5 Dariya News

ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ

ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਭਾਗੀਦਾਰੀ ਸਭ ਤੋਂ ਵੱਡੀ ਤਾਕਤ : ਸੰਧਵਾਂ

5 Dariya News

ਕੋਟਕਪੂਰਾ 23-Jul-2026

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਸ.ਡੀ.ਐਮ. ਦਫ਼ਤਰ ਕੋਟਕਪੂਰਾ ਵਿਖੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜੀ ਜਾ ਰਹੀ ਇਹ ਜੰਗ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਹਰ ਨਾਗਰਿਕ ਨੂੰ ਇਸ ਮੁਹਿੰਮ ਦਾ ਹਿੱਸਾ ਬਣਨਾ ਚਾਹੀਦਾ ਹੈ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਿਆਂ ਦੀ ਸਮੱਸਿਆ ਨੂੰ ਜੜ੍ਹੋਂ ਖਤਮ ਕਰਨ ਲਈ ਇੱਕੋ ਸਮੇਂ ਕਾਨੂੰਨੀ ਕਾਰਵਾਈ, ਜਾਗਰੂਕਤਾ ਅਤੇ ਨਸ਼ਾ ਛੁਡਾਊ ਇਲਾਜ ਵਰਗੇ ਕਈ ਪੱਖਾਂ ਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋਏ ਨੌਜਵਾਨਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਵੀ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ, ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਸਿਹਤ ਸੇਵਾਵਾਂ ਨਾਲ ਜੋੜਨ ਅਤੇ ਸਮਾਜ ਵਿੱਚ ਨਸ਼ਾ ਮੁਕਤ ਮਾਹੌਲ ਸਿਰਜਣ ਲਈ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅੱਜ ਜਾਰੀ ਕੀਤੇ ਗਏ ਸ਼ਨਾਖਤੀ ਕਾਰਡ ਕੋਆਰਡੀਨੇਟਰਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਹੋਰ ਪ੍ਰਭਾਵਸ਼ਾਲੀ ਅਤੇ ਸੁਚਾਰੂ ਢੰਗ ਨਾਲ ਨਿਭਾਉਣ ਵਿੱਚ ਸਹਾਇਕ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਪਰਿਵਾਰਾਂ, ਸਮਾਜਿਕ ਸੰਸਥਾਵਾਂ, ਧਾਰਮਿਕ ਸੰਸਥਾਵਾਂ ਅਤੇ ਪ੍ਰਸ਼ਾਸਨ ਦੇ ਆਪਸੀ ਸਹਿਯੋਗ ਨਾਲ ਹੀ ਨਸ਼ਾ ਮੁਕਤ ਪੰਜਾਬ ਦਾ ਸੁਪਨਾ ਸਾਕਾਰ ਹੋ ਸਕਦਾ ਹੈ। ਇਸ ਮੌਕੇ ਉਹਨਾਂ ਹਲਕੇ ਦੇ ਪਿੰਡਾਂ ਦੀਆ ਸਮੱਸਿਆ ਬਾਰੇ ਵੀ ਵਿਚਾਰ ਚਰਚਾ ਕੀਤੀ।

ਇਸ ਮੌਕੇ ਐੱਸ.ਡੀ.ਐੱਮ. ਕੋਟਕਪੂਰਾ ਸ੍ਰੀ ਰਜਿੰਦਰ ਸਿੰਘ, ਤਹਿਸੀਲਦਾਰ ਸ੍ਰੀ ਪਰਮਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰੀ ਗੁਰਚਰਨ ਸਿੰਘ, ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਕੋਆਰਡੀਨੇਟਰ ਸ੍ਰੀ ਸੁਖਦੀਪ ਸਿੰਘ ਗਿੱਲ ਅਤੇ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਪ੍ਰੋ. ਗੁਰਸੇਵਕ ਸਿੰਘ ,ਜਗਦੇਵ ਸਿੰਘ, ਸ਼ਰਨਜੀਤ ਸਿੰਘ, ਪ੍ਰਣਾਮ ਸਿੰਘ, ਰਵਿੰਦਰ ਸਿੰਘ, ਸਰਬਜੀਤ ਸਿੰਘ, ਸੰਨੀ ਕੁਮਾਰ, ਅਭੈਜੀਤ ਸਿੰਘ ਢਿੱਲੋਂ, ਜਗਦੀਪ ਸਿੰਘ, ਸੋਮਾ ਸਿੰਘ, ਆਕਾਸ਼ਦੀਪ ਸਿੰਘ, ਜਸਪ੍ਰੀਤ ਕੌਰ, ਚਮਕੌਰ ਸਿੰਘ, ਜਗਤਾਰ ਸਿੰਘ ਅਤੇ ਮਨਜੀਤ ਸਿੰਘ ਤੋਂ ਇਲਾਵਾ ਹੋਰ ਹਾਜ਼ਰ ਸਨ।