5 Dariya News

ਜਨਮੇਜਾ ਸਿੰਘ ਸੇਖੋਂ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਮੌਕੇ ਸੈਨਿਕਾਂ ਲਈ ਦਿਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ

5 ਦਰਿਆ ਨਿਊਜ਼

ਚੰਡੀਗੜ੍ਹ 05-Dec-2014

ਰੱਖਿਆ ਸੇਵਾਵਾਂ ਭਲਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਅੱਜ ਹਥਿਆਰਬੰਦ ਸੈਨਾਵਾਂ ਦੇ ਝੰਡਾ ਦਿਵਸ ਮੌਕੇ ਪੰਜਾਬਵਾਸੀਆਂ ਨੂੰ ਸੈਨਿਕਾਂ ਦੀ ਭਲਾਈ ਲਈ ਦਿਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ ਕੀਤੀ ਹੈ।ਇੱਥੇ ਕਰਵਾਏ ਇਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸੇਖੋਂ ਨੇ ਕਿਹਾ ਕਿ ਪੰਜਾਬ ਦੇਸ਼ ਦਾ ਸੁਰੱਖਿਆ ਕਵਚ ਹੈ ਅਤੇ ਪੰਜਾਬੀ ਸੂਰਮਿਆਂ ਨੇ 1962, 1971 ਅਤੇ ਕਾਰਗਿਲ ਦੀਆਂ ਜੰਗਾਂ ਜਿੱਤਣ ਵਿਚ ਅਹਿਮ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਜਾਨ ਦੀ ਪਰਵਾਹ ਨਾ ਕਰਨ ਵਾਲੇ ਅਤੇ ਦਿਨ-ਰਾਤ ਸਰਹੱਦਾਂ ਦੀ ਸੁਰੱਖਿਆ ਕਰਨ ਵਾਲੇ ਜਵਾਨਾਂ ਦੀ ਭਲਾਈ ਲਈ ਸਾਡੇ ਵੀ ਫਰਜ਼ ਬਣਦੇ ਹਨ ਜਿਨ੍ਹਾਂ ਕਰਕੇ ਅਸੀਂ ਰਾਤ ਨੂੰ ਚੈਨ ਦੀ ਨੀਂਦ ਸੌਂਦੇ ਹਾਂ। ਉਨ੍ਹਾਂ ਕਿਹਾ ਕਿ ਜਵਾਨ ਬਹੁਤ ਜ਼ਿਆਦਾ ਮੁਸ਼ਕਿਲ ਹਾਲਤਾਂ ਵਿਚ ਰਹਿੰਦੇ ਹਨ ਇਸ ਲਈ ਹਰ ਭਾਰਤੀ ਦਾ ਫਰਜ਼ ਹੈ ਕਿ ਉਹ ਇਨ੍ਹਾਂ ਰਾਖਿਆ ਵੱਲ ਮਦਦ ਦਾ ਹੱਥ ਵਧਾਉਣ।

ਇਸ ਤੋਂ ਪਹਿਲਾਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਦੇ ਝੰਡਾ ਲਗਾਉਣ ਦੀ ਰਸਮ ਸ੍ਰੀ ਐਸ.ਆਰ ਲੱਧੜ, ਸਕੱਤਰ ਰੱਖਿਆ ਸੇਵਾਵਾਂ ਭਲਾਈ, ਬ੍ਰਿਗੇਡੀਅਰ ਜਤਿੰਦਰ ਸਿੰਘ ਅਰੋੜਾ ਅਤੇ ਡਾਇਰੈਕਟੋਰੇਟ ਦੇ ਸਟਾਫ ਵੱਲੋਂ ਕੀਤੀ ਗਈ।ਇਸ ਮੌਕੇ 'ਤੇ ਸ੍ਰੀ ਜਨਮੇਜਾ ਸਿੰਘ ਸੇਖੋਂ ਨੇ ਝੰਡਾ ਦਿਵਸ ਦੀ ਮਹੱਤਤਾ ਬਾਰੇ ਵੀ ਦੱਸਿਆ ਅਤੇ ਕਿਹਾ ਕਿ ਪੰਜਾਬ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਕਰਨ ਵਾਲਾ ਮੋਹਰੀ ਸੂਬਾ ਹੈ।ਇਸ ਮੌਕੇ ਸ੍ਰੀ ਵਿਰਸਾ ਸਿੰਘ ਵਲਟੋਹਾ, ਮੁੱਖ ਪਾਰਲੀਮਾਨੀ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵੀ ਹਾਜ਼ਰ ਸਨ ਜਿਨ੍ਹਾਂ ਦੇ ਬ੍ਰਿਗੇਡੀਅਰ ਜਤਿੰਦਰ ਸਿੰਘ ਅਰੋੜਾ ਨੇ ਝੰਡਾ ਲਗਾਇਆ। ਦੱਸਣਯੋਗ ਹੈ ਕਿ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਹਰ ਸਾਲ ਪੂਰੇ ਭਾਰਤ ਵਿਚ ਮਨਾਇਆ ਜਾਂਦਾ ਹੈ ਤਾਂ ਜੋ ਭਾਰਤੀ ਫੌਜ ਦੇ ਜਾਬਾਜ਼ ਜਵਾਨਾਂ ਦੀ ਭਲਾਈ ਲਈ ਫੰਡ ਇਕੱਠਾ ਕੀਤਾ ਜਾ ਸਕੇ।