5 Dariya News

ਪੰਜਾਬ ਸਰਕਾਰ ਆਰਥਿਕ ਤੌਰ 'ਤੇ ਕਮਜ਼ੋਰ ਤਬਕਿਆਂ ਨੂੰ ਚੋਟੀ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਯਤਨਸ਼ੀਲ-ਪਰਮਿੰਦਰ ਸਿੰਘ ਢੀਂਡਸਾ

ਲੁਧਿਆਣਾ ਵਿਖੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸੰਬੰਧੀ ਜ਼ਿਲ•ਾ ਪੱਧਰੀ ਸਮਾਗਮ *ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਵੰਡੇ ਕਿਸਾਨ ਸਿਹਤ ਬੀਮਾ ਸਮਾਰਟ ਕਾਰਡ

5 Dariya News (Ajay Pahwa)

ਲੁਧਿਆਣਾ 11-Apr-2016

ਪੰਜਾਬ ਸਰਕਾਰ ਦੇ ਵਿੱਤ ਅਤੇ ਯੋਜਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਪੱਖੋਂ ਕਮਜੋਰ ਤਬਕਿਆਂ ਨੂੰ ਉੱਚ ਕੋਟੀ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ ਦ੍ਰਿੜ ਯਤਨਸ਼ੀਲ ਹੈ, ਇਸੇ ਕੋਸ਼ਿਸ਼ ਤਹਿਤ ਹੀ ਸੂਬੇ ਵਿੱਚ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ 45 ਲੱਖ ਤੋਂ ਵਧੇਰੇ ਲੋਕਾਂ ਨੂੰ ਲਾਹਾ ਮਿਲੇਗਾ। ਉਨਾਂ ਇਹ ਵਿਚਾਰ ਅੱਜ ਇਸ ਬੀਮਾ ਯੋਜਨਾ ਤਹਿਤ ਕਿਸਾਨ ਸਿਹਤ ਸਮਾਰਟ ਕਾਰਡ ਵੰਡਣ ਲਈ ਰੱਖੇ ਗਏ ਜਿਲਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਇਸ ਤੋਂ ਇਲਾਵਾ ਉਨਾਂ ਹੋਰ ਗੱਲ ਸਪੱਸ਼ਟ ਕੀਤੀ ਕਿ ਪੰਜਾਬ ਸਰਕਾਰ ਕੋਲ ਲੋਕ ਹਿੱਤ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ, ਜਿਵੇਂਕਿ ਵਿਰੋਧੀ ਪਾਰਟੀਆਂ ਵੱਲੋਂ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ।ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਰੱਖੇ ਗਏ ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਢੀਂਡਸਾ ਨੇ ਕਿਹਾ ਕਿ ਅੱਜ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਅਧੀਨ ਸਮਾਰਟ ਕਾਰਡ ਵੰਡਣ ਦੀ ਸ਼ੁਰੁਆਤ ਕੀਤੀ ਜਾ ਰਹੀ ਹੈ, ਜੋ ਕਿ ਸੇਵਾ ਦੇ ਪੁੰਜ ਭਗਤ ਪੂਰਨ ਸਿੰਘ ਜੀ ਦੇ ਨਾਮ 'ਤੇ ਸ਼ੁਰੂ ਕੀਤੀ ਗਈ ਹੈ। ਭਗਤ ਪੂਰਨ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਬੇਸਹਾਰਿਆਂ, ਅਨਾਥ ਬੱਚਿਆਂ, ਅਪਾਹਜਾਂ ਅਤੇ ਬਜ਼ੁਰਗਾਂ ਦੀ ਨਿਸ਼ਕਾਮ ਸੇਵਾ ਦੇ ਲੇਖੇ ਲਾ ਦਿੱਤਾ। ਇਸ ਸਿਹਤ ਬੀਮਾ ਯੋਜਨਾ ਨਾਲ ਸੂਬੇ ਦੇ ਆਰਥਿਕ ਤੌਰ 'ਤੇ ਕਮਜ਼ੋਰ ਤਬਕਿਆਂ ਨੂੰ ਚੋਟੀ ਦੇ ਹਸਪਤਾਲਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਹੋਣਗੀਆਂ। ਇਸ ਸਕੀਮ ਨੂੰ ਸਹੀ ਮਾਅਨਿਆਂ ਵਿੱਚ ਲੋੜਵੰਦ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਯੋਜਨਾ ਵੀ ਕਿਹਾ ਜਾ ਸਕਦਾ ਹੈ। 

ਉਨਾਂ ਕਿਹਾ ਕਿ ਦੇਸ਼ ਭਰ ਵਿੱਚ ਅਕਾਲੀ-ਭਾਜਪਾ ਸਰਕਾਰ ਪਹਿਲੀ ਸਰਕਾਰ ਹੈ, ਜਿਸ ਨੇ ਗਰੀਬਾਂ, ਕਿਸਾਨਾਂ, ਵਪਾਰੀਆਂ ਤੇ ਕਿਰਤੀਆਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ। ਇਸ ਯੋਜਨਾ ਤਹਿਤ 50,000 ਰੁਪਏ ਤੱਕ ਦਾ ਮੁਫਤ ਇਲਾਜ 400 ਤੋਂ ਵਧੇਰੇ ਹਸਪਤਾਲਾਂ ਵਿਚ ਕਰਵਾਇਆ ਜਾ ਸਕੇਗਾ। ਪਰਿਵਾਰ ਦੇ ਮੁੱਖੀ ਦੀ ਹਾਦਸੇ ਵਿਚ ਮੌਤ ਹੋ ਜਾਣ ਜਾਂ ਸਰੀਰਕ ਤੌਰ 'ਤੇ ਨਾਕਾਰਾ ਹੋ ਜਾਣ ਦੀ ਸੂਰਤ ਵਿਚ ਪੰਜ ਲੱਖ ਰੁਪਏ ਮਿਲਣਗੇ। ਉਨਾਂ ਕਿਹਾ ਕਿ ਇਸ ਯੋਜਨਾ ਤਹਿਤ 28 ਲੱਖ 90 ਹਜ਼ਾਰ ਨੀਲੇ ਕਾਰਡ ਧਾਰਕ ਪਰਿਵਾਰ, 11 ਲੱਖ ਕਿਸਾਨ, 2 ਲੱਖ 33 ਹਜ਼ਾਰ ਵਪਾਰੀ, 2 ਲੱਖ 32 ਹਜ਼ਾਰ ਉਸਾਰੀ ਕਿਰਤੀ ਲਾਹਾ ਲੈਣਗੇ।ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ 55093 ਕਿਸਾਨਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ।ਉਨਾਂ ਹੋਰ ਦੱਸਿਆ ਕਿ  ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੀ ਕੈਸ਼ਲੈੱਸ ਹੈੱਲਥ ਇੰਸ਼ੋਰੈਂਸ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਦਾ ਸੂਬੇ ਦੇ 6 ਲੱਖ 50 ਹਜ਼ਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਾਹਾ ਲੈਣਗੇ।ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਗਿੱਲ ਦੇ ਵਿਧਾਇਕ ਸ੍ਰ. ਦਰਸ਼ਨ ਸਿੰਘ ਸ਼ਿਵਾਲਿਕ ਨੇ ਇਸ ਬੀਮਾ ਯੋਜਨਾ ਨੂੰ ਸ਼ੁਰੂ ਕਰਨ ਲਈ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਹੋਰ ਯੋਜਨਾਵਾਂ ਦਾ ਵੀ ਵੇਰਵਾ ਦਿੱਤਾ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦਾ ਸਰਬਪੱਖੀ ਵਿਕਾਸ ਕਰਨ ਲਈ ਦਿਨ ਰਾਤ ਕੀਤਾ ਜਾ ਰਿਹਾ ਹੈ, ਦਿਹਾਤੀ ਹਲਕਿਆਂ ਨੂੰ ਸ਼ਹਿਰੀ ਹਲਕਿਆਂ ਦੇ ਬਰਾਬਰ ਦੀਆਂ ਬੁਨਿਆਦੀ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮੌਕੇ 'ਤੇ ਹਾਜ਼ਰ ਕਿਸਾਨਾਂ ਨੂੰ ਕਿਸਾਨ ਸਿਹਤ ਸਮਾਰਟ ਕਾਰਡਾਂ ਦੀ ਵੰਡ ਵੀ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ, ਪੰਜਾਬ ਵਪਾਰ ਮੰਡਲ ਦੇ ਉੱਪ ਚੇਅਰਮੈਨ ਸ੍ਰੀ ਮਦਨ ਲਾਲ ਬੱਗਾ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਅਪਨੀਤ ਰਿਆਤ, ਬਾਬਾ ਜਗਰੂਪ ਸਿੰਘ, ਸ੍ਰ. ਸ਼ਿਵਰਾਜ ਸਿੰਘ ਜੱਲ•ਾ, ਸ੍ਰ. ਮਨਮੋਹਨ ਸਿੰਘ ਕਾਲਖ, ਸ੍ਰ. ਹਰਮਿੰਦਰ ਸਿੰਘ ਠੱਕਰਵਾਲ (ਸਾਰੇ ਮਾਰਕੀਟ ਕਮੇਟੀਆਂ ਦੇ ਅਹੁਦੇਦਾਰ) ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।