ਜ਼ਿਲ੍ਹੇ 'ਚ 413 ਕੈਂਸਰ ਪੀੜਤ ਮਰੀਜਾਂ ਨੂੰ 6 ਕਰੋੜ 19 ਲੱਖ 50 ਹਜ਼ਾਰ ਰੁਪਏ ਦੀ ਰਾਸ਼ੀ ਇਲਾਜ ਲਈ ਵਿੱਤੀ ਸਹਾਇਤਾ ਵਜੋਂ ਪ੍ਰਦਾਨ ਕੀਤੀ : ਤੇਜਿੰਦਰ ਪਾਲ ਸਿੰਘ ਸਿੱਧੂ
ਤਿੰਨ ਕੈਂਸਰ ਪੀੜਤ ਹੋਰ ਮਰੀਜਾਂ ਨੂੰ 4 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਵੀ ਹੋਵੇਗੀ ਜਲਦੀ ਪ੍ਰਦਾਨ
5 Dariya News
ਐਸ.ਏ.ਐਸ. ਨਗਰ (ਮੁਹਾਲੀ) 30-Jan-2016
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ 'ਚ ਹੁਣ ਤੱਕ ਕੈਂਸਰ ਪੀੜਤ 413 ਮਰੀਜਾਂ ਨੂੰ ਨਾਮਵਰ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਾਉਣ ਲਈ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਵਿਚੋਂ 6 ਕਰੋੜ 19 ਲੱਖ 50 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿਦਿੰਆ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜਿੰਦਰ ਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹੇ 'ਚ ਕੈਂਸਰ ਪੀੜਤਾਂ ਦੀਆਂ ਹੁਣ ਤੱਕ 416 ਅਰਜੀਆਂ ਪ੍ਰਾਪਤ ਹੋਈਆਂ ਸਨ। ਜਿਨ੍ਹਾਂ ਵਿਚੋਂ 413 ਕੈਂਸਰ ਪੀੜਤ ਮਰੀਜਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੇ ਤਿੰਨ ਕੈਂਸਰ ਪੀੜਤ ਮਰੀਜਾਂ ਨੂੰ 04 ਲੱਖ 50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਹਫਤੇ ਦੇ ਅੰਦਰ-ਅੰਦਰ ਪ੍ਰਦਾਨ ਕਰ ਦਿੱਤੀ ਜਾਵੇਗੀ। ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਕੈਂਸਰ ਦੀ ਭਿਆਨਕ ਬਿਮਾਰੀ ਦੇ ਖਾਤਮੇ ਲਈ ਜਿਥੇ ਵਿਸ਼ੇਸ ਯਤਨ ਕੀਤੇ ਜਾ ਰਹੇ ਹਨ । ਉਥੇ ਇਸ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਨਾਮੁਰਾਦ ਬਿਮਾਰੀ ਤੋਂ ਬਚਾਅ ਹੋ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਂਸਰ ਦੇ ਮਰੀਜਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਮੁੱਖ ਮੰਤਵ ਮਰੀਜਾਂ ਨੂੰ ਆਪਣੇ ਇਲਾਜ ਲਈ ਪੈਸੇ ਦੀ ਘਾਟ ਮਹਿਸੂਸ ਨਾ ਹੋਵੇ ਅਤੇ ਉਹ ਆਪਣਾ ਇਲਾਜ ਬਿਹਤਰ ਢੰਗ ਨਾਲ ਨਾਮਵਰ ਹਸਪਤਾਲਾਂ ਵਿੱਚ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਕਰਨ ਲਈ ਵਿਆਪਕ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਰਹਿਣ ਅਤੇ ਉਹ ਬਿਮਾਰੀਆਂ ਰਹਿਤ ਆਪਣੀ ਜਿੰਦਗੀ ਬਸਰ ਕਰ ਸਕਣ। ਉਹਨਾਂ ਦੱਸਿਆ ਕਿ ਜ਼ਿਲ੍ਹੇ 'ਚ ਸਕੂਲ ਹੈਲਥ ਯੋਜਨਾ ਤਹਿਤ ਬੱਚਿਆਂ ਦਾ ਮੈਡੀਕਲ ਚੈਕਅੱਪ ਕੀਤਾ ਜਾਂਦਾ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ 361 ਸਕੂਲਾਂ ਦੇ ਕਰੀਬ 30 ਹਜ਼ਾਰ 678 ਬੱਚਿਆਂ ਦਾ ਸਿਹਤ ਚੈਕਅੱਪ ਕੀਤਾ ਗਿਆ ਅਤੇ ਸਕੂਲੀ ਬੱਚਿਆਂ ਨੂੰ ਮੁਫ਼ਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ ਅਤੇ ਬੱਚਿਆਂ ਦੇ ਦੰਦਾਂ ਦਾ ਮੁਫ਼ਤ ਇਲਾਜ ਵੀ ਕੀਤਾ ਗਿਆ। ਉਹਨਾਂ ਹੋਰ ਦੱਸਿਆ ਕਿ ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ ਸਰਕਾਰੀ ਅਤੇ ਮਾਨਤਾ ਪ੍ਰਾਪਤ ਗੈਰ ਸਰਕਾਰੀ ਸਕੂਲੀ ਬੱਚੇ ਜੋ ਕੈਂਸਰ, ਸੀ.ਐਚ.ਡੀ.ਅਤੇ ਆਰ.ਐਚ.ਡੀ . ਤੋਂ ਪੀੜਤ ਹੁੰਦੇ ਹਨ ਉਹਨਾਂ ਦੀ ਜਾਂਚ ਅਤੇ ਇਲਾਜ ਪੀ.ਜੀ.ਆਈ. ਚੰਡੀਗੜ੍ਹ ਵਿਖੇ ਮੁਫ਼ਤ ਕਰਵਾਇਆ ਜਾਂਦਾ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਜਨਨੀ ਸੁਰੱਖਿਆ ਯੋਜਨਾ ਤਹਿਤ ਗਰੀਬ ਪਰਿਵਾਰਾਂ ਨੂੰ ਬੱਚਾ ਪੈਦਾ ਹੋਣ ਤੋਂ ਬਾਅਦ ਵੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ । ਪੇਂਡੂ ਖੇਤਰ ਵਿੱਚ ਸਰਕਾਰੀ ਸੰਸਥਾ ਵਿੱਚ ਜਣੇਪਾ ਹੋਣ ਤੇ 700 ਰੁਪਏ ਅਤੇ ਸ਼ਹਿਰੀ ਖੇਤਰ ਵਿੱਚ ਜਣੇਪਾ ਹੋਣ ਤੇ 500 ਰੁਪਏ ਦਿੱਤੇ ਜਾਂਦੇ ਹਨ । ਉਹਨਾਂ ਦੱਸਿਆ ਕਿ ਪਿੰਡਾਂ ਵਿੱਚ ਵਿਲੇਜ ਹੈਲਥ ਸੈਨੀਟੇਸ਼ਨ ਕਮੇਟੀਆਂ ਤਹਿਤ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਉਹਨਾਂ ਹੋਰ ਦੱਸਿਆ ਕਿ ਜ਼ਿਲ੍ਹੇ ਵਿੱਚ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ 8052 ਪਰਿਵਾਰਾਂ ਦੇ ਰਾਸ਼ਟਰੀ ਸਿਹਤ ਬੀਮਾ ਯੋਜਨਾਂ ਤਹਿਤ 2828 ਕਾਰਡ ਬਣੇ ਹੋਏ ਹਨ ਅਤੇ ਜਿਹਨਾਂ ਨੂੰ ਆਪਣੇ ਇਲਾਜ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਦੱਸਿਆ ਕਿ ਇਸ ਸਾਲ ਹੁਣ ਤੱਕ 123 ਪਰਿਵਾਰਾਂ ਨੂੰ 5 ਲੱਖ 18 ਹਜ਼ਾਰ 575 ਰੁਪਏ ਦੀ ਸਹਾਇਤਾ ਦਿੱਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਦੂਰ ਦੁਰਾਡੇ ਦੇ ਪਿੰਡਾਂ ਦੇ ਮਰੀਜ਼ਾਂ ਨੂੰ ਡਾਕਟਰੀ ਸਹੂਲਤ ਦੇਣ ਲਈ ਮੋਬਾਇਲ ਮੈਡੀਕਲ ਯੂਨਿਟ ਦੀ ਸੇਵਾ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੋਬਾਇਲ ਯੂਨਿਟ ਵੱਲੋਂ ਵੱਖ ਵੱਖ ਪਿੰਡਾਂ ਤੋਂ ਇਲਾਵਾ ਸਲੱਮ ਭੱਠਿਆਂ ਆਦਿ ਤੇ ਜਾ ਕੇ ਮਰੀਜ਼ਾਂ ਦਾ ਚੈਕ ਅੱਪ ਕੀਤਾ ਜਾਂਦਾ ਹੈ ਇਸ ਮੋਬਾਇਲ ਯੂਨਿਟ ਵਿੱਚ ਈ.ਸੀ.ਜੀ. ਐਕਸਰੇ ਅਤੇ ਲੈਬ ਟੈਸਟ ਦੀ ਵੀ ਸਹੂਲਤ ਹੈ ਅਤੇ ਮਰੀਜਾਂ ਨੂੰ ਦਵਾਈਆਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ।