5 Dariya News

ਕਣਕ ਦੇ ਮੁਲਾਂਕਣ ਲਈ ਕੇਂਦਰੀ ਟੀਮ ਆਵੇਗੀ ਪੰਜਾਬ- ਆਦੇਸ਼ ਪ੍ਰਤਾਪ ਸਿੰਘ ਕੈਰੋਂ

5 Dariya News

ਚੰਡੀਗੜ੍ਹ 17-Apr-2015

ਪੰਜਾਬ ਸਰਕਾਰ ਦੀ ਅਪੀਲ 'ਤੇ ਕੇਂਦਰੀ ਟੀਮ ਅਗਲੇ ਹਫਤੇ ਸੂਬੇ ਦੀਆਂ ਮੰਡੀਆਂ ਵਿਚ ਆ ਰਹੀ ਕਣਕ ਦੇ ਮੁਲਾਂਕਣ ਲਈ ਪੰਜਾਬ ਆ ਰਹੀ ਹੈ ਤਾਂ ਜੋ ਕਣਕ ਦੀ ਖਰੀਦ ਦੀਆਂ ਸ਼ਰਤਾਂ ਵਿਚ ਢਿੱਲ ਦਿੱਤੀ ਜਾ ਸਕੇ। ਅੱਜ ਇੱਥੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕਿਹਾ ਕਿ ਬੇਮੌਸਮੀ ਬਾਰਿਸ਼ ਕਾਰਨ ਮੰਡੀਆਂ ਵਿਚ ਵੱਧ ਨਮੀ ਵਾਲੀ ਕਣਕ ਆ ਰਹੀ ਹੈ। ਉਨਾਂ ਕਿਹਾ ਕਿ ਕੇਂਦਰ ਦੀ ਇਕ ਤਕਨੀਕੀ ਮਾਹਿਰਾਂ ਦੀ ਟੀਮ ਕਣਕ ਦੇ ਨਮੂਨੇ ਲੈ ਕੇ ਉਨ੍ਹਾਂ ਦੀ ਲੈਬਾਰਟਰੀਆਂ ਵਿਚ ਟੈਸਟ ਕਰੇਗੀ ਤਾਂ ਜੋ ਬੇਮੌਸਮੀ ਬਾਰਿਸ਼ ਕਾਰਨ ਕਣਕ ਨੂੰ ਹੋਏ ਨੁਕਸਾਨ ਦਾ ਅੰਦਾਜ਼ਾ ਲਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਵੇਲੇ ਛੋਟ ਦੌਰਾਨ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੁਦਰਤੀ ਕਰੋਪੀ ਕਾਰਨ ਕਿਸਾਨਾਂ ਨੂੰ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਵਲੋਂ ਉਪਭੋਗਤਾ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਕਣਕ ਦੇ ਵਟਾਏ ਰੰਗ ਤੇ ਨਮੀ ਬਾਰੇ ਜਾਣੂੰ ਕਰਵਾਇਆ ਜਾ ਚੁੱਕਾ ਹੈ। ਉਨਾਂ ਕਿਹਾ ਕਿ ਮੁਲਾਕਾਤ ਦੌਰਾਨ ਕੇਂਦਰੀ ਮੰਤਰੀ ਵਲੋਂ ਕਣਕ ਦੀ ਖਰੀਦ ਦੌਰਾਨ ਛੋਟਾਂ ਦੇਣ ਬਾਰੇ ਭਰੋਸਾ ਦਿਵਾਇਆ ਗਿਆ ਸੀ। ਕੈਰੋਂ ਨੇ ਕਿਹਾ ਕਿ ਇਸ ਸਾਲ ਕਣਕ ਦੀ 125 ਲੱਖ ਮੀਟਰਿਕ ਟਨ ਖਰੀਦ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਰਿਜ਼ਰਵ ਬੈਂਕ ਵਲੋਂ 14,640 ਕਰੋੜ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਗਈ ਹੈ।