ਅਧਿਕਾਰੀ ਵਿਕਾਸ ਕਾਰਜ਼ਾਂ ਦੇ ਮਿਆਰੀ ਹੋਣ ਨੂੰ ਯਕੀਨੀ ਬਣਾਉਣ : ਤੇਜਿੰਦਰ ਪਾਲ ਸਿੰਘ ਸਿੱਧੂ
ਸਰਕਾਰੀ ਜ਼ਮੀਨਾਂ ਤੇ ਨਜਾਇਜ਼ ਕਬਜੇ ਬਰਦਾਸ਼ਤ ਨਹੀਂ ਕੀਤੇ ਜਾਣਗੇ ,ਪੰਜਾਬ ਸਰਕਾਰ ਵੱਲੋਂ ਆਰੰਭੀਆਂ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਯਕੀਨੀ ਬਣਾਇਆ ਜਾਵੇ
5 Dariya News
ਐਸ.ਏ.ਐਸ. ਨਗਰ (ਮੁਹਾਲੀ) 21-Oct-2015
ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਮਿਆਰੀ ਹੋਣ ਨੂੰ ਯਕੀਨੀ ਬਣਾਇਆ ਜਾਵੇ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ । ਜੇਕਰ ਜਾਂਚ ਪੜਤਾਲ ਦੌਰਾਨ ਵਿਕਾਸ ਕਾਰਜ ਮਿਆਰੀ ਨਾ ਪਾਏ ਗਏ ਤਾਂ ਸਬੰਧਤ ਅਧਿਕਾਰੀ ਜਿੰਮੇਵਾਰ ਹੋਣਗੇ। ਇਹ ਹਦਾਇਤਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਨਗਰ ਨਿਗਮ ਭਵਨ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿੱਆ ਸਬੰਧੀ ਸੱਦੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆ।ਸਿੱਧੂ ਨੇ ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਆਖਿਆ ਕਿ ਸਰਕਾਰੀ ਜਮੀਨਾਂ ਤੇ ਨਜਾਇਜ ਕਬਜੇ ਨਾ ਹੋਣ ਦਿੱਤੇ ਜਾਣ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਨਜਾਇਜ ਕਬਜੇ ਕਰਨ ਵਾਲਿਆਂ ਨੂੰ ਸਹਿ ਦੇਵੇਗਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜਿਸ ਲਈ ਉਹ ਨਿੱਜੀ ਪੱਧਰ ਤੇ ਵੀ ਜਾਂਚ ਪੜਤਾਲ ਕਰਾਉਣਗੇ। ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ, ਕਾਰਜਸਾਧਕ ਅਫ਼ਸਰਾਂ ਅਤੇ ਸਮੂਹ ਬੀ.ਡੀ.ਪੀ.ਓਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਖੇਤਰ ਵਿੱਚ ਕਿਸੇ ਵੀ ਵਿਅਕਤੀ ਨੂੰ ਸਰਕਾਰੀ ਜਮੀਨ ਅਤੇ ਸੜਕਾਂ ਦੇ ਦੁਆਲੇ ਕਬਜੇ ਨਾ ਕਰਨ ਦੇਣ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
ਸ੍ਰੀ ਸਿੱਧੂ ਨੇ ਇਸ ਮੌਕੇ ਸਮੂਹ ਅਧਿਕਾਰੀਆਂ ਨੂੰ ਇਹ ਵੀ ਆਖਿਆ ਕਿ ਉਹ ਆਪੋ ਆਪਣੇ ਇਲਾਕੇ ਦੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲਦੀ ਹੋਵੇ ਅਜਿਹੀਆਂ ਨਵੀਆਂ ਯੋਜਨਾਵਾਂ ਤਿਆਰ ਕਰਕੇ ਭੇਜਣ ਤਾਂ ਜੋ ਉਨ੍ਹਾਂ ਨੂੰ ਅਮਲੀ ਜਾਂਮਾ ਪਹਿਣਾਇਆ ਜਾ ਸਕੇ। ਉਨ੍ਹਾਂ ਇਸ ਮੌਕੇ ਸਮੂਹ ਬੀ.ਡੀ.ਪੀ.ਓਜ਼ ਨੂੰ ਆਖਿਆ ਕਿ ਉਹ ਪਿੰਡ ਪੱਧਰ ਤੇ ਲੋਕਾਂ ਨੂੰ ਬਾਇਓ ਗੈਸ ਲਗਾਉਣ ਲਈ ਪ੍ਰੇਰਿਤ ਕਰਨ ਜਿਸ ਲਈ ਪੇਡਾ ਵੱਲੋਂ ਸਬਸਿਡੀ ਵੀ ਦਿੱਤੀ ਜਾਂਦੀ ਹੈ ਅਤੇ ਜਿਸ ਨਾਲ ਲੋਕਾਂ ਦੀ ਧੰਨ ਦੀ ਬਚਤ ਹੁੰਦੀ ਹੈ । ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਮੁੱਖ ਮਾਰਗਾਂ ਨਾਲ ਜੁੜਦੀਆਂ ਲਿੰਕ ਸੜਕਾਂ ਤੇ ਸਾਈਨ ਬੋਰਡ ਲਗਾਉਣ ਲਈ ਵੀ ਆਖਿਆ। ਜਿਸ ਨਾਲ ਕਿਸੇ ਵੀ ਅਣਸੁਖਾਵੀ ਸੜਕੀ ਦੁਰਘਟਨਾਵਾਂ ਨੂੰ ਠੱਲ ਪੈ ਸਕੇਗੀ। ਡਿਪਟੀ ਕਮਿਸ਼ਨਰ ਇਸ ਮੌਕੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀ ਕਰਨ ਸਿੰਘ ਅਤੇ ਟਰੈਫਿਕ ਪੁਲਿਸ ਨੂੰ ਜ਼ਿਲ੍ਹੇ 'ਚ ਟਰੈਫਿਕ ਨਿਯਮਾਂ ਸਬੰਧੀ ਮਾਣਯੋਗ ਸੁਪਰੀਮ ਕੌਰਟ ਦੇ ਦਿਸ਼ਾ ਨਿਰਦੇਸ਼ਾ ਨੂੰ ਇੰਨ ਬਿੰਨ ਲਾਗੂ ਕਰਨ ਲਈ ਵੀ ਆਖਿਆ।
ਡਿਪਟੀ ਕਮਿਸ਼ਨਰ ਨੇ ਇਸ ਤੋਂ ਪਹਿਲਾਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀ ਨੂੰ ਪੰਜਾਬ ਸਰਕਾਰ ਵੱਲੋਂ ਆਰੰਭੀਆਂ ਬਿਹਤਰ ਸਿਹਤ ਸੇਵਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਉਨ੍ਹਾਂ ਡੇਂਗੂ ਦੇ ਮੱਦੇਨਜ਼ਰ ਪਿੰਡਾਂ ਅਤੇ ਸ਼ਹਿਰਾਂ ਵਿੱਚ 15 ਨਵੰਬਰ ਤੱਕ ਫੋਗਿੰਗ ਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਜ਼ਿਲ੍ਹੇ 'ਚ ਡੇਂਗੂ ਦੇ ਕੁੱਲ 253 ਕੇਸ ਸਾਹਮਣੇ ਆਏ ਜਿਨਾਂ੍ਹ ਵਿਚੋਂ ਸ਼ਹਿਰੀ ਖੇਤਰ ਵਿੱਚ 189 ਅਤੇ ਪਿੰਡਾਂ ਦੇ 64 ਕੇਸ ਡੇਂਗੂ ਦੇ ਸਨ। ਉਨ੍ਹਾਂ ਇਹ ਵੀ ਆਖਿਆ ਕਿ ਡੇਂਗੂ ਦੇ ਮਰੀਜ ਨੂੰ ਸਧਾਰਨ ਪੈਰਾਸੀਟਾਮੋਲ ਲੈਣੀ ਚਾਹੀਦੀ ਹੈ ਅਤੇ ਮਰੀਜ ਨੂੰ ਡਿਸਪਰੀਨ, ਆਇਸਪਰੀਨ, ਬਰੂਫਨ ਟੈਬਲੇਟ ਨਹੀਂ ਲੈਣੀ ਚਾਹੀਦੀ, ਜੋ ਕਿ ਡੇਂਗੂ ਦੇ ਮਰੀਜ ਲਈ ਹਾਨੀਕਾਰਕ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਅਤੇ ਆਲੇ ਦੁਆਲੇ ਦੀ ਸਫਾਈ ਦੇ ਨਾਲ-ਨਾਲ ਕੂਲਰਾਂ ਅਤੇ ਗਮਲਿਆਂ ਦੀ ਸਫਾਈ ਵੱਲ ਵੀ ਵਿਸ਼ੇਸ ਤਵਜੋ ਦੇਣੀ ਚਾਹੀਦੀ ਹੈ।ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀਮਤੀ ਅਵਨੀਤ ਕੌਰ, ਐਸ.ਡੀ.ਐਮ ਮੋਹਾਲੀ ਸ੍ਰੀ ਲਖਮੀਰ ਸਿੰਘ, ਐਸ.ਡੀ.ਐਮ ਡੇਰਾਬੱਸੀ ਸ੍ਰੀ ਸ਼ਿਵ ਕੁਮਾਰ, ਐਸ.ਡੀ.ਐਮ ਖਰੜ ਅਮਨਿੰਦਰ ਕੌਰ ਬਰਾੜ, ਐਕਸੀਅਨ ਜਲ ਸਪਲਾਈ ਤੇ ਸੈਨੀਟੇਸਨ ਸ੍ਰੀ ਸੁਖਮਿੰਦਰ ਸਿੰਘ ਪੰਧੇਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਮੇਵਾ ਸਿੰਘ ਸਿੱਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਤੋਤਾ ਸਿੰਘ ਚਾਹਿਲ, ਡੀ.ਡੀ.ਪੀ.ਓ ਸ੍ਰੀ ਕੁਲਵੰਤ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।