5 Dariya News

ਮੁੱਖ ਮੰਤਰੀ ਨੇ ਮੰਡੀਆਂ ਵਿਚੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧਤਾ ਦੁਹਰਾਈ

ਬਾਦਲ ਨੇ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਬਿਨ੍ਹਾਂ ਅੜਚਨ, ਸਮੇਂ ਸਿਰ ਅਤੇ ਨਿਰਵਿਘਨ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਆਖਿਆ

5 Dariya News

ਚੰਡੀਗੜ੍ਹ 27-Apr-2015

ਮੰਡੀਆਂ ਵਿਚੋਂ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕੇ ਜਾਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਨੂੰ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਬਿਨ੍ਹਾਂ ਕਿਸੇ ਅੜਚਨ, ਸਮੇਂ ਸਿਰ ਅਤੇ ਨਿਰਵਿਘਨ ਯਕੀਨੀ ਬਣਾਉਣ ਲਈ ਆਪਣੀਆਂ ਸਾਰੀਆਂ ਕੋਸ਼ਿਸ਼ਾਂ ਕਰਨ ਲਈ ਆਖਿਆ ਹੈ।

ਅੱਜ ਸਵੇਰੇ ਆਪਣੇ ਦਫ਼ਤਰ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸੱਦੀ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ. ਬਾਦਲ ਨੇ ਅਧਿਕਾਰੀਆਂ ਦੇ ਨਾਲ ਕਣਕ ਦੀ ਖਰੀਦ, ਨਮੀ, ਕਣਕ ਦੀ ਸਫਾਈ, ਦਾਣੇ ਦੀ ਖਰਾਬੀ ਅਤੇ ਭੁਗਤਾਨ ਵਰਗੇ ਮੁੱਦਿਆਂ ਉਤੇ ਵਿਸਤਰਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੇ ਸੂਬਾ ਸਰਕਾਰ ਦੇ ਅਧਿਕਾਰੀਆਂ ਖਾਸ ਕਰ ਸੂਬੇ ਦੀਆਂ ਖਰੀਦ ਏਜੰਸੀਆਂ ਦੇ ਪ੍ਰਬੰਧਕੀ ਡਾਇਰੈਕਟਰਾਂ ਨੂੰ ਇੱਕ-ਇੱਕ ਮੰਡੀ ਦਾ ਨਿੱਜੀ ਤੌਰ 'ਤੇ ਦੌਰਾ ਕਰਨ ਅਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਢੁਕਵਾਂ ਹੱਲ ਕੱਢਣ ਲਈ ਆਖਿਆ ਤਾਂ ਜੋ ਮੰਡੀਆਂ ਵਿਚ ਕਣਕ ਦੀ ਖਰੀਦ ਅਤੇ ਚੁਕਾਈ ਨੂੰ ਬਿਨ੍ਹਾਂ ਕਿਸੇ ਅੜਚਨ ਤੋਂ ਸਹੀ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ।

ਮੀਟਿੰਗ ਦੌਰਾਨ ਮੁੱਖ ਮੰਤਰੀ ਨੂੰ ਦੱਸਿਆ ਗਿਆ ਕਿ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਨੇ ਪਹਿਲਾਂ ਹੀ ਮੌਜੂਦਾ ਮੰਡੀ ਸੀਜ਼ਨ ਵਾਸਤੇ ਕਣਕ ਖਰੀਦ ਨੀਤੀ ਜਾਰੀ ਕਰ ਦਿੱਤੀ ਹੈ। ਕਣਕ ਰੱਖਣ ਲਈ ਲੋੜੀਂਦੀ ਥਾਂ ਅਤੇ ਹੋਰ ਵਸਤਾਂ ਦਾ ਪ੍ਰਬੰਧ ਕਰ ਲਿਆ ਹੈ ਅਤੇ ਖਰੀਦ ਕੇਂਦਰਾਂ ਦਾ ਨੈਟਵਰਕ ਪੰਜਾਬ ਮੰਡੀ ਬੋਰਡ ਵਲੋਂ ਨੋਟੀਫਾਈ ਕੀਤਾ ਗਿਆ ਹੈ। 6 ਖਰੀਦ ਏਜੰਸੀਆਂ ਨੂੰ ਆਪਣੀਆਂ ਮੰਡੀਆਂ ਅਲਾਟ ਕਰ ਦਿੱਤੀਆਂ ਗਈਆਂ ਹਨ। ਮੀਟਿੰਗ ਦੌਰਾਨ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੁਝ ਕੁ ਮੰਡੀਆਂ ਨੂੰ ਛੱਡ ਕੇ ਬਾਕੀ ਥਾਵਾਂ 'ਤੇ ਖਰੀਦ ਸਹੀ ਢੰਗ ਨਾਲ ਚਲ ਰਹੀ ਹੈ ਅਤੇ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨੂੰ ਵੀ ਤੇਜ਼ ਕੀਤਾ ਜਾ ਰਿਹਾ ਹੈ।ਇਸੇ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਣਕ ਦੀ ਖਰੀਦ ਦਾ ਭੁਗਤਾਨ ਵੀ ਬਿਨ੍ਹਾਂ ਕਿਸੇ ਦੇਰੀ ਤੋਂ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਹਰੇਕ ਕਿਸਾਨ ਨੂੰ ਉਸ ਦੀ ਜਿਨਸ ਦਾ ਭਾਅ ਨਿਰਧਾਰਤ ਸਮੇਂ ਵਿਚ ਲਾਜ਼ਮੀ ਤੌਰ 'ਤੇ ਮਿਲਣਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਦੀ ਕਿਸੇ ਵੀ ਤਰ੍ਹਾਂ ਦੀ ਖੱਜਲ-ਖਰਾਬੀ ਨਾ ਹੋਵੇ। ਮੁੱਖ ਮੰਤਰੀ ਨੇ ਇਸ ਮੌਕੇ ਕਣਕ ਦੀ ਢੁਕਵੀਂ ਟਰਾਂਸਪੋਰਟੇਸ਼ਨ ਅਤੇ ਸਟੋਰੇਜ਼ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਸੂਬੇ ਵਿਚ ਨਵੇਂ ਵੇਅਰਹਾਊਸ ਬਣਾਉਣ ਦੀਆਂ ਸੰਭਾਵਨਾਵਾਂ ਦਾ ਵੀ ਪਤਾ ਲਾਉਣ ਲਈ ਆਖਿਆ।

ਇਸ ਤੋਂ ਪਹਿਲਾਂ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਮੰਡੀਆਂ ਵਿਚ ਕਣਕ ਦੀ ਚਲ ਰਹੀ ਖਰੀਦ ਬਾਰੇ ਮੁੱਖ ਮੰਤਰੀ ਨੂੰ ਵਿਸਥਾਰ ਵਿਚ ਜਾਣੂ ਕਰਵਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਸਕੱਤਰ ਸ਼੍ਰੀ ਸਰਵੇਸ਼ ਕੌਸ਼ਲ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਐਸ.ਕੇ. ਸੰਧੂ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਸ਼੍ਰੀ ਜੀ. ਵਿਜਰਾਲਿੰਗਮ, ਸਕੱਤਰ ਖੇਤੀਬਾੜੀ ਸ੍ਰੀ ਕੇ.ਐਸ. ਪੰਨੂ, ਐਮ.ਡੀ. ਮਾਰਕਫੈਡ ਸ਼੍ਰੀ ਗੁਰਕੀਰਤ ਕਿਰਪਾਲ ਸਿੰਘ, ਸਕੱਤਰ ਮੰਡੀ ਬੋਰਡ ਸ਼੍ਰੀ ਦੀਪਇੰਦਰ ਸਿੰਘ ਅਤੇ ਜਨਰਲ ਮੈਨੇਜਰ ਐਫ.ਸੀ.ਆਈ (ਪੰਜਾਬ ਖੇਤਰ) ਸ਼੍ਰੀ ਕੁਮਾਰ ਰਾਹੁਲ, ਸ਼੍ਰੀ ਅਰਵਿੰਦਰ ਸਿੰਘ ਸ਼ਾਮਲ ਸਨ।