5 Dariya News

ਜੈਕਾਰਿਆਂ ਦੀ ਗੂੰਜ 'ਚ ਗੁਰਦੁਆਰਾ ਸਾਹਿਬ ਚੱਪੜਚਿੜੀ ਦੇ ਮੈਦਾਨ ਤੋਂ

ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੀਕ ਵਿਸ਼ਾਲ ਫ਼ਤਹਿ ਮਾਰਚ ਆਯੋਜਿਤ, ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲਾ ਖਾਲਸਾ ਰਾਜ ਸਥਾਪਿਤ ਕੀਤਾ ਸੀ- ਜਥੇਦਾਰ ਅਵਤਾਰ ਸਿੰਘ

5 Dariya News

ਐਸ.ਏ.ਐਸ.ਨਗਰ 13-May-2015

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਸਿੱਖ ਕੌਮ ਦੇ ਮਾਣਮੱਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਸਰਹਿੰਦ ਫ਼ਤਹਿ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਚੱਪੜਚਿੜੀ ਦੇ ਮੈਦਾਨ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਫ਼ਤਹਿ ਮਾਰਚ ਆਯੋਜਿਤ ਕੀਤਾ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੇ ਹਜ਼ੂਰੀ ਰਾਗੀ ਭਾਈ ਸੁਰਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰੰਭਤਾ ਦੀ ਅਰਦਾਸ ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਨੇ ਕੀਤੀ। ਉਪਰੰਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਸ਼ੁਰੂ ਹੋਏ ਫ਼ਤਹਿ ਮਾਰਚ ਵਿੱਚ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ, ਟਕਸਾਲਾਂ, ਸਿੰਘ ਸਭਾਵਾਂ, ਬੈਂਡ ਤੇ ਗੱਤਕਾ ਪਾਰਟੀਆਂ ਤੇ ਨਿਹੰਗ ਸਿੰਘ ਜਥੇਬੰਦੀਆਂ ਨੇ ਖਾਲਸਾਈ ਜਾਹੋ-ਜਲਾਲ ਨਾਲ ਸ਼ਮੂਲੀਅਤ ਕੀਤੀ।

ਫ਼ਤਹਿ ਮਾਰਚ ਦੀ ਆਰੰਭਤਾ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ 12 ਮਈ 1710 ਈ: ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ ਖਾਲਸਾ ਫੌਜਾਂ ਵੱਲੋਂ ਚੱਪੜਚਿੜੀ ਦੇ ਇਤਿਹਾਸਕ ਮੈਦਾਨ ਵਿੱਚ ਸੂਬਾ ਸਰਹਿੰਦ ਵਜੀਰ ਖਾਂ ਨੂੰ ਮਾਰ ਮੁਕਾਇਆ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਲਖਤੇ ਜਿਗਰ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ 'ਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਦਾ ਬਦਲਾ ਲਿਆ। ਇਸ ਤਰਾਂ 14 ਮਈ 1710 ਈ: ਨੂੰ ਸਿੰਘਾਂ ਨੇ ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ 'ਚ ਪੂਰਨ ਤੌਰ ਤੇ ਸਰਹਿੰਦ ਫਤਹਿ ਕਰ ਲਈ। ਬਾਬਾ ਬੰਦਾ ਸਿੰਘ ਬਹਾਦਰ ਦੀ ਅਗਵਾਈ ਹੇਠ ਖਾਲਸਾ ਰਾਜ ਦੀ ਕਾਇਮੀ ਨੇ ਲੰਮੀ ਗੁਲਾਮੀ ਬਾਅਦ ਪਹਿਲੀ ਵਾਰ ਪੰਜਾਬੀਆਂ ਨੂੰ ਇਹ ਅਹਿਸਾਸ ਕਰਵਾਇਆ ਕਿ ਅਜ਼ਾਦ ਕੌਮਾਂ ਦੀ ਹੋਂਦ ਹਸਤੀ ਕੀ ਹੁੰਦੀ ਹੈ। ਇਸ ਪ੍ਰਾਪਤੀ ਦੀ ਸ਼ੁਰੂਆਤ ਸਰਹਿੰਦ ਫਤਹਿ ਨਾਲ ਹੋਈ ਸੀ ਤੇ ਇਹ ਇੱਕ ਅਦੁੱਤੀ ਕਾਰਨਾਮਾ ਸੀ ਜਿਸ ਨਾਲ ਪੰਜਾਬ ਵਿੱਚ ਪਹਿਲਾ ਅਜ਼ਾਦ ਸਿੱਖ ਰਾਜ ਕਾਇਮ ਹੋਇਆ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਹਿਯੋਗ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਗੁਰੂ ਸਾਹਿਬਾਨ ਦੇ ਸ਼ਸਤਰ, ਨਿਸ਼ਾਨੀਆਂ ਦੇ ਦਰਸ਼ਨ ਕਰਵਾਉਣ ਲਈ 'ਦਰਸ਼ਨ ਦੀਦਾਰ ਯਾਤਰਾ' 6 ਮਈ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ, ਪਟਿਆਲਾ ਤੋਂ ਸ਼ੁਰੂ ਕੀਤੀ ਗਈ ਹੈ ਜੋ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦੀ ਹੋਈ 18 ਜੂਨ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗੀ। ਉਨ੍ਹਾਂ ਸਮੂੰਹ ਸੰਗਤਾਂ ਨੂੰ ਜੋਰ ਦੇ ਕੇ ਕਿਹਾ ਕਿ ਗੁਰੂ ਸਾਹਿਬਾਨ ਦੀ ਛੁਹ ਪ੍ਰਾਪਤ ਸ਼ਸਤਰ, ਬਸਤਰ ਤੇ ਉਨ੍ਹਾਂ ਦੇ ਸਰੀਰ ਦੇ ਹਿੱਸੇ ਵਜੋਂ ਸਮਝੇ ਜਾਂਦੇ ਕੇਸ ਅਤੇ ਕੰਘੇ ਦੇ ਦਰਸ਼ਨ ਕਰਨ। ਉਨ੍ਹਾਂ ਬਾਬਾ ਬੰਦਾ ਸਿੰਘ ਬਹਾਦਰ ਵਲੋਂ ਕੀਤੀ ਸਰਹੰਦ ਫ਼ਤਹਿ ਨੂੰ ਮਨਾ ਰਹੀਆਂ ਸਮੂੰਹ ਨਿਹੰਗ ਸਿੰਘ ਜਥੇਬੰਦੀਆਂ, ਟਕਸਾਲਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ। 

ਅਖੀਰ ਵਿੱਚ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪ ਤੇ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ ਅਤੇ ਖੰਡੇ-ਬਾਟੇ ਦੀ ਪਾਹੁਲ ਛਕ ਗੁਰੂ ਵਾਲੇ ਬਣਨ। ਇਸ ਮੌਕੇ ਪੰਜ ਪਿਆਰੇ ਸਹਿਬਾਨ, ਪੰਜ ਨਿਸ਼ਾਨਚੀ, ਭਾਈ ਹਰਪਾਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਭਾਈ ਭੁਪਿੰਦਰ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਅਤੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁੱਖੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ.ਕਰਨੈਲ ਸਿੰਘ ਪੰਜੋਲੀ, ਸ. ਭਜਨ ਸਿੰਘ ਸ਼ੇਰਗਿੱਲ ਤੇ ਸ.ਨਿਰਮੈਲ ਸਿੰਘ ਜੌਲਾਂ ਕਲਾਂ, ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਸ਼੍ਰੋਮਣੀ ਕਮੇਟੀ, ਸ.ਅਮਰੀਕ ਸਿੰਘ ਮੋਹਾਲੀ, ਸ.ਚਰਨਜੀਤ ਸਿੰਘ ਕਾਲੇਵਾਲ, ਬੀਬੀ ਸੁਖਵੰਤ ਕੌਰ ਸੰਧੂ ਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਸਪੁੱਤਰ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਥੇਦਾਰ ਉਜਾਗਰ ਸਿੰਘ ਵਡਾਲੀ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਸ. ਅਮਰੀਕ ਸਿੰਘ ਮੋਹਾਲੀ ਜਥੇਬੰਦਕ ਸਕੱਤਰ ਆਦਿ ਨੂੰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਮੰਚ ਦੀ ਸੇਵਾ ਸ.ਕਰਨੈਲ ਸਿੰਘ ਪੰਜੋਲੀ ਅੰਤ੍ਰਿੰਗ ਮੈਂਬਰ ਸ੍ਰੋਮਣੀ ਕਮੇਟੀ ਨੇ ਕੀਤੀ। ਫ਼ਤਹਿ ਮਾਰਚ ਲਾਂਡਰਾ ਚੌਂਕ, ਚੁੰਨੀ, ਮਕਾਰੋਂਪੁਰ ਤੇ ਗੁਰਦੁਆਰਾ ਜੋਤੀ ਸਰੂਪ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸੰਪੰਨ ਹੋਵੇਗਾ। ਰਸਤੇ ਵਿੱਚ ਨਗਰ ਕੀਰਤਨ 'ਚ ਸ਼ਾਮਲ ਸੰਗਤਾਂ ਦਾ ਜਗ੍ਹਾ-ਜਗ੍ਹਾ ਤੇ ਸਵਾਗਤ ਕੀਤਾ ਗਿਆ।ਇਸ ਮੌਕੇ ਸ. ਚਰਨਜੀਤ ਸਿੰਘ ਕਾਨੇਵਾਲ ਮੈਂਬਰ ਸ਼੍ਰੋਮਣੀ ਕਮੇਟੀ, ਸ. ਪਰਮਜੀਤ ਸਿੰਘ ਸਰੋਆ ਤੇ ਸ. ਜਗਜੀਤ ਸਿੰਘ ਤੇ ਸ. ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਸ.ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸ. ਪਰਮਦੀਪ ਸਿੰਘ ਇੰਚਾਰਜ ਸ. ਜੋਗਾ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ, ਸ. ਅਮਰਜੀਤ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ, ਸ. ਜਸਵੀਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਭੱਠਾ ਸਾਹਿਬ, ਸ਼੍ਰੀ ਐਨ. ਕੇ. ਸ਼ਰਮਾ ਵਿਧਾਇਕ, ਬਿੱਧੀ ਚੰਦ ਸੰਪਰਦਾਇ ਦੇ ਬਾਬਾ ਨਾਹਰ ਸਿੰਘ, ਤਰਨਾ ਦਲ ਦੇ ਮੁੱਖੀ ਬਾਬਾ ਮੱਖਣ ਸਿੰਘ, ਬਾਬਾ ਬਕਾਲਾ ਤਰਨਾ ਦਲ ਮੜੀਆਂ ਵਾਲੇ ਬਾਬਾ ਵੱਸਣ ਸਿੰਘ, ਤਰਨਾ ਦਲ ਮਹਿਤਾ ਚੌਂਕ ਦੇ ਮੁੱਖੀ ਬਾਬਾ ਤਰਸੇਮ ਸਿੰਘ, ਤਰਨਾ ਦਲ ਦੇ ਮੁੱਖੀ ਜਥੇਦਾਰ ਗੱਜਣ ਸਿੰਘ, ਹਰੀਆਂ ਵੇਲਾ ਵਾਲੇ ਬਾਬਾ ਨਾਗਰ ਸਿੰਘ, ਬੀਬੀ ਬਲਵੀਰ ਕੌਰ ਚੀਮਾਂ ਪ੍ਰਧਾਨ ਇਸਤਰੀ ਅਕਾਲੀ ਦਲ, ਬੀਬੀ ਸੁਰਿੰਦਰ ਕੌਰ ਪ੍ਰਧਾਨ ਬੱਸੀ ਪਠਾਣਾ, ਬੀਬੀ ਭੁਪਿੰਦਰ ਕੌਰ ਪ੍ਰਧਾਨ ਸਰਹਿੰਦ, ਬੀਬੀ ਪਰਮਜੀਤ ਕੌਰ, ਬੀਬੀ ਮਨਜੀਤ ਕੌਰ, ਸ. ਜਸਵਿੰਦਰ ਸਿੰਘ ਵਿਰਕ, ਬਾਬਾ ਲਾਲ ਸਿੰਘ ਮਾਲਵਾ ਤਰਨਾ ਦਲ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ ਤੋਂ ਇਲਾਵਾ ਵੱਡੀ ਗਿੱਣਤੀ 'ਚ ਸਿੱਖ ਸੰਗਤਾਂ ਸ਼ਾਮਲ ਹੋਈਆਂ।