ਮੁੱਖ ਮੰਤਰੀ ਵੱਲੋਂ ਅਕਾਲੀ-ਭਾਜਪਾ ਗਠਜੋੜ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਅਮਨ-ਸ਼ਾਂਤੀ ਵਿਰੋਧੀ ਤਾਕਤਾਂ ਖਿਲਾਫ਼ ਡਟਣ ਦਾ ਸੱਦਾ
ਕੁਝ ਅੰਦਰੂਨੀ ਤੇ ਬਾਹਰੀ ਤਾਕਤਾਂ ਪੰਜਾਬ ਨੂੰ ਮੁੜ ਕਾਲੇ ਦੌਰ ਵਿਚ ਧੱਕਣ ਦੀ ਤਾਕ ਵਿਚ
5 Dariya News
ਸ੍ਰੀ ਅਨੰਦਪੁਰ ਸਾਹਿਬ (ਰੂਪਨਗਰ) 21-Oct-2015
ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਅਕਾਲੀ-ਭਾਜਪਾ ਗਠਜੋੜ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਸੂਬੇ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਤਰੱਕੀ ਤੇ ਖੁਸ਼ਹਾਲੀ ਨੂੰ ਢਾਹ ਲਾਉਣ ਲਈ ਸਰਗਰਮ ਅੰਦਰੂਨੀ ਤੇ ਦੇਸ਼ ਤੋਂ ਬਾਹਰੀ ਤਾਕਤਾਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮਯਾਬ ਕਰਨ ਲਈ ਡਟ ਜਾਣ ਦਾ ਸੱਦਾ ਦਿੱਤਾ ਹੈ।ਅੱਜ ਇਥੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੂਬੇ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਘੋਰ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਪਸ਼ਚਾਤਾਪ ਵਜੋਂ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸੂਬੇ ਦੀ ਅਮਨ-ਸ਼ਾਂਤੀ ਤੇ ਖੁਸ਼ਹਾਲੀ ਦੀਆਂ ਦੁਸ਼ਮਣ ਅਜਿਹੀਆਂ ਤਾਕਤਾਂ ਇਸ ਵੇਲੇ ਸਰਗਰਮ ਹਨ ਜਿਨ੍ਹਾਂ ਦਾ ਇਕ ਨੁਕਾਤੀ ਏਜੰਡਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਸਰਕਾਰ ਨੂੰ ਅਸਥਿਰ ਕਰਨਾ ਹੈ ਕਿਉਂ ਜੋ ਉਹ ਆਪਣੇ ਨਾਪਾਕ ਇਰਾਦੇ ਪੂਰਨ ਲਈ ਗਠਜੋੜ ਸਰਕਾਰ ਨੂੰ ਸਭ ਤੋਂ ਵੱਡਾ ਅੜਿੱਕਾ ਸਮਝਦੀਆਂ ਸਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਅਮਨ-ਸ਼ਾਂਤੀ ਤੇ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਦੀ ਡੂੰਘੀ ਸਾਜ਼ਿਸ਼ ਚੱਲ ਰਹੀ ਹੈ ਤਾਂ ਕਿ ਗਠਜੋੜ ਸਰਕਾਰ ਨੂੰ ਕਮਜ਼ੋਰ ਕੀਤਾ ਜਾ ਸਕੇ।
ਬਾਦਲ ਨੇ ਕਿਹਾ ਕਿ ਬੇਸ਼ੱਕ ਅਸੀਂ ਇਸ ਵੇਲੇ ਨਾਜ਼ੁਕ ਦੌਰ ਵਿਚੋਂ ਗੁਜ਼ਰ ਰਹੇ ਹਾਂ ਪਰ ਅਕਾਲੀ-ਭਾਜਪਾ ਗਠਜੋੜ ਦੇ ਸਾਰੇ ਆਗੂ ਤੇ ਵਰਕਰ ਅਜਿਹੀਆਂ ਤਾਕਤਾਂ ਦੇ ਕੋਝੋ ਹੱਥਕੰਡਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਅੱਗੇ ਆਉਣ ਤਾਂ ਕਿ ਸ਼ਾਂਤਮਈ ਸੂਬੇ ਵਿੱਚ ਫਿਰਕੂ ਵੰਡੀਆਂ ਪਾਉਣ ਦੀਆਂ ਚਾਲਾਂ ਚੱਲਣ ਵਾਲੀਆਂ ਤਾਕਤਾਂ ਸਿਰ ਨਾ ਚੁੱਕ ਸਕਣ।ਗੱਠਜੋੜ ਸਰਕਾਰ ਦੇ ਆਗੂਆਂ ਤੇ ਵਰਕਰਾਂ ਲਈ ਵਿਸਥਾਰਤ ਪ੍ਰੋਗਰਾਮ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਪਿੰਡਾਂ ਤੇ ਸ਼ਹਿਰਾਂ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕਰਵਾ ਕੇ ਅਕਾਲ ਪੁਰਖ ਦੇ ਚਰਨਾਂ ਵਿੱਚ ਸੂਬੇ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਕਾਇਮੀ ਲਈ ਅਰਦਾਸ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੋਵਾਂ ਭਾਈਵਾਲ ਪਾਰਟੀ ਦੇ ਆਗੂ ਤੇ ਵਰਕਰ ਸਦਾ ਹੀ ਆਪਸੀ ਸਾਂਝ, ਫਿਰਕੂ ਸਦਭਾਵਨਾ ਅਤੇ ਏਕਤਾ ਦੀਆਂ ਕਦਰਾਂ-ਕੀਮਤਾਂ 'ਤੇ ਪਹਿਰਾ ਦਿੰਦੇ ਆਏ ਹਨ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਮੌਜੂਦਾ ਦੌਰ ਵਿਚ ਵੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਲਈ ਉਹ ਦ੍ਰਿੜ ਰਹਿਣਗੇ। ਸ. ਬਾਦਲ ਨੇ ਆਖਿਆ, ''ਮੈਨੂੰ ਪੂਰਾ ਯਕੀਨ ਹੈ ਕਿ ਤੁਸੀਂ ਸੂਬੇ ਦੀ ਅਮਨ-ਸ਼ਾਂਤੀ ਤੇ ਖੁਸ਼ਹਾਲੀ ਨੂੰ ਢਾਹ ਲਾਉਣ ਵਾਲੀਆਂ ਤਾਕਤਾਂ ਨੂੰ ਸਿਰ ਨਹੀਂ ਚੁੱਕਣ ਦਿਓਗੇ।''
ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਕਾਇਰਤਾਪੂਰਨ ਘਟਨਾਵਾਂ ਤੋਂ ਸਿਆਸੀ ਲਾਭ ਖੱਟਣ ਵਾਲੇ ਲੋਕਾਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਜਦੋਂ ਅਜਿਹੀਆਂ ਅਣਮਨੁੱਖੀ ਘਟਨਾਵਾਂ ਨਾਲ ਹਰੇਕ ਸਿੱਖ ਦਾ ਹਿਰਦਾ ਡੂੰਘੀ ਪੀੜਾ 'ਚੋਂ ਗੁਜ਼ਰ ਰਿਹਾ ਹੋਵੇ ਤਾਂ ਉਸ ਵੇਲੇ ਵੀ ਕੁਝ ਲੋਕ ਸਸਤੀ ਸ਼ੋਹਰਤ ਲਈ ਸੂਬਾ ਸਰਕਾਰ ਵਿਰੁੱਧ ਘਟੀਆ ਪ੍ਰਾਪੇਗੰਡਾ ਕਰਨ ਤੋਂ ਬਾਜ਼ ਨਹੀਂ ਆਉਂਦੇ। ਉਨ੍ਹਾਂ ਆਖਿਆ ਕਿ ਰੋਸ ਪ੍ਰਦਰਸ਼ਨ ਤੇ ਜਬਰੀ ਦੁਕਾਨਾਂ ਬੰਦ ਕਰਵਾਉਣ ਦੀਆਂ ਕੋਸ਼ਿਸ਼ਾਂ ਵਿਅਰਥ ਹਨ ਕਿਉਂਕਿ ਉਹ ਅਜਿਹੀਆਂ ਕਾਰਵਾਈਆਂ ਨਾਲ ਆਮ ਲੋਕਾਂ ਨੂੰ ਖੱਜਲ-ਖੁਆਰ ਕਰਦੇ ਹਨ। ਸ. ਬਾਦਲ ਨੇ ਆਖਿਆ, ''ਇਸੇ ਤਰ੍ਹਾਂ ਕੁਝ ਸਿਆਸੀ ਨੇਤਾਵਾਂ ਨੇ ਸਿਰਫ ਆਪਣੇ ਰਾਜਸੀ ਲਾਭ ਖਾਤਰ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਜੋ ਬਹੁਤ ਮੰਦਭਾਗੀ ਗੱਲ ਹੈ।''
ਮੁੱਖ ਮੰਤਰੀ ਨੇ ਆਖਿਆ ਕਿ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨਾਲ ਹਰੇਕ ਸਿੱਖ ਦੇ ਮਨ ਨੂੰ ਡੂੰਘੀ ਠੇਸ ਪਹੁੰਚੀ ਹੈ ਤੇ ਇਥੋਂ ਤੱਕ ਕਿ ਇਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਨੂੰ ਅਸਹਿ ਤੇ ਅਕਹਿ ਦੱਸਦਿਆਂ ਸ. ਬਾਦਲ ਨੇ ਆਖਿਆ ਕਿ ਇਨ੍ਹਾਂ ਘਟਨਾਵਾਂ ਕਾਰਨ ਉਹ ਖੁਦ ਵੀ ਬਹੁਤ ਪੀੜਾ ਵਿਚੋਂ ਗੁਜ਼ਰ ਰਹੇ ਹਨ ਅਤੇ ਉਨ੍ਹਾਂ ਦੇ ਮਨ ਨੂੰ ਗਹਿਰੀ ਸੱਟ ਵੱਜੀ ਹੈ। ਸ. ਬਾਦਲ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਵਜੋਂ ਉਨ੍ਹਾਂ ਦੀ ਬਹੁਤ ਵੱਡੀ ਜ਼ਿੰਮੇਵਾਰੀ ਹੈ ਜਿਸ ਕਰਕੇ ਉਹ ਇਕ ਨਿਮਾਣੇ ਸਿੱਖ ਵਜੋਂ ਭੁੱਲ ਬਖਸ਼ਾਉਣ ਲਈ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ ਅਤੇ ਭਾਈਚਾਰਕ ਸਾਂਝ ਲਈ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਆਖਿਆ ਕਿ ਕੁਝ ਤਾਕਤਾਂ ਹਮੇਸ਼ਾ ਹੀ ਸੂਬੇ ਵਿਚ ਗੜਬੜ ਵਾਲੀ ਸਥਿਤੀ ਬਣਾਉਣ ਦੀ ਤਾਕ ਵਿਚ ਰਹਿੰਦੀਆਂ ਹਨ ਪਰ ਗਠਜੋੜ ਸਰਕਾਰ ਸਦਾ ਅਮਨ-ਅਮਾਨ ਨੂੰ ਕਾਇਮ ਰੱਖਣ ਲਈ ਦ੍ਰਿੜ ਰਹੀ ਹੈ ਤੇ ਰਹੇਗੀ। ਉਨ੍ਹਾਂ ਆਖਿਆ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਇਥੇ ਅਮਨ-ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰਹੀ ਹੈ ਪਰ ਪਿਛਲੇ ਕੁਝ ਦਿਨਾਂ ਵਿਚ ਵਾਪਰੀਆਂ ਅਣਸੁਖਾਵੀਂ ਘਟਨਾਵਾਂ ਕਾਰਨ ਸੂਬਾ ਮੁੜ ਨਾਜ਼ੁਕ ਦੌਰ 'ਚੋਂ ਗੁਜ਼ਰ ਰਿਹਾ ਹੈ।
ਬਾਦਲ ਨੇ ਕਿਹਾ ਕਿ ਪਿਛਲੇ ਸਮੇਂ ਵਿਚ ਪੰਜਾਬ ਨੂੰ ਕਾਲੇ ਦੌਰ ਵਿਚ ਧੱਕਣ ਵਾਲੀਆਂ ਕੁਝ ਤਾਕਤਾਂ ਮੁੜ ਸਰਗਰਮ ਹਨ ਜਿਸ ਕਰਕੇ ਅਜਿਹੀਆਂ ਤਾਕਤਾਂ ਦੇ ਮਨਸੂਬਿਆਂ ਨੂੰ ਅਸਫਲ ਕਰਨ ਲਈ ਪੰਜਾਬ ਦੇ ਲੋਕਾਂ ਨੂੰ ਸੂਬਾ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਆਖਿਆ, ''ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੁਲਿਸ ਜਾਂ ਸੂਬਾ ਸਰਕਾਰ ਆਪਣੇ ਪੱਧਰ 'ਤੇ ਸਫਲਤਾ ਹਾਸਲ ਨਹੀਂ ਕਰ ਸਕਦੀ।''ਇਸ ਘਿਨਾਉਣੇ ਜ਼ੁਰਮ ਦੇ ਦੋਸ਼ੀਆਂ ਨੂੰ ਕਰੜੀ ਤੋਂ ਕਰੜੀ ਸਜ਼ਾ ਦਿਵਾਉਣ ਲਈ ਦ੍ਰਿੜਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਅਕਾਲੀ ਪੁਰਖ ਦੀ ਮਿਹਰ ਸਦਕਾ ਅਸੀਂ ਕੁਝ ਘਟਨਾਵਾਂ ਦੇ ਦੋਸ਼ੀਆਂ ਨੂੰ ਫੜਨ ਵਿਚ ਸਫਲ ਹੋ ਗਏ ਹਾਂ ਅਤੇ ਪੰਜਾਬ ਪੁਲਿਸ ਨੇ ਸੱਤ ਮਾਮਲਿਆਂ ਵਿਚੋਂ ਪੰਜ ਮਾਮਲੇ ਸੁਲਝਾ ਲਏ ਹਨ। ਉਨ੍ਹਾਂ ਕਿਹਾ ਕਿ ਬਾਕੀ ਦੋ ਮਾਮਲੇ ਵੀ ਛੇਤੀ ਹੀ ਹੱਲ ਕਰਕੇ ਇਨ੍ਹਾਂ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਈ ਜਾਵੇਗੀ। ਸ. ਬਾਦਲ ਨੇ ਦੁੱਖ ਜ਼ਾਹਰ ਕਰਦਿਆਂ ਆਖਿਆ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ-ਸਤਿਕਾਰ ਲਈ ਸੇਵਾ ਨਿਭਾਉਣ ਵਾਲੇ ਲੋਕ ਹੀ ਅਜਿਹੇ ਬਜਰ ਗੁਨਾਹ ਦੇ ਭਾਗੀ ਬਣੇ ਹਨ।
ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਮੱਲ ਸਿੰਘ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਕੀਤੀ ਅਤੇ ਸੂਬੇ ਵਿਚ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਦੀ ਕਾਇਮੀ ਅਤੇ ਸਰਬੱਤ ਦਾ ਭਲਾ ਮੰਗਿਆ।ਇਸ ਮੌਕੇ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਤੇ ਸ੍ਰੀ ਮਦਨ ਮੋਹਨ ਮਿੱਤਲ, ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਵਿਧਾਇਕ ਤੇ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਸੰਗਤਾਂ ਸਾਹਮਣੇ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਮੁੱਖ ਸੰਸਦੀ ਸਕੱਤਰ ਚੌਧਰੀ ਨੰਦ ਲਾਲ, ਬੀਬੀ ਮਹਿੰਦਰ ਕੌਰ ਜੋਸ਼ ਤੇ ਸ੍ਰੀ ਐਨ.ਕੇ. ਸ਼ਰਮਾ, ਵਿਧਾਇਕ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਅਕਾਲੀ ਆਗੂ ਬੀਬੀ ਸਤਵੰਤ ਕੌਰ, ਜਥੇਦਾਰ ਉਜਾਗਰ ਸਿੰਘ ਵਡਾਲੀ ਤੋਂ ਇਲਾਵਾ ਡਿਪਟੀ ਕਮਿਸ਼ਨਰ ਰੂਪਨਗਰ ਤਨੂ ਕਸ਼ਯਪ, ਜਿਲ੍ਹਾ ਪੁਲਿਸ ਮੁਖੀ ਸ੍ਰੀ ਵਰਿੰਦਰ ਪਾਲ ਸਿੰਘ ਅਤੇ ਵੱਡੀ ਗਿਣਤੀ ਵਿਚ ਅਕਾਲੀ-ਭਾਜਪਾ ਵਰਕਰ ਹਾਜ਼ਰ ਸਨ।