ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ
ਸਬ-ਡਵੀਜ਼ਨ ਪੱਧਰ 'ਤੇ ਹਰ ਮਹੀਨੇ ਹੋਣਗੀਆਂ ਰੀਵਿਊ ਮੀਟਿੰਗਾਂ, ਵਧਾਏ ਜਾਣਗੇ ਜਾਗਰੂਕਤਾ ਕੈਂਪ
5 Dariya News
ਸ੍ਰੀ ਮੁਕਤਸਰ ਸਾਹਿਬ 23-Jul-2026
ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਮਿਤ ਕੁਮਾਰ ਪੰਚਾਲ ਦੀ ਪ੍ਰਧਾਨਗੀ ਹੇਠ ਅੱਜ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਤੇਜ਼ ਕਰਨ ਲਈ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਅਜੇ ਵੀ ਨਸ਼ਿਆਂ 'ਤੇ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ, ਉਨ੍ਹਾਂ ਪਿੰਡਾਂ ਵਿੱਚ ਵਿਸ਼ੇਸ਼ ਧਿਆਨ ਦਿੰਦਿਆਂ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਵਿਲੇਜ਼ ਡਿਫੈਂਸ ਕਮੇਟੀਆਂ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਮਿਲ ਕੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ।
ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਹਦਾਇਤ ਕੀਤੀ ਕਿ ਜ਼ਿਲ੍ਹੇ ਨਾਲ ਸਬੰਧਤ ਸਾਰੇ ਐਸ.ਡੀ.ਐਮਜ਼, ਡੀ.ਐਸ.ਪੀਜ਼., ਸਿਹਤ ਵਿਭਾਗ ਦੇ ਅਧਿਕਾਰੀ ਅਤੇ ਹਲਕਾ ਕੋਆਰਡੀਨੇਟਰ ਆਪਸੀ ਤਾਲਮੇਲ ਨਾਲ ਹਰ ਮਹੀਨੇ ਸਬ-ਡਵੀਜ਼ਨ ਪੱਧਰ 'ਤੇ ਰੀਵਿਊ ਮੀਟਿੰਗਾਂ ਕਰਨਗੇ ਅਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਗੇ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਥੇੜੀ ਵਿਖੇ ਨਸ਼ਾ ਮੁਕਤੀ ਕੇਂਦਰ ਵਿਚ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬੇ ਦੀ ਬਿਹਤਰ ਸਹੂਲਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ 15 ਅਗਸਤ ਦੇ ਮੌਕੇ 'ਤੇ ਹਰੇਕ ਜ਼ਿਲ੍ਹਾ ਪੱਧਰ ਅਤੇ ਸਬ-ਡਵੀਜ਼ਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਪੰਜ-ਪੰਜ ਵਲੰਟੀਅਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ, ਤਾਂ ਜੋ ਸਮਾਜ ਸੇਵਾ ਲਈ ਹੋਰਨਾਂ ਨੂੰ ਵੀ ਪ੍ਰੇਰਨਾ ਮਿਲ ਸਕੇ।
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਡੀਨੇਟਰ ਮਨਵੀਰ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ 'ਸੂਰਮਾ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਪ੍ਰੋਗਰਾਮ ਤਹਿਤ ਨਸ਼ਾ ਛੱਡ ਚੁੱਕੇ ਵਿਅਕਤੀ ਪਿੰਡਾਂ ਵਿੱਚ ਜਾਣਗੇ, ਜਿੱਥੇ ਉਹ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ ਅਤੇ ਨਸ਼ਾ ਛੱਡ ਕੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਨਗੇ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਤਾਂ ਜੋ ਨਸ਼ਾ ਮੁਕਤ ਸਮਾਜ ਦਾ ਸੁਪਨਾ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਐਸ.ਐਸ.ਪੀ ਅਭਿਮੰਨਿਊ ਰਾਣਾ, ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ, ਐਸਪੀ (ਡੀ) ਮਨਮੀਤ ਸਿੰਘ, ਸਮੂਹ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਤੋਂ ਇਲਾਵਾ ਹਲਕਾ ਕੋਆਰਡੀਨੇਟਰ ਆਦਿ ਹਾਜ਼ਰ ਸਨ।