5 Dariya News

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸ਼ਾਮਚੁਰਾਸੀ ਹਲਕੇ ਵਿੱਚ ਰਿਕਾਰਡ ਵਿਕਾਸ ਕਾਰਜ ਹੋਏ: ਡਾ. ਰਵਜੋਤ ਸਿੰਘ

ਪਿੰਡ ਬਾਗਪੁਰ ਵਿੱਚ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦਾ ਦਿੱਤਾ ਭਰੋਸਾ

5 Dariya News

ਹੁਸ਼ਿਆਰਪੁਰ 26-Jul-2026

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਪਿੰਡ ਬਾਗਪੁਰ ਵਿਖੇ ਕਰਵਾਈ ਗਈ ਲੋਕ ਮਿਲਣੀ ਦੌਰਾਨ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਉਨ੍ਹਾਂ ਦੇ ਜਲਦ ਹੱਲ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾਂ 'ਤੇ ਪੂਰੀ ਤਰ੍ਹਾਂ ਖਰੀ ਉਤਰ ਰਹੀ ਹੈ ਅਤੇ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।

ਡਾ. ਰਵਜੋਤ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਸ਼ਾਮਚੁਰਾਸੀ ਹਲਕੇ ਦੇ ਵਿਕਾਸ ਲਈ ਖੁੱਲ੍ਹੇ ਦਿਲ ਨਾਲ ਫੰਡ ਜਾਰੀ ਕੀਤੇ ਜਾ ਰਹੇ ਹਨ, ਜਿਸ ਕਾਰਨ ਪਿੰਡਾਂ ਵਿੱਚ ਸੜਕਾਂ, ਪੀਣ ਵਾਲੇ ਪਾਣੀ, ਸਿੰਚਾਈ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਐਲਾਨ ਕਰਨ ਤੱਕ ਸੀਮਿਤ ਨਹੀਂ, ਸਗੋਂ ਹਰ ਯੋਜਨਾ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨਾ ਹੈ।

ਉਨ੍ਹਾਂ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮਾਂ ਰਾਹੀਂ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਹੋ ਰਿਹਾ ਹੈ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਦਾ ਸੰਤੁਲਿਤ ਵਿਕਾਸ ਯਕੀਨੀ ਬਣਾਇਆ ਜਾਵੇਗਾ ਅਤੇ ਕਿਸੇ ਵੀ ਪਿੰਡ ਨਾਲ ਵਿਤਕਰਾ ਨਹੀਂ ਕੀਤਾ ਜਾਵੇਗਾ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸ਼ਾਮਚੁਰਾਸੀ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਬਿਨਾਂ ਕਿਸੇ ਝਿਜਕ ਦੇ ਸਰਕਾਰ ਤੱਕ ਪਹੁੰਚਾਉਣ, ਤਾਂ ਜੋ ਵਿਕਾਸ ਦੀ ਰਫ਼ਤਾਰ ਹੋਰ ਤੇਜ਼ ਕੀਤੀ ਜਾ ਸਕੇ।ਇਸ ਮੌਕੇ ਪਿੰਡ ਦੀ ਸਰਪੰਚ ਗੁਰਪ੍ਰੀਤ ਕੌਰ, ਜ਼ਿਲ੍ਹਾ ਪਰਿਸ਼ਦ ਮੈਂਬਰ ਇੰਦਰਜੀਤ ਕੌਰ, ਸਰਦਾਰ ਹਰਦੇਵ ਸਿੰਘ ਕੌਂਸਲ, ਮਨੀਸ਼ ਸੈਣੀ, ਮਲਕੀਤ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ, ਕੁਲਦੀਪ ਭਾਗਪੁਰੀ, ਗੁਰਮੁਖ ਸਿੰਘ, ਹਰਪ੍ਰੀਤ ਸਿੰਘ, ਡਾ. ਸੰਦੀਪ ਅਤੇ ਸੁਖਵਿੰਦਰ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਹਾਜ਼ਰੀਨ ਨੇ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕਰਦਿਆਂ ਪਿੰਡ ਦੇ ਵਿਕਾਸ ਕਾਰਜਾਂ ਲਈ ਧੰਨਵਾਦ ਪ੍ਰਗਟ ਕੀਤਾ।