5 Dariya News

ਲਾਲੜੂ ਨਗਰ ਕੌਂਸਲ ਦੇ ਨਵੇਂ ਅਹੁਦੇਦਾਰਾਂ ਨੇ ਸੰਭਾਲੇ ਅਹੁਦੇ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਦੇ ਵਿਕਾਸ ਲਈ 47.54 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸੀਵਰੇਜ ਪ੍ਰੋਜੈਕਟ ਦਾ ਐਲਾਨ

5 Dariya News

ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) 24-Jul-2026

ਲਾਲੜੂ ਨਗਰ ਕੌਂਸਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਅਤੇ ਜ਼ਿਲ੍ਹਾ ਪ੍ਰਧਾਨ ਸ੍ਰੀਮਤੀ ਪ੍ਰਭਜੋਤ ਕੌਰ ਦੀ ਮੌਜੂਦਗੀ ਵਿੱਚ ਨਗਰ ਕੌਂਸਲ ਦੇ ਨਵ-ਨਿਯੁਕਤ ਅਹੁਦੇਦਾਰਾਂ ਨੇ ਆਪਣੇ ਅਹੁਦੇ ਸੰਭਾਲੇ। ਇਸ ਮੌਕੇ ਸ੍ਰੀ ਜੋਰਾਵਰ ਸਿੰਘ ਨੇ ਨਗਰ ਕੌਂਸਲ ਦੇ ਪ੍ਰਧਾਨ, ਸ. ਹਰੀਸ਼ ਮਦਾਨ ਨੇ ਸੀਨੀਅਰ ਵਾਈਸ ਪ੍ਰਧਾਨ ਅਤੇ ਸ. ਅਮਨ ਰਾਣਾ ਨੇ ਵਾਈਸ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ 47.54 ਕਰੋੜ ਰੁਪਏ ਦੀ ਲਾਗਤ ਨਾਲ ਨਵੇਂ ਸੀਵਰੇਜ ਪ੍ਰੋਜੈਕਟ ਦਾ ਐਲਾਨ ਕੀਤਾ। ਇਸ ਪ੍ਰੋਜੈਕਟ ਤਹਿਤ ਲਾਲੜੂ ਅਤੇ ਆਸ-ਪਾਸ ਦੇ ਵੱਖ-ਵੱਖ ਖੇਤਰਾਂ ਵਿੱਚ ਸੀਵਰੇਜ ਨੈੱਟਵਰਕ ਦਾ ਵਿਸਥਾਰ ਕਰਨ ਦੇ ਨਾਲ-ਨਾਲ ਤਿੰਨ ਨਵੇਂ ਸੀਵਰੇਜ ਟਰੀਟਮੈਂਟ ਪਲਾਂਟ (STPs) ਸਥਾਪਤ ਕੀਤੇ ਜਾਣਗੇ।

ਪ੍ਰੋਜੈਕਟ ਤਹਿਤ ਲੈਹਲੀ, ਹਸਨਪੁਰ ਅਤੇ ਜਲਾਲਪੁਰ ਸਮੇਤ ਮਗਰਾ, ਡਹਿਰ ਅਤੇ ਆਲਮਗੀਰ ਖੇਤਰਾਂ ਨੂੰ ਕਵਰ ਕਰਦਿਆਂ ਮਗਰਾ ਵਿਖੇ 3 ਐਮ.ਐਲ.ਡੀ. ਸਮਰੱਥਾ ਵਾਲਾ ਸੀਵਰੇਜ ਟਰੀਟਮੈਂਟ ਪਲਾਂਟ ਸਥਾਪਤ ਕੀਤਾ ਜਾਵੇਗਾ। ਇਸੇ ਤਰ੍ਹਾਂ ਲਾਲੜੂ ਮੰਡੀ ਤੋਂ ਵੇਰਕਾ ਤੱਕ ਸੀਵਰੇਜ ਨੈੱਟਵਰਕ ਵਿਛਾਇਆ ਜਾਵੇਗਾ ਅਤੇ ਵੇਰਕਾ ਵਿਖੇ 3.5 ਐਮ.ਐਲ.ਡੀ. ਸਮਰੱਥਾ ਵਾਲਾ ਐਸ.ਟੀ.ਪੀ. ਸਥਾਪਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੱਪਰ ਵਿਖੇ 1 ਐਮ.ਐਲ.ਡੀ. ਸਮਰੱਥਾ ਵਾਲਾ ਨਵਾਂ ਐਸ.ਟੀ.ਪੀ. ਵੀ ਸਥਾਪਤ ਕੀਤਾ ਜਾਵੇਗਾ।

ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਲਾਲੜੂ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਇਹ ਇੱਕ ਇਤਿਹਾਸਕ ਕਦਮ ਹੈ। ਉਨ੍ਹਾਂ ਕਿਹਾ ਕਿ ਨਵੇਂ ਸੀਵਰੇਜ ਪ੍ਰੋਜੈਕਟ ਨਾਲ ਖੇਤਰ ਵਿੱਚ ਸੀਵਰੇਜ ਪ੍ਰਬੰਧਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਲੰਬੇ ਸਮੇਂ ਤੋਂ ਦਰਪੇਸ਼ ਸਮੱਸਿਆਵਾਂ ਦਾ ਸਥਾਈ ਹੱਲ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਬਿਹਤਰ ਜੀਵਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਨਗਰ ਕੌਂਸਲ ਦੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਅਤੇ ਲਾਲੜੂ ਦੇ ਵਿਕਾਸ ਨੂੰ ਹੋਰ ਤੇਜ਼ ਕਰਨ ਲਈ ਮਿਲਜੁਲ ਕੇ ਕੰਮ ਕਰਨ ਦਾ ਸੱਦਾ ਦਿੱਤਾ।