕਮਿਸ਼ਨਰ ਗੁਰਪ੍ਰੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਅਮਨਦੀਪ ਚਾਵਲਾ, ਤਹਿਸੀਲਦਾਰ ਚੋਣ ਰਮਨਦੀਪ ਕੌਰ ਸਮੇਤ ਹੋਰ ਸਬੰਧਤ ਅਧਿਕਾਰੀ ਮੌਜੂਦ ਸਨ।