ਸੁਰੇਸ਼ ਅਰੋੜਾ ਨੇ ਨਵੇਂ ਡੀ.ਜੀ.ਪੀ. ਵਜੋਂ ਕਾਰਜਭਾਰ ਸੰਭਾਲਿਆ
ਭਾਈਚਾਰਕ ਸਾਂਝ ਤੇ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਪਹਿਲ
5 Dariya News
ਚੰਡੀਗੜ੍ਹ 25-Oct-2015
ਪੰਜਾਬ ਪੁਲਿਸ ਮੁਖੀ ਸ੍ਰੀ ਸੁਰੇਸ਼ ਅਰੋੜਾ ਨੇ ਕਿਹਾ ਹੈ ਕਿ ਸੂਬੇ ਵਿਚ ਭਾਈਚਾਰਕ ਸਾਂਝ ਤੇ ਅਮਨ ਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ ਉਨਾਂ ਦੀ ਪਹਿਲ ਹੈ ਅਤੇ ਉਨਾਂ ਇਸ ਦੀ ਪ੍ਰਾਪਤੀ ਲਈ ਆਮ ਲੋਕਾਂ ਤੇ ਮੀਡੀਆ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।ਅੱਜ ਇੱਥੇ ਨਵੇਂ ਡੀ.ਜੀ.ਪੀ. ਵਜੋਂ ਕਾਰਜਭਾਰ ਸੰਭਾਲਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਉਹ ਬਹੁਤ ਅਹਿਮ ਸਮੇਂ 'ਤੇ ਪੁਲਿਸ ਮੁਖੀ ਦੀ ਡਿਊਟੀ ਸੰਭਾਲ ਰਹੇ ਹਨ ਅਤੇ ਉਹ ਜਲਦ ਹੀ ਸੂਬੇ ਦੇ ਵੱਖ-ਵੱਖ ਭਾਗਾਂ ਦਾ ਦੌਰਾ ਕਰਕੇ ਆਮ ਲੋਕਾਂ ਨਾਲ ਰਾਬਤਾ ਕਾਇਮ ਕਰਨਗੇ। ਉਨਾਂ ਕਿਹਾ ਕਿ ਸੂਬੇ ਵਿਚ ਅਮਨ ਕਾਇਮ ਰੱਖਣਾ ਸਾਡੀ ਸਭ ਦੀ ਸਾਂਝੀ ਜਿੰਮੇਵਾਰੀ ਹੈ। ਉਨ੍ਹਾਂ ਇਹ ਯਕੀਨ ਦਿਵਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਿਲਕੁਲ ਨਿਰਪੱਖ ਤੇ ਪਾਰਦਰਸ਼ੀ ਹੋਵੇਗੀ।ਉਨ੍ਹਾਂ ਕਿਹਾ ਕਿ ਕੱਲ ਉਹ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਣ ਜਾਣਗੇ ਤੇ ਨਾਲ ਹੀ ਸਰਹੱਦੀ ਖੇਤਰ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਉਨਾਂ ਰੋਸ ਪ੍ਰਦਰਸ਼ਨ ਕਰ ਰਹੇ ਗਰੁੱਪਾਂ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਤੇ ਵਿਸ਼ੇਸ਼ ਕਰਕੇ ਔਰਤਾਂ ਤੇ ਬੱਚਿਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਵੀ ਧਿਆਨ ਵਿਚ ਰੱਖਣ। ਉਨਾਂ ਕਿਹਾ ਕਿ ਜਿਸ ਕਿਸੇ ਨੂੰ ਵੀ ਕੋਈ ਸ਼ਿਕਾਇਤ ਹੈ ਉਹ ਉਨਾਂ ਤੱਕ ਪਹੁੰਚ ਕਰ ਸਕਦਾ ਹੈ। ਉਨਾਂ ਕਿਹਾ ਕਿ ਸੂਬਾ ਪੁਲਿਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ।