ਜ਼ਿਲ੍ਹੇ 'ਚ 15149 ਪੰਜੀਕ੍ਰਿਤ ਉਸਾਰੀ ਕਿਰਤੀਆਂ ਨੂੰ 01 ਕਰੋੜ 87 ਲੱਖ 16 ਹਜ਼ਾਰ 774 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ : ਤੇਜਿੰਦਰ ਪਾਲ ਸਿੰਘ ਸਿੱਧੂ
ਪੰਜੀਕ੍ਰਿਤ ਉਸਾਰੀ ਕਿਰਤੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਹਾਂ ਲੈਣ
5 Dariya News
ਐਸ.ਏ.ਐਸ. ਨਗਰ (ਮੁਹਾਲੀ) 15-Jan-2016
ਪੰਜਾਬ ਸਰਕਾਰ ਦੇ ਕਿਰਤ ਵਿਭਾਗ ਵੱਲੋਂ ਗਠਿਤ ਕੀਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਜ਼ ਵੈਲਫੇਅਰ ਬੋਰਡ ਵੱਲੋਂ ਨਿਰਮਾਣ ਕਾਰਜਾਂ ਅਤੇ ਉਸਾਰੀ ਦੇ ਕੰਮਾਂ ਵਿੱਚ ਲੱਗੇ ਕਿਰਤੀਆਂ ਦੀ ਭਲਾਈ ਲਈ ਜ਼ਿਲ੍ਹੇ ਵਿੱਚ ਹੁਣ ਤੱਕ 15149 ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਤਹਿਤ 01 ਕਰੋੜ 87 ਲੱਖ 16 ਹਜ਼ਾਰ 774 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜੀਕ੍ਰਿਤ ਉਸਾਰੀ ਕਿਰਤੀਆਂ ਦੀ ਭਲਾਈ ਲਈ ਕਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਨ੍ਹਾਂ ਦਾ ਉਸਾਰੀ ਕਿਰਤੀਆਂ ਨੂੰ ਵੱਧ ਤੋਂ ਵੱਧ ਲਾਹਾਂ ਲੈਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਲਕਾ ਐਸ.ਏ.ਐਸ.ਨਗਰ ਵਿੱਚ 4584 ਪ੍ਰੰਜੀਕ੍ਰਿਤ ਉਸਾਰੀ ਕਿਰਤੀਆਂ ਨੂੰ 25 ਲੱਖ 30 ਹਜ਼ਾਰ 369 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਅਤੇ ਡੇਰਾਬੱਸੀ ਹਲਕੇ ਵਿੱਚ 7017 ਉਸਾਰੀ ਕਿਰਤੀਆਂ ਨੂੰ 01 ਕਰੋੜ 38 ਲੱਖ 93 ਹਜ਼ਾਰ 615 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ । ਇਸੇ ਤਰ੍ਹਾਂ ਖਰੜ ਹਲਕੇ ਵਿੱਚ 3548 ਉਸਾਰੀ ਕਿਰਤੀਆਂ ਨੂੰ 22 ਲੱਖ 92 ਹਜ਼ਾਰ 800 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੋਈ ਵੀ ਰਾਜ ਮਿਸਤਰੀ/ ਇੱਟਾਂ / ਪਕੜਾਉਣ ਵਾਲੇ ਮਜਦੂਰ, ਪਲੰਬਰ, ਤਰਖਾਣ, ਵੈਲਡਰ, ਇਲੈਕਟ੍ਰੀਸ਼ਨ, ਸਿਵਰਮੈਨ, ਮਾਰਬਲ / ਟਾਈਲਾਂ ਲਗਾਉਣ ਵਾਲੇ, ਪੇਂਟਰ, ਪੀ.ਓ.ਪੀ. ਕਰਨ ਵਾਲੇ, ਸੜਕਾਂ ਬਣਾਉਣ ਵਾਲੇ, ਇਮਾਰਤਾਂ ਦੀ ਮੁਰੰਮਤ ਰੱਖ ਰਖਾਓ ਵਾਲੇ ਕਿਰਤੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਸਜ਼ ਵੈਲਫੇਅਰ ਬੋਰਡ ਦੇ ਲਾਭ ਪਾਤਰੀ ਬਣ ਸਕਦੇ ਹਨ। ਜਿਸ ਲਈ ਕਿਰਤੀਆਂ ਦੀ ਉਮਰ 18 ਤੋਂ 60 ਸਾਲ ਦਰਮਿਆਨ ਹੋਣੀ ਚਾਹੀਦੀ ਹੈ ਅਤੇ ਇੱਕ ਸਾਲ ਦੌਰਾਨ ਨਿਰਮਾਣ ਕਾਰਜਾਂ / ਉਸਾਰੀ ਕੰਮਾਂ ਵਿੱਚ ਘੱਟੋ ਘੱਟ 90 ਦਿਨ ਕੰਮ ਕੀਤਾ ਹੋਵੇ, ਮਗਨਰੇਗਾ ਵਰਕਰਜ਼ ਵੀ ਬੋਰਡ ਦੇ ਲਾਭ ਪਾਤਰੀ ਬਣ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਰਤੀ ਨੂੰ ਕੇਵਲ ਇੱਕ ਵਾਰ 25 ਰੁਪਏ ਰਜਿਸਟ੍ਰੇਸ਼ਨ ਫੀਸ ਅਦਾ ਕਰਨੀ ਪਵੇਗੀ ਅਤੇ ਆਪਣੀ ਮੈਂਬਰਸੀਪ ਨੂੰ ਚਾਲੂ ਰੱਖਣ ਲਈ 10 ਰੁਪਏ ਪ੍ਰਤੀ ਮਹੀਨਾ ਜਮ੍ਹਾਂ ਕਰਾਉਣਾ ਪਵੇਗਾ। ਉਨ੍ਹਾਂ ਦੱਸਿਆ ਕਿ ਬੋਰਡ ਵੱਲੋਂ ਪੰਜੀਕ੍ਰਿਤ ਉਸਾਰੀ ਕਿਰਤੀ ਦੀ ਮੌਤ/ ਪੂਰਨ ਅਪੰਗਤਾ ਦੀ ਸੂਰਤ ਵਿੱਚ 2 ਲੱਖ ਰੁਪਏ ਐਕਸਗ੍ਰੇਸੀਆਂ ਗਰਾਂਟ ਦਿੱਤੀ ਜਾਂਦੀ ਹੈ। ਬੋਰਡ ਵੱਲੌਂ ਪੰਜੀਕ੍ਰਿਤ ਉਸਾਰੀ ਕਿਰਤੀਆਂ ਦੇ ਬੱਚਿਆਂ ਲਈ ਪਹਿਲੀ ਕਲਾਸ ਤੋਂ ਵਜੀਫਾ ਸਕੀਮ ਸ਼ੁਰੂ ਕੀਤੀ ਗਈ ਹੈ ਅਤੇ ਲੜਕੀਆਂ ਦੀ ਵਿਆਹ ਵੇਲੇ 21 ਹਜ਼ਾਰ ਰੁਪਏ ਦੀ ਰਾਸ਼ੀ ਸਗਨ ਸਕੀਮ ਤਹਿਤ ਦਿੱਤੀ ਜਾਂਦੀ ਹੈ।
ਸਿੱਧੂ ਨੇ ਦੱਸਿਆ ਕਿ ਪੰਜੀਕ੍ਰਿਤ ਉਸਾਰੀ ਕਿਰਤੀਆਂ ਨੂੰ ਛੁੱਟੀ ਦੌਰਾਨ ਯਾਤਰਾਂ ਲਈ ( ਐਲ.ਟੀ.ਸੀ) ਦੀ ਸਹੂਲਤ ਲਈ 2000 ਰੁਪਏ ਦੀ ਰਾਸ਼ੀ ਦਿੱਤੀ ਜਾਂਦੀ ਹੈ। ਉਸਾਰੀ ਕੰਮਾਂ ਵਿੱਚ ਲੱਗੇ ਉਸਾਰੀ ਕਿਰਤੀਆਂ ਅਤੇ ਉਨ੍ਹਾਂ ਦੇ ਆਸ਼ਰਿਤਾ ਵਾਸਤੇ ਖਤਰਨਾਕ ਬਿਮਾਰੀਆਂ ਦੇ ਇਲਾਜ ਲਈ 1 ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਹਾਇਕ ਕਿਰਤ ਕਮਿਸ਼ਨਰ ਐਸ.ਏ.ਐਸ.ਨਗਰ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਉਸਾਰੀ ਕਿਰਤੀਆਂ ਨੂੰ ਉਨ੍ਹਾਂ ਦੇ ਹਿੱਤ ਵਿੱਚ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਹੇਠਲੇ ਪੱਧਰ ਤੱਕ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣ। ਜਿਸ ਵਿੱਚ ਉਨ੍ਹਾਂ ਨੂੰ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ।