5 Dariya News

ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਵਪਾਰੀਆਂ ਦੀਆਂ ਸ਼ਿਕਾਇਤਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼

ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਈ

5 Dariya News

ਤਰਨ ਤਾਰਨ 24-Jul-2026

ਡਿਪਟੀ ਕਮਿਸ਼ਨਰ ਰਾਹੁਲ ਨੇ ਅੱਜ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਆਨਲਾਈਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਰਾਹੁਲ ਨੇ ਕਿਹਾ ਕਿ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਉਪਰਾਲਾ ਕਰਨ ਲਈ ਯਤਨਸ਼ੀਲ ਹੈ।ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਦੇ ਪੋਰਟਲ 'ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਯੋਗ ਹੱਲ ਲਈ ਲਗਾਤਾਰ ਹਰ ਹਫ਼ਤੇ ਮੀਟਿੰਗਾਂ ਵੀ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਵਪਾਰੀਆਂ/ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸਮਾਂਬੱਧ ਢੰਗ ਨਾਲ ਹੱਲ ਕੀਤੀਆਂ ਜਾ ਸਕਣ।

ਉਨ੍ਹਾਂ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਉਹ ਬਿਹਤਰ ਆਪਸੀ ਤਾਲਮੇਲ ਨਾਲ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਉਣ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਪਾਰੀਆਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦੇ ਨਿਬੇੜੇ ਲਈ ਵਿਅਕਤੀਗਤ ਤਵਜੋਂ ਦਿੱਤੀ ਜਾਵੇ। ਇਸ ਤੋਂ ਇਲਾਵਾ ਪ੍ਰਗਤੀ ਦੀ ਹਰ ਹਫ਼ਤੇ ਸਮੀਖਿਆ ਕਰਨ ਲਈ ਕਿਹਾ, ਤਾਂ ਜੋ ਲੰਬਿਤ ਮਸਲਿਆਂ ਨੂੰ ਤੁਰੰਤ ਨਿਪਟਾਇਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ, ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਮੈਂਬਰ ਆਸ਼ੂਤੋਸ਼ ਦੱਤ, ਐਸ.ਡੀ.ਐਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐਸ.ਪੀ. ਸੁਖਨਿੰਦਰ ਸਿੰਘ, ਮਾਝਾ ਜੋਨ ਇੰਚਾਰਜ ਸ਼ੀਤਲ ਜੁਨੇਜਾ, ਜ਼ਿਲ੍ਹਾ ਚੇਅਰਮੈਨ ਹਰਮਨਦੀਪ ਸਿੰਘ ਮੈਣੀ, ਹਲਕਾ ਇੰਚਾਰਜ ਤਰਨ ਤਾਰਨ ਦਿਲਬਾਗ ਸਿੰਘ ਬਾਠ, ਹਲਕਾ ਇੰਚਾਰਜ ਖਡੂਰ ਸਾਹਿਬ ਗੌਰਵ ਰਾਮਪਾਲ, ਹਲਕਾ ਇੰਚਾਰਜ ਖੇਮਕਰਨ ਮਦਨ ਮੋਹਨ ਮੋਂਗਾ, ਹਲਕਾ ਇੰਚਾਰਜ ਪੱਟੀ ਰਮਨ ਸਹਿਗਲ ਤੇ ਪਰਵੇਲ ਸਿੰਘ ਤੋਂ ਇਲਾਵਾ ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਤੇ ਵਪਾਰਕ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।