5 Dariya News

ਕਿਸਾਨ ਗ਼ੈਰ-ਪ੍ਰਵਾਨਤ ਅਤੇ ਹਾਈਬ੍ਰਿਡ ਬੀਜਾਂ ਦੀ ਵਰਤੋਂ ਤੋਂ ਗੁਰੇਜ਼ ਕਰਨ: ਜਥੇਦਾਰ ਤੋਤਾ ਸਿੰਘ

ਜ਼ਿਲ੍ਹਿਆਂ 'ਚ ਤੈਨਾਤ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਸਾਉਣੀ ਦੀਆਂ ਮੁੱਖ ਫ਼ਸਲਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

5 Dariya News

ਚੰਡੀਗੜ੍ਹ 03-May-2016

ਪੰਜਾਬ ਦੇ ਖੇਤੀਬਾੜੀ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਅੱਜ ਉਚ ਪੱਧਰੀ ਮੀਟਿੰਗ ਦੌਰਾਨ ਸਾਉਣੀ ਦੀਆਂ ਮੁੱਖ ਫ਼ਸਲਾਂ ਝੋਨਾ, ਕਪਾਹ ਅਤੇ ਬਾਸਮਤੀ ਆਦਿ ਲਈ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ। ਜਥੇਦਾਰ ਤੋਤਾ ਸਿੰਘ ਨੇ ਨਰਮੇ ਦੀ ਬਿਜਾਈ ਨੂੰ ਮੁੱਖ ਰਖਦਿਆਂ ਨਹਿਰੀ ਪਾਣੀ ਅਤੇ ਬਿਜਲੀ ਦੀ ਉਪਲਬਧਤਾ ਬਾਰੇ ਯੋਗ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਵਿਭਾਗ ਦੇ ਸਮੂਹ ਅਧਿਕਾਰੀਆਂ ਖ਼ਾਸਕਰ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਫ਼ਤੇ ਦੇ ਅੰਦਰ-ਅੰਦਰ ਨਰਮੇ ਦੀ ਬਿਜਾਈ ਮੁਕੰਮਲ ਕਰਵਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਝੋਨੇ ਦੀ ਕੋਈ ਵੀ ਅਜਿਹੀ ਕਿਸਮ ਦੀ ਬਿਜਾਈ ਨਾ ਕੀਤੀ ਜਾਵੇ ਜਿਸ ਦੀ ਵਿਕਰੀ ਵਿੱਚ ਕਿਸਾਨਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਹੋਵੇ। ਉਨ੍ਹਾਂ ਡਾਇਰੈਕਟਰ ਖੇਤੀਬਾੜੀ ਨੂੰ ਵਿਸ਼ੇਸ਼ ਤੌਰ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਵਾਨਤ ਕਿਸਮਾਂ ਦੀ ਬਿਜਾਈ ਕਰਨ ਅਤੇ ਗ਼ੈਰ-ਪ੍ਰਵਾਨਤ ਤੇ ਹਾਈਬ੍ਰਿਡ ਕਿਸਮਾਂ ਦੀ ਬਿਜਾਈ ਨਾ ਕਰਨ ਸਬੰਧੀ ਕਿਸਾਨਾਂ ਨੂੰ ਹਰ ਸਾਧਨ ਵਰਤ ਕੇ ਜਾਗਰੂਕ ਕਰਨ ਲਈ ਕਿਹਾ।ਜਥੇਦਾਰ ਤੋਤਾ ਸਿੰਘ ਨੇ ਕਿਸਾਨਾਂ ਦੀ ਫ਼ਸਲ ਦੀ ਸਮੇਂ-ਸਮੇਂ 'ਤੇ ਨਿਗਰਾਨੀ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਹਫ਼ਤਾਵਾਰੀ ਫ਼ਸਲ ਸਬੰਧੀ ਰਿਪੋਰਟ ਡਾਇਰੈਕਟਰ ਖੇਤੀਬਾੜੀ ਨੂੰ ਭੇਜਣ ਤਾਂ ਜੋ ਸਾਂਝੀ ਰਿਪੋਰਟ ਤਿਆਰ ਕਰ ਕੇ ਨਿਰੰਤਰ ਤੌਰ 'ਤੇ ਮੁੱਖ ਮੰਤਰੀ ਦੇ ਧਿਆਨ ਲਿਆਂਦੀ ਜਾ ਸਕੇ।

ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ (ਵਿਕਾਸ), ਪੰਜਾਬ ਨਿਰਮਲਜੀਤ ਸਿੰਘ ਕਲਸੀ ਨੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਸਮੇਂ-ਸਮੇਂ 'ਤੇ ਲੋੜੀਂਦੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਜੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਆਉਂਦੀ ਹੈ ਤਾਂ ਉਸ ਬਾਰੇ ਤੁਰੰਤ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਹੱਲ ਲੱਭਿਆ ਜਾ ਸਕੇ। ਉਨ੍ਹਾਂ ਉਦਮੀ ਕਿਸਾਨਾਂ ਦੀ ਡਾਕੂਮੈਂਟਰੀ ਤਿਆਰ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਖੇਤੀਬਾੜੀ ਸਬੰਧੀ ਦੂਰਦਰਸ਼ਨ/ਰੇਡਿਉ 'ਤੇ ਪ੍ਰਸਾਰਤ ਕਰਨ ਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।ਡਾਇਰੈਕਟਰ ਖੇਤੀਬਾੜੀ ਸ. ਜਸਬੀਰ ਸਿੰਘ ਬੈਂਸ ਨੇ ਦੱਸਿਆ ਕਿ ਇਸ ਸਾਲ ਸਾਉਣੀ ਦੇ ਸੀਜ਼ਨ ਦੌਰਾਨ 27.10 ਲੱਖ ਹੈਕਟੇਅਰ ਝੋਨਾ, 2.00 ਲੱਖ ਹੈਕਟੇਅਰ ਮੱਕੀ ਅਤੇ 5.00 ਲੱਖ ਹੈਕਟੇਅਰ ਨਰਮੇ ਦੀ ਬਿਜਾਈ ਕੀਤੇ ਜਾਣ ਦਾ ਟੀਚਾ ਮਿੱਥਿਆ ਗਿਆ ਹੈ ਜਿਸ ਲਈ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ।ਡਾਇਰੈਕਟਰ ਨੇ ਦੱਸਿਆ ਕਿ 2 ਮਈ 2016 ਤੱਕ 10171544 ਮੀਟਰਕ ਟਨ ਕਣਕ ਦੀ ਮੰਡੀਆਂ ਵਿੱਚ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ ਲਗਭਗ 80 ਫ਼ੀਸਦੀ ਚੁਕਾਈ ਹੋ ਚੁੱਕੀ ਹੈ।