ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
ਧੂਰੀ ਸ਼ਹਿਰ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
5 Dariya News
ਸੰਗਰੂਰ 22-Jul-2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਪੂਨਮਦੀਪ ਕੌਰ ਨੇ ਅੱਜ ਧੂਰੀ ਸ਼ਹਿਰ ਵਿੱਚ ਕਰੀਬ 45 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਸਾਰੇ ਪ੍ਰੋਜੈਕਟ ਨਿਰਧਾਰਤ ਸਮਾਂ-ਸੀਮਾ ਅੰਦਰ ਉੱਚ ਗੁਣਵੱਤਾ ਨਾਲ ਮੁਕੰਮਲ ਕਰਨ ਅਤੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਾ ਵਰਤਣ ਦੇ ਨਿਰਦੇਸ਼ ਦਿੱਤੇ।
ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਧੂਰੀ ਨੂੰ ਆਧੁਨਿਕ, ਸੁੰਦਰ ਅਤੇ ਹਰ ਪੱਖੋਂ ਵਿਕਸਤ ਸ਼ਹਿਰ ਵਜੋਂ ਸਥਾਪਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ, ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਸ਼ਹਿਰ ਦੀ ਸੁੰਦਰਤਾ ਵਿੱਚ ਵਾਧਾ ਕਰਨ, ਹਰਿਆਵਲੀ ਨੂੰ ਉਤਸ਼ਾਹਿਤ ਕਰਨ ਅਤੇ ਖੇਡਾਂ ਲਈ ਬਿਹਤਰ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਮੰਤਵ ਨਾਲ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਧੂਰੀ ਸ਼ਹਿਰ ਵਿੱਚ ਵੱਖ-ਵੱਖ ਪਾਰਕਾਂ ਦੇ ਵਿਕਾਸ ਅਤੇ ਸੁੰਦਰੀਕਰਨ, ਇਨਡੋਰ ਸਪੋਰਟਸ ਹਾਲ ਦੇ ਅਪਗ੍ਰੇਡੇਸ਼ਨ, ਕ੍ਰਾਂਤੀ ਚੌਕ ਅਤੇ ਸ਼ੇਰਪੁਰ ਚੌਕ ਦੇ ਸੁੰਦਰੀਕਰਨ, ਸ਼ਹਿਰ ਦੇ ਤਿੰਨਾਂ ਪ੍ਰਵੇਸ਼ ਦੁਆਰਾਂ ਦੇ ਸੁੰਦਰੀਕਰਨ, ਸਦਰ ਬਾਜ਼ਾਰ ਦੇ ਪੁਨਰ ਵਿਕਾਸ, ਵੱਖ-ਵੱਖ ਸੜਕਾਂ ਦੇ ਅਪਗ੍ਰੇਡੇਸ਼ਨ, ਨਵੇਂ ਗ੍ਰੀਨ ਸਪੇਸ ਅਤੇ ਪਾਰਕਾਂ ਦੀ ਉਸਾਰੀ, ਪਾਣੀ ਸਪਲਾਈ ਪ੍ਰਣਾਲੀ ਦੇ ਵਿਸਥਾਰ, ਸੀਵਰੇਜ ਟਰੀਟਮੈਂਟ ਪਲਾਂਟ (ਐੱਸ.ਟੀ.ਪੀ.) ਅਤੇ ਹੋਰ ਬੁਨਿਆਦੀ ਢਾਂਚੇ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰੋਜੈਕਟ ਜੰਗੀ ਪੱਧਰ 'ਤੇ ਚੱਲ ਰਹੇ ਹਨ।
ਓ.ਐਸ.ਡੀ. ਸੁਖਵੀਰ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਪ੍ਰੋਜੈਕਟ ਦੀ ਨਿਯਮਿਤ ਨਿਗਰਾਨੀ ਯਕੀਨੀ ਬਣਾਈ ਜਾਵੇ ਅਤੇ ਕੰਮਾਂ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ 'ਤੇ ਸਮਝੌਤਾ ਨਾ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਜਲਦ ਤੋਂ ਜਲਦ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ ਅਤੇ ਧੂਰੀ ਹਲਕੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿੱਚ ਵਿਕਾਸ ਦੀ ਰਫ਼ਤਾਰ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ।
ਇਸ ਮੌਕੇ ਮੁੱਖ ਮੰਤਰੀ ਫੀਲਡ ਅਫਸਰ ਅਰਵਿੰਦ ਕੁਮਾਰ, ਲੋਕ ਨਿਰਮਾਣ ਵਿਭਾਗ, ਨਗਰ ਕੌਂਸਲ ਧੂਰੀ, ਮੰਡੀ ਬੋਰਡ, ਜਲ ਸਪਲਾਈ ਅਤੇ ਸੀਵਰੇਜ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।