5 Dariya News

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਗਤੀ ਦਾ ਜਾਇਜ਼ਾ

ਬੁਢਲਾਡਾ ਹਲਕੇ ਦੇ 100 ਫੀਸਦੀ ਗਣਨਾ ਫਾਰਮ ਡਿਜੀਟਾਈਜ਼ ਹੋਣ 'ਤੇ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ ਗੁਰਮੀਤ ਕੁਮਾਰ ਦੀ ਸ਼ਲਾਘਾ

5 Dariya News

ਮਾਨਸਾ 24-Jul-2026

ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇਸ ਸਮੀਖਿਆ ਬੈਠਕ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਇਲੈਕਟੋਰਲ ਰਜਿਸਟਰੇਸ਼ਨ ਅਫ਼ਸਰ ਬੁਢਲਾਡਾ ਦੀ ਸ਼ਾਨਦਾਰ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ  ਦਸਿਆ ਕਿ ਬੁਢਲਾਡਾ ਹਲਕੇ ਵਿੱਚ ਸੌ ਫੀਸਦੀ ਗਣਨਾ ਫਾਰਮ ਡਿਜੀਟਾਈਜ਼ ਕਰਨ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ। 

ਉਨ੍ਹਾਂ ਨੇ ਦੱਸਿਆ ਕਿ ਮਾਨਸਾ ਅਤੇ ਸਰਦੂਲਗੜ ਦੇ ਗਣਨਾ ਫਾਰਮ ਵੀ ਅਗਲੇ ਦੋ ਦਿਨਾਂ ਵਿੱਚ ਸੌ ਫੀਸਦੀ ਡਿਜੀਟਾਈਜ਼ ਕਰ ਲਏ ਜਾਣਗੇ ।ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਅੰਤਿਮ ਤਰੀਕ 3 ਅਗਸਤ ਹੈ, ਪਰ ਜ਼ਿਲ੍ਹੇ ਦੇ ਮਿਹਨਤੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਦ੍ਰਿੜਤਾ ਸਦਕਾ ਇਸ ਕਾਰਜ ਨੂੰ ਜਲਦੀ ਹੀ ਨੇਪਰੇ ਚਾੜ੍ਹੇ ਜਾਣ ਦੀ ਪੂਰੀ ਸੰਭਾਵਨਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ 13 ਅਗਸਤ ਨੂੰ ਹੋਵੇਗੀ। ਇਸ ਉਪਰੰਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 13 ਅਗਸਤ ਤੋਂ 12 ਸਤੰਬਰ ਤੱਕ ਨਿਰਧਾਰਿਤ ਕੀਤਾ ਗਿਆ ਹੈ, ਜਦਕਿ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਅਤੇ ਨੋਟਿਸ ਜਾਰੀ ਕਰਨ ਦਾ ਸੋਧਿਆ ਹੋਇਆ ਸਮਾਂ 13 ਅਗਸਤ ਤੋਂ 8 ਅਕਤੂਬਰ ਤੱਕ ਰਹੇਗਾ। ਇਹ ਸਾਰੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕਰਵਾਈ ਜਾਵੇਗੀ।

ਇਸ ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਸੂਚੀ ਵਿੱਚ ਗੈਰ ਹਾਜ਼ਰ, ਮ੍ਰਿਤਕ, ਤਬਦੀਲ ਹੋ ਚੁੱਕੇ ਅਤੇ ਡੂਪਲੀਕੇਟ ਜਾਂ ਹਟਾਏ ਗਏ ਵੋਟਰਾਂ ਵਜੋਂ ਦਰਜ ਵਿਅਕਤੀਆਂ ਦੀ ਮੁੜ ਸਮੀਖਿਆ ਕਰਨ ਦੀ ਹਦਾਇਤ ਕੀਤੀ ਤਾਂ ਜੋ ਵੋਟਰ ਸੂਚੀ ਵਿੱਚ ਕੋਈ ਵੀ ਗਲਤ ਵੇਰਵਾ ਦਰਜ ਨਾ ਹੋ ਸਕੇ।ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਪੂਨਮ ਸਿੰਘ, ਈ.ਆਰ.ਓ ਮਾਨਸਾ ਬਲਜੀਤ ਕੌਰ, ਈ.ਆਰ.ਓ ਬੁਢਲਾਡਾ ਗੁਰਮੀਤ ਕੁਮਾਰ, ਈ.ਆਰ.ਓ ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਤਹਿਸੀਲਦਾਰ ਚੋਣਾਂ ਭੂਸ਼ਣ ਕੁਮਾਰ ਵੀ ਹਾਜ਼ਰ ਸਨ।