ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ
ਨਿਯਮਾਂ ਅਨੁਸਾਰ ਸਹੀ ਪਾਏ ਗਏ ਕੇਸਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਲਈ ਕਮੇਟੀ ਵੱਲੋਂ ਪ੍ਰਵਾਨਗੀ
5 Dariya News
ਮਾਨਸਾ 23-Jul-2026
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਵਿੱਚ ਬੇਸਹਾਰਾ ਤੇ ਲਵਾਰਿਸ ਜਾਨਵਰਾਂ ਦੇ ਹਮਲੇ ਜਾਂ ਇਹਨਾਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਵਿੱਤੀ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੰਭੀਰਤਾ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਪ੍ਰਧਾਨਗੀ ਹੇਠ ਪਸ਼ੂਆਂ ਦੇ ਹਮਲੇ ਅਤੇ ਹਾਦਸਿਆਂ ਦੇ ਪੀੜਤਾਂ ਲਈ ਪੰਜਾਬ ਮੁਆਵਜ਼ਾ ਨੀਤੀ-2023 ਤਹਿਤ ਕਾਰਜਸ਼ੀਲ, ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ।
ਜਿਸ ਵਿੱਚ ਪੇਂਡੂ ਖੇਤਰਾਂ ਨਾਲ ਸਬੰਧਿਤ ਬਿਨੈਕਾਰਾਂ ਦੇ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਬ-ਕਮੇਟੀ ਵੱਲੋਂ ਵੱਖ-ਵੱਖ ਮੁਆਵਜ਼ਾ ਕੇਸਾਂ ਦੀ ਜਾਂਚ-ਪੜਤਾਲ ਤੋਂ ਬਾਅਦ ਤਿਆਰ ਕੀਤੀ ਗਈ ਰਿਪੋਰਟ ਨੂੰ ਜ਼ਿਲ੍ਹਾ ਪੱਧਰੀ ਕਮੇਟੀ ਨੇ ਬਾਰੀਕੀ ਨਾਲ ਘੋਖਿਆ।
ਨਿਯਮਾਂ ਅਨੁਸਾਰ ਸਹੀ ਅਤੇ ਯੋਗ ਪਾਏ ਗਏ ਕੇਸਾਂ ਨੂੰ ਮੁਆਵਜ਼ਾ ਰਾਸ਼ੀ ਜਾਰੀ ਕਰਨ ਲਈ ਕਮੇਟੀ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਵਾਨਗੀ ਦਿੱਤੀ ਗਈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਦਾ ਮਕਸਦ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਵਿੱਤੀ ਰਾਹਤ ਪਹੁੰਚਾਉਣਾ ਹੈ।
ਉਨ੍ਹਾਂ ਹਦਾਇਤ ਕੀਤੀ ਕਿ ਜਿਨ੍ਹਾਂ ਕੇਸਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦਸਤਾਵੇਜ਼ੀ ਕਮੀ ਹੈ, ਉਨ੍ਹਾਂ ਬਾਰੇ ਸਬੰਧਤ ਬਿਨੈਕਾਰਾਂ ਨੂੰ ਤੁਰੰਤ ਸੂਚਿਤ ਕਰਕੇ ਲੋੜੀਂਦੇ ਕਾਗਜ਼ਾਤ ਮੁਕੰਮਲ ਕਰਵਾਏ ਜਾਣ। ਇਹ ਕੇਸ ਅਗਲੇ 3 ਦਿਨਾਂ ਦੇ ਅੰਦਰ-ਅੰਦਰ ਮੁੜ ਕਮੇਟੀ ਅੱਗੇ ਪੇਸ਼ ਕੀਤੇ ਜਾਣ ਤਾਂ ਜੋ ਨਿਯਮਾਂ ਅਨੁਸਾਰ ਇਨ੍ਹਾਂ ਦਾ ਅੰਤਿਮ ਨਿਪਟਾਰਾ ਕੀਤਾ ਜਾ ਸਕੇ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਐਸ.ਪੀ. ਸੰਦੀਪ ਸੰਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ ਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।