5 Dariya News

ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਵਿਧਾਇਕ ਰੁਪਿੰਦਰ ਸਿੰਘ ਹੈਪੀ

ਵਿਧਾਇਕ ਹੈਪੀ ਨੇ ਪਿੰਡ ਬਹੇੜ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

5 Dariya News

ਬਸੀ ਪਠਾਣਾ 24-Jul-2026

ਹਲਕਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਪਿੰਡ ਬਹੇੜ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਇਲਾਕਾ ਨਿਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨ ਨਾਲ ਸੁਣਿਆ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕਾਂ ਵੱਲੋਂ ਉਠਾਏ ਗਏ ਮਾਮਲਿਆਂ ਦਾ ਤੁਰੰਤ ਅਤੇ ਸਮਾਂਬੱਧ ਨਿਪਟਾਰਾ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ।

ਵਿਧਾਇਕ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਉਦੇਸ਼ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਸਿੱਧਾ ਸੰਪਰਕ ਕਾਇਮ ਹੋ ਰਿਹਾ ਹੈ, ਜਿਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਤੇਜ਼ੀ ਨਾਲ ਸੰਭਵ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਹਲਕਾ ਬਸੀ ਪਠਾਣਾ ਦੇ ਹਰ ਪਿੰਡ ਅਤੇ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪਿੰਡਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਸਾਫ਼ ਪਾਣੀ, ਸੀਵਰੇਜ, ਸਟਰੀਟ ਲਾਈਟਾਂ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ ਲਈ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।

ਵਿਧਾਇਕ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹਲਕੇ ਨੂੰ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ 'ਤੇ ਹੋਰ ਅੱਗੇ ਲਿਜਾਇਆ ਜਾਵੇਗਾ। ਇਸ ਮੌਕੇ ਜਸਵਿੰਦਰ ਕੌਰ ਸਰਪੰਚ, ਯਾਦਵਿੰਦਰ ਸਿੰਘ ਮੈਂਬਰ ਬਲਾਕ ਸੰਮਤੀ, ਮਨਦੀਪ ਸਿੰਘ ਯੂਥ ਕਲੱਬ ਪ੍ਰਧਾਨ, ਸਮੂਹ ਪੰਚ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।