ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ
ਹਾਦਸਾਗ੍ਰਸਤ ਵਿਅਕਤੀ ਨੂੰ 'ਗੋਲਡਨ ਆਵਰ' ਵਿੱਚ ਹਸਪਤਾਲ ਪਹੁੰਚਾਉਣ ਵਾਲੇ ਮਦਦਗਾਰਾਂ ਦੀ ਹੌਂਸਲਾ ਅਫ਼ਜ਼ਾਈ ਲਈ ਚੱਲ ਰਹੀ ਹੈ ਯੋਜਨਾ
5 Dariya News
ਮਾਨਸਾ 23-Jul-2026
ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਅਤੇ ਹਾਦਸਾਗ੍ਰਸਤ ਪੀੜਤਾਂ ਦੀ ਤੁਰੰਤ ਮਦਦ ਕਰਨ ਵਾਲੇ ਨਾਗਰਿਕਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕੇਂਦਰ ਸਰਕਾਰ ਦੇ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਵੱਲੋਂ 'ਰਾਹਵੀਰ ਯੋਜਨਾ' ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਪੀ.ਐਮ. ਰਾਹਤ ਯੋਜਨਾ ਤਹਿਤ ਜ਼ਖਮੀਆਂ ਨੂੰ ਹਸਪਤਾਲ ਵਿਚ ਡੇਢ ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸੁਵਿਧਾ ਮਿਲਦੀ ਹੈ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਨ੍ਹਾਂ ਯੋਜਨਾ ਨੂੰ ਜ਼ਿਲ੍ਹਾ ਮਾਨਸਾ ਵਿੱਚ ਲਾਗੂ ਕਰਨ ਦੀ ਪ੍ਰਗਤੀ ਬਾਰੇ ਸਮੀਖਿਆ ਮੀਟਿੰਗ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਸੜਕ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਨੂੰ ਸਮੇਂ ਸਿਰ ਹਸਪਤਾਲ ਪਹੁੰਚਾ ਕੇ ਉਸ ਦੀ ਜਾਨ ਬਚਾਉਣ ਵਾਲੇ ਮਦਦਗਾਰ ਨੂੰ ਸਰਕਾਰ ਵੱਲੋਂ 25 ਹਜ਼ਾਰ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਂਦਾ ਹੈ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਸੜਕ ਹਾਦਸੇ ਤੋਂ ਬਾਅਦ ਦਾ ਪਹਿਲਾ ਇੱਕ ਘੰਟਾ (ਜਿਸ ਨੂੰ 'ਗੋਲਡਨ ਆਵਰ' ਕਿਹਾ ਜਾਂਦਾ ਹੈ) ਕਿਸੇ ਵੀ ਜ਼ਖ਼ਮੀ ਦੀ ਜਾਨ ਬਚਾਉਣ ਲਈ ਸਭ ਤੋਂ ਸੁਚੱਜਾ ਅਤੇ ਮਹੱਤਵਪੂਰਨ ਸਮਾਂ ਹੁੰਦਾ ਹੈ। ਇਸ ਸਮੇਂ ਦੌਰਾਨ ਜੇਕਰ ਕੋਈ ਨਾਗਰਿਕ ਬਿਨਾਂ ਆਪਣੀ ਪਰਵਾਹ ਕੀਤੇ ਪੀੜਤ ਨੂੰ ਨਜ਼ਦੀਕੀ ਹਸਪਤਾਲ ਪਹੁੰਚਾਉਂਦਾ ਹੈ, ਤਾਂ ਉਸ ਨੂੰ 25,000 ਰੁਪਏ ਦੀ ਨਕਦ ਇਨਾਮੀ ਰਾਸ਼ੀ ਅਤੇ ਵਿਸ਼ੇਸ਼ ਪ੍ਰਸ਼ੰਸਾ ਪੱਤਰ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਕੋਈ ਵੀ ਮਦਦਗਾਰ ਵਿਅਕਤੀ ਇੱਕ ਸਾਲ ਵਿੱਚ ਵੱਧ ਤੋਂ ਵੱਧ 5 ਵਾਰ ਇਸ ਯੋਜਨਾ ਤਹਿਤ ਇਨਾਮ ਪ੍ਰਾਪਤ ਕਰਨ ਦਾ ਹੱਕਦਾਰ ਹੋ ਸਕਦਾ ਹੈ। ਆਮ ਲੋਕਾਂ ਵਿੱਚ ਪੁਲਿਸ ਜਾਂ ਕਾਨੂੰਨੀ ਕਾਰਵਾਈ ਦੇ ਡਰ ਨੂੰ ਦੂਰ ਕਰਦਿਆਂ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਪੱਸ਼ਟ ਕੀਤਾ ਕਿ ਮਦਦਗਾਰ ਵਿਅਕਤੀ ਨੂੰ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਖੱਜਲ-ਖੁਆਰ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਮਦਦਗਾਰ ਆਪਣੀ ਮਰਜ਼ੀ ਅਨੁਸਾਰ ਆਪਣਾ ਨਾਮ ਜਾਂ ਪਤਾ ਗੁਪਤ ਰੱਖ ਸਕਦਾ ਹੈ, ਅਤੇ ਉਸ ਉੱਪਰ ਇਲਾਜ ਦਾ ਖਰਚਾ ਦੇਣ ਜਾਂ ਅਦਾਲਤ ਵਿੱਚ ਗਵਾਹੀ ਦੇਣ ਲਈ ਕੋਈ ਦਬਾਅ ਨਹੀਂ ਪਾਇਆ ਜਾਵੇਗਾ। ਯੋਜਨਾ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਉਣ ਤੋਂ ਬਾਅਦ ਹਸਪਤਾਲ ਦਾ ਡਾਕਟਰ ਪੁਲਿਸ ਨੂੰ ਸੂਚਿਤ ਕਰ ਕੇ ਮਦਦਗਾਰ ਦੀ ਭੂਮਿਕਾ ਦੀ ਪੁਸ਼ਟੀ ਕਰਦਾ ਹੈ।
ਇਸ ਤੋਂ ਬਾਅਦ ਪੁਲਿਸ ਰਿਪੋਰਟ ਅਤੇ ਹਸਪਤਾਲ ਦੀ ਵੈਰੀਫਿਕੇਸ਼ਨ ਦੇ ਆਧਾਰ 'ਤੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਵੱਲੋਂ ਬਣਦੀ ਇਨਾਮੀ ਰਾਸ਼ੀ ਸਿੱਧੀ ਮਦਦਗਾਰ ਦੇ ਬੈਂਕ ਖਾਤੇ ਵਿੱਚ ਭੇਜੀ ਜਾਂਦੀ ਹੈ। ਡੀਸੀ ਨੇ ਪੀ.ਐਮ. ਰਾਹਤ ਸਕੀਮ ਬਾਰੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਹਸਪਤਾਲ ਪ੍ਰਸ਼ਾਸਨ ਵੱਲੋਂ 24 ਤੋਂ 48 ਘੰਟਿਆਂ ਦੇ ਅੰਦਰ ਪੁਲਿਸ ਨੂੰ ਸੂਚਿਤ ਕਰ ਕੇ ਆਨਲਾਈਨ ਵੈਰੀਫਿਕੇਸ਼ਨ, ਈ-ਡਾਰ ਪੋਰਟਲ ਰਾਹੀਂ ਕਰਵਾਉਣਾ ਲਾਜ਼ਮੀ ਹੁੰਦਾ ਹੈ।
ਉਨ੍ਹਾਂ ਦੱਸਿਆ ਕਿ ਇਹ ਯੋਜਨਾ, ਹਾਦਸੇ ਦੇ ਤੁਰੰਤ ਬਾਅਦ 1.5 ਲੱਖ ਰੁਪਏ ਤੱਕ ਦਾ ਮੁਫ਼ਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੜਕ ਹਾਦਸਿਆਂ ਸਮੇਂ ਨਿਗਰਾਨ ਬਣ ਕੇ ਖੜ੍ਹੇ ਰਹਿਣ ਦੀ ਬਜਾਏ ਅੱਗੇ ਆ ਕੇ ਪੀੜਤਾਂ ਦੀ ਮਦਦ ਕਰਨ ਅਤੇ 'ਰਾਹਵੀਰ' ਬਣ ਕੇ ਮਾਨਵਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਉਣ।
ਮੀਟਿੰਗ ਦੌਰਾਨ ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ, ਏਡੀਟੀਓ ਅੰਕੁਸ਼ ਗੋਇਲ, ਡੀਐਸਪੀ ਕਮਲਜੀਤ ਸਿੰਘ, ਟਰੈਫਿਕ ਵਿਭਾਗ ਤੋਂ ਸੁਰੇਸ਼ ਕੁਮਾਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਮਯੰਕ ਗੋਇਲ, ਜ਼ਿਲ੍ਹਾ ਸਿੱਖਿਆ ਅਫਸਰ ਨੀਲਮ ਰਾਣੀ ਤੇ ਮੰਜੂ ਬਾਲਾ ਸਮੇਤ ਹੋਰ ਅਧਿਕਾਰੀ ਹਾਜ਼ਰ ਸਨ।