ਪਾਕਿਸਤਾਨ ਸਰਬਜੀਤ ਨੂੰ ਵਧੀਆ ਇਲਾਜ ਲਈ ਭਾਰਤ ਨੂੰ ਸੌਂਪੇ:ਆਦੇਸ਼ ਪ੍ਰਤਾਪ ਸਿੰਘ ਕੈਰੋਂ
5 ਦਰਿਆ ਨਿਊਜ਼
ਚੰਡੀਗੜ੍ਹ 29-Apr-2013
ਪਾਕਿਸਤਾਨ ਦੀ ਜੇਲ੍ਹ ਵਿੱਚ ਹਮਲੇ ਦਾ ਸ਼ਿਕਾਰ ਹੋਏ ਅਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਭਾਰਤੀ ਕੈਦੀ ਸਰਬਜੀਤ ਸਿੰਘ ਨੂੰ ਪਾਕਿਸਤਾਨ ਨੂੰ ਭਾਰਤ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ਤਾਂ ਕਿ ਉਸ ਦੇ ਪਰਿਵਾਰ ਦੀ ਮੌਜੂਦਗੀ ਵਿੱਚ ਉਸ ਦਾ ਇਥੇ ਵਧੀਆ ਇਲਾਜ ਕੀਤਾ ਜਾ ਸਕੇ। ਇਹ ਅਪੀਲ ਅੱਜ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਪਾਕਿਸਤਾਨ ਸਰਕਾਰ ਅੱਗੇ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀ ਹਾਲਤ ਵਿੱਚ ਪਾਕਿਸਤਾਨ ਦਾ ਇਹ ਇਖਲਾਕੀ ਤੇ ਇਨਸਾਨੀ ਫਰਜ਼ ਬਣਦਾ ਹੈ ਕਿ ਉਸਦਾ ਪਰਿਵਾਰ ਉਸ ਦੇ ਕੋਲ ਰਹਿ ਕੇ ਉਸਦਾ ਇਲਾਜ ਕਰਾਏ। ਸਰਬਜੀਤ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਰੋਂ ਨੇ ਕਿਹਾ ਕਿ ਪਰਿਵਾਰ ਨੇ ਇੰਨੇ ਸਾਲਾਂ ਦੌਰਾਨ ਜੋ ਸੰਤਾਪ ਭੋਗਿਆ ਹੈ, ਉਸ ਨੂੰ ਸ਼ਬਦਾਂ ਰਾਹੀਂ ਬਿਆਨ ਕਰਨਾ ਬਹੁਤ ਮੁਸ਼ਕਲ ਹੈ। ਉਨ੍ਹਾਂ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚ ਪ੍ਰਮਾਤਮਾ 'ਤੇ ਭਰੋਸਾ ਰੱਖਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਵੀ ਇਹ ਡਿਊਟੀ ਬਣਦੀ ਹੈ ਕਿ ਉਹ ਸਰਬਜੀਤ ਸਿੰਘ ਨੂੰ ਭਾਰਤ ਲਿਆ ਕੇ ਉਸਦੇ ਪਰਿਵਾਰ ਦੀ ਹਾਜ਼ਰੀ ਵਿੱਚ ਉਸਦਾ ਇਲਾਜ ਕਰਾਉਣ। ਸ੍ਰੀ ਕੈਰੋਂ ਨੇ ਕਿਹਾ ਕਿ ਇਸ ਤਰ੍ਹਾਂ ਕਰਨ ਨਾਲ ਦੋਨਾਂ ਦੇਸ਼ਾਂ ਦੇ ਆਪਸੀ ਸਬੰਧਾਂ ਵਿੱਚ ਵੀ ਨੇੜਤਾ ਆਵੇਗੀ ਕਿਉਂਕਿ ਇਸ ਸਮੇਂ ਵਿੱਚ ਵਧਾਇਆ ਦੋਸਤੀ ਦਾ ਹੱਥ ਦੋਨਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਵੀ ਨੇੜੇ ਲੈ ਕੇ ਆਏਗਾ। ਜ਼ਿਕਰਯੋਗ ਹੈ ਕਿ ਕਈ ਸਾਲ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਸਰਬਜੀਤ ਦੀ ਰਿਹਾਈ ਲਈ ਮਤਾ ਪਾਸ ਕਰ ਚੁੱਕੀ ਹੈ, ਜਿਸ ਨੂੰ ਸ੍ਰੀ ਕੈਰੋਂ ਵੱਲੋਂ ਪੇਸ਼ ਕੀਤਾ ਗਿਆ ਸੀ। ਮੰਤਰੀ ਨੇ ਕਿਹਾ ਕਿ ਪਾਕਿਸਤਾਨ ਨੂੰ ਚਾਹੀਦਾ ਹੈ ਕਿ ਉਹ ਸਜ਼ਾ ਦਾ ਸਮਾਂ ਪੂਰਾ ਕਰ ਚੁੱਕੇ ਸਾਰੇ ਭਾਰਤੀ ਕੈਦੀਆਂ ਨੂੰ ਰਿਹਾਅ ਕਰਨ ਦੇ ਨਾਲ ਨਾਲ ਸਾਰੇ ਜੰਗੀ ਕੈਦੀਆਂ ਨੂੰ ਰਿਹਾਅ ਕਰਕੇ ਅਮਨ ਅਤੇ ਸ਼ਾਂਤੀ ਦਾ ਸੰਦੇਸ਼ ਦੇਵੇ।