5 Dariya News

ਸਫ਼ਾਈ ਕਰਮਚਾਰੀਆਂ ਨਾਲ ਦੁਰਵਿਵਹਾਰ ਬਰਦਾਸ਼ਤ ਨਹੀਂ : ਚੇਅਰਮੈਨ ਚੰਦਨ ਕੁਮਾਰ ਗਰੇਵਾਲ

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਨੇ ਸਿਵਲ ਹਸਪਤਾਲ ਬਰਨਾਲਾ ਪੁੱਜ ਕੇ ਪੀੜਤਾਂ ਦਾ ਹਾਲ ਜਾਣਿਆ

5 Dariya News

ਬਰਨਾਲਾ 25-Jul-2026

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਕੁਮਾਰ ਗਰੇਵਾਲ ਅੱਜ ਇਥੇ ਸਿਵਲ ਹਸਪਤਾਲ ਬਰਨਾਲਾ ਪੁੱਜੇ ਅਤੇ ਹਸਪਤਾਲ ਵਿਚ ਦਾਖ਼ਲ ਸਫ਼ਾਈ ਕਰਮਚਾਰੀਆਂ ਦਾ ਹਾਲ ਜਾਣਿਆ। ਇਸ ਮਗਰੋਂ ਮੀਡੀਆ ਨਾਲ ਗੱਲ ਕਰਦੇ ਹੋਏ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਚੰਦਨ ਕੁਮਾਰ ਗਰੇਵਾਲ ਨੇ ਕਿਹਾ ਕਿ ਪਿਛਲੀ ਦਿਨੀਂ ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਨਿੰਦਣਯੋਗ ਹੈ ਅਤੇ ਇਹ ਬੇਹੱਦ ਸੰਵੇਦਨਸ਼ੀਲ ਮੁੱਦਾ ਹੈ।

ਓਹਨਾਂ ਕਿਹਾ ਮਹਿਲਾਵਾਂ ਉੱਪਰ ਵੀ ਤਸ਼ੱਦਦ ਹੋਇਆ ਹੈ ਜਿਸ ਨੂੰ ਬਿਆਨ ਨਹੀਂ ਕੀਤਾ ਜਾ ਸਕਦਾ। ਓਹਨਾਂ ਕਿਹਾ ਕਿ ਅੱਜ ਸਿਵਲ ਹਸਪਤਾਲ ਪੁੱਜ ਕੇ ਪੀੜਤਾਂ ਦਾ ਹਾਲ ਜਾਣਿਆ ਅਤੇ ਓਹਨਾਂ ਦਾ ਦੁੱਖ ਵੰਡਾਇਆ ਹੈ। ਓਹਨਾਂ ਕਿਹਾ ਕਿ ਕੱਲ ਪੰਜਾਬ ਸਰਕਾਰ ਵਲੋਂ ਸਫ਼ਾਈ ਸੇਵਕਾਂ ਉੱਤੇ ਲਾਠੀਚਾਰਜ ਕਰਨ ਦੇ ਮਾਮਲੇ ਵਿਚ ਡੀ ਐੱਸ ਪੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਐਸਐਚਓ ਨੂੰ ਪੁਲੀਸ ਲਾਈਨ ਤਬਦੀਲ ਕਰ ਦਿੱਤਾ ਗਿਆ ਹੈ।

ਚੇਅਰਮੈਨ ਚੰਦਨ ਗਰੇਵਾਲ ਨੇ ਕਿਹਾ ਕਿ ਬਰਨਾਲਾ ਵਿੱਚ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਅਤੇ ਸਫਾਈ ਕਰਮਚਾਰੀਆਂ ਨਾਲ ਅਨਿਆਂ ਜਾਂ ਮਾੜਾ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਓਹਨਾਂ ਕਿਹਾ ਕਿ ਓਹਨਾਂ ਨੇ ਪ੍ਰਸ਼ਾਸਨ ਤੋਂ ਮਾਮਲੇ ਦੀ ਪੂਰੀ ਰਿਪੋਰਟ ਮੰਗੀ ਹੈ ਅਤੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਇਸ ਮਾਮਲੇ ਨੂੰ ਪੂਰੀ ਸੰਵੇਦਨਸ਼ੀਲਤਾ ਨਾਲ ਵਿਚਾਰਦੇ ਹੋਏ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।

ਓਹਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨਾਲ ਜ਼ਿਆਦਤੀ ਅਤੇ ਅਨਿਆਂ ਬਰਦਾਸ਼ਤ ਨਹੀਂ, ਓਹਨਾਂ ਕਿਹਾ ਕਿ ਕਮਿਸ਼ਨ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਵਚਨਬੱਧ ਹੈ। ਇਸ ਮੌਕੇ ਵਿਜੈ ਦਾਨਵ ਚੇਅਰਮੈਨ ਦਲਿਤ ਵਿਕਾਸ ਬੋਰਡ ਪੰਜਾਬ, ਸਰਬਜੀਤ ਸਿੰਘ ਰੌਕੀ ਵਾਲਮੀਕਿ ਸ਼ਕਤੀ ਸੰਗਠਨ ਪੰਜਾਬ ਅਤੇ ਹੋਰ ਆਗੂ ਮੌਜੂਦ ਸਨ।