5 Dariya News

ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਬਣਾਈ ਜਾਂਦੀ ਹੈ ਨੀਤੀ: ਆਦੇਸ਼ ਪ੍ਰਤਾਪ ਸਿੰਘ ਕੈਰੋਂ

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ

5 Dariya News

ਚੰਡੀਗੜ੍ਹ 09-Apr-2015

ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਅੱਜ ਇਥੇ ਪੰਜਾਬ ਭਵਨ ਵਿਖੇ ਫੂਡ ਐਂਡ ਅਲਾਇਡ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ।ਕੈਰੋਂ ਨੇ ਯੂਨੀਅਨ ਦੇ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸ. ਕੇਵਲ ਸਿੰਘ ਤੇ ਸਮੂਹ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਨਾਜ ਦੀ ਖਰੀਦ ਤੇ ਭੰਡਾਰਨ ਦੀ ਨੀਤੀ ਵਰਕਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਬਣਾਈ ਗਈ ਹੈ ਅਤੇ ਮਜ਼ਦੂਰਾਂ ਦੇ ਮਿਹਨਤਾਨੇ ਵਿੱਚ ਵੀ 25 ਫੀਸਦੀ ਵਾਧਾ ਕੀਤਾ ਗਿਆ ਹੈ। ਉਨ੍ਹਾਂ ਵਰਕਰਾਂ ਨੂੰ ਵਿਸ਼ਵਾਸ ਦਿਵਾਉਂਦਿਆ ਕਿਹਾ ਕਿ ਉਨ੍ਹਾਂ ਦੇ ਹਿੱਤ ਸਦਾ ਸੁਰੱਖਿਅਤ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਦਕਾ ਹੀ ਦੇਸ਼ ਦੇ ਅੰਨ ਭੰਡਾਰ ਭਰਦੇ ਹਨ ਅਤੇ ਇਸ ਪਿੱਛੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਬਰਾਬਰ ਯੋਗਦਾਨ ਹੈ। ਉਨ੍ਹਾਂ ਵਰਕਰ ਯੂਨੀਅਨ ਨੂੰ ਕਣਕ ਦੀ ਖਰੀਦ ਦੇ ਸੀਜ਼ਨ ਲਈ ਤਿਆਰੀ ਕਸਣ ਦਾ ਸੱਦਾ ਦਿੱਤਾ। ਕੈਰੋਂ ਨੇ ਯੂਨੀਅਨ ਨੂੰ ਸੱਦਾ ਦਿੱਤਾ ਕਿ ਉਹ ਸੀਜ਼ਨ ਉਪਰੰਤ ਦੁਬਾਰਾ ਇਕੱਠਿਆ ਮੀਟਿੰਗ ਕਰਨਗੇ ਜਿਸ ਵਿੱਚ ਅਗਲੇ ਸੀਜ਼ਨ ਲਈ ਨੀਤੀ ਬਣਾਉਣ ਲਈ ਉਨ੍ਹਾਂ ਦੇ ਸੁਝਾਅ ਲਏ ਜਾਣਗੇ।ਸ. ਕੇਵਲ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਕਣਕ ਦੀ ਖਰੀਦ ਦੇ ਸੀਜ਼ਨ ਵਿੱਚ ਕੋਈ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਯੂਨੀਅਨ ਸਰਕਾਰ ਨੂੰ ਪੂਰਾ ਸਾਥ ਦੇਵੇਗੀ। ਉਨ੍ਹਾਂ ਸਰਕਾਰ ਦੀ ਨੀਤੀ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਮੰਤਰੀ ਦਾ ਇਸ ਗੱਲੋਂ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਵੱਲੋਂ ਨਿੱਜੀ ਤੌਰ 'ਤੇ ਵਰਕਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ ਹੈ।