5 Dariya News

ਫਿਰੋਜ਼ਪੁਰ ਦੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਵਿੱਚ ਤੇਜ਼ੀ ਲਿਆਉਣ ਲਈ ਕਮਲ ਸ਼ਰਮਾ ਵੱਲੋਂ ਮੁੱਖ ਮੰਤਰੀ ਨਾਲ ਮੀਟਿੰਗ

ਬਾਦਲ ਨੇ ਸਰਹੱਦੀ ਜ਼ਿਲ੍ਹੇ ਵਿੱਚ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਛੇਤੀ ਪੂਰਾ ਕਰਨ ਦਾ ਭਰੋਸਾ ਦਿਵਾਇਆ

5 Dariya News

ਚੰਡੀਗੜ੍ਹ 06-Jun-2016

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਉਚੇਰੀ ਸਿੱਖਿਆ ਦੇ ਸਕੱਤਰ ਨੂੰ ਫਿਰੋਜ਼ਪੁਰ ਵਿੱਚ ਬਣਾਏ ਜਾ ਰਹੇ ਸਰਕਾਰੀ ਡਿਗਰੀ ਕਾਲਜ ਵਿੱਚ ਚਾਲੂ ਅਕਾਦਮਿਕ ਸੈਸ਼ਨ ਤੋਂ ਕਲਾਸਾਂ ਸ਼ੁਰੂ ਕਰਨ ਲਈ ਆਖਿਆ ਹੈ।  ਇਹ ਫੈਸਲਾ ਸ. ਬਾਦਲ ਨੇ ਅੱਜ ਸ਼ਾਮ ਆਪਣੇ ਨਿਵਾਸ ਸਥਾਨ 'ਤੇ ਫਿਰੋਜ਼ਪੁਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦੇ ਹੋਏ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਇਕ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਕੀਤਾ।  ਫਿਰੋਜ਼ਪੁਰ ਸ਼ਹਿਰ ਵਿੱਚ ਮੋਹਕਮ ਕਲਾਂ ਵਾਲਾ ਵਿਖੇ ਸਥਾਪਤ ਕੀਤੇ ਜਾ ਰਹੇ ਨਵੇਂ ਡਿਗਰੀ ਕਾਲਜ ਵਿੱਚ ਇਸ ਅਕਾਦਮਿਕ ਸੈਸ਼ਨ ਵਿੱਚ ਕਲਾਸਾਂ ਸ਼ੁਰੂ ਕਰਨ ਦੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਕਮਲ ਸ਼ਰਮਾ ਵੱਲੋਂ ਉਠਾਏ ਗਏ ਮੁੱਦੇ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਉਚੇਰੀ ਸਿੱਖਿਆ ਦੇ ਸਕੱਤਰ ਨੂੰ ਆਉਂਦੇ ਸੈਸ਼ਨ ਤੋਂ ਕਲਾਸਾਂ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਕਾਲਜ ਦੇ ਪ੍ਰਿੰਸੀਪਲ, ਅਧਿਆਪਕਾਂ ਤੇ ਗੈਰ-ਅਧਿਆਪਨ ਅਮਲੇ ਦੀ ਨਿਯੁਕਤੀ ਦਾ ਕੰਮ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੁਕੰਮਲ ਕਰਨ ਲਈ ਆਖਿਆ ਹੈ।ਇਸੇ ਤਰ੍ਹਾਂ ਮੁੱਖ ਮੰਤਰੀ ਨੇ ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਨੂੰ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਬਣਾਏ ਜਾ ਰਹੇ ਮੈਰੀਟੋਰੀਅਸ ਸਕੂਲ ਦੀਆਂ ਕਲਾਸਾਂ ਇਸ ਸਾਲ ਦੇ ਇਕ ਅਗਸਤ ਤੋਂ ਸ਼ੁਰੂ ਕਰਨ ਲਈ ਆਖਿਆ ਹੈ। ਪੰਜਾਬ ਮੈਰੀਟੋਰੀਅਸ ਸਕੂਲਜ਼ ਸੁਸਾਇਟੀ ਦੇ ਮੁਖੀ ਲੈਫਟੀਨੈਂਠ ਜਨਰਲ (ਸੇਵਾ-ਮੁਕਤ) ਕੇ.ਏ.ਐਸ. ਭੁੱਲਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਸ ਸਕੂਲ ਦੇ ਨਿਰਮਾਣ ਦਾ ਬਹੁਤਾ ਕੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ ਅਤੇ ਉਹ ਨਵੇਂ ਅਕਾਦਮਿਕ ਸੈਸ਼ਨ ਤੋਂ ਕਲਾਸਾਂ ਸ਼ੁਰੂ ਕਰਨ ਦੀ ਪੂਰੀ ਸਥਿਤੀ ਵਿੱਚ ਹਨ।

ਮੁੱਖ ਮੰਤਰੀ ਨੇ ਸ੍ਰੀ ਕਮਲ ਸ਼ਰਮਾ ਨੂੰ ਭਰੋਸਾ ਦਿਵਾਇਆ ਕਿ ਪੱਟੀ ਦੇ ਪਿੰਡ ਘੜਿਆਲਾ ਅਤੇ ਫਿਰੋਜ਼ਪੁਰ ਦੇ ਮੱਲਾਂਵਾਲਾ ਨੂੰ ਜੋੜਨ ਵਾਲਾ 25 ਕਿਲੋਮੀਟਰ ਲੰਮੀ ਰੇਲ ਪੱਟੜੀ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰਵਾਉਣ ਲਈ ਉਹ ਨਿੱਜੀ ਤੌਰ 'ਤੇ ਕੇਂਦਰੀ ਰੇਲ ਮੰਤਰੀ ਸ੍ਰੀ ਸੁਰੇਸ਼ ਪ੍ਰਭੂ ਕੋਲ ਉਠਾਉਣਗੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਇਸ ਸ਼ਾਨਾਮੱਤੇ ਰੇਲ ਪ੍ਰਾਜੈਕਟ ਲਈ ਲੋੜੀਂਦੀ ਜ਼ਮੀਨ ਪ੍ਰਾਪਤ ਕਰਨ ਦੀ ਪ੍ਰਕ੍ਰਿਆ ਤੁਰੰਤ ਸ਼ੁਰੂ ਕਰਨ ਲਈ ਆਖਿਆ ਹੈ। ਮੁੱਖ ਮੰਤਰੀ ਨੇ ਪੁੱਡਾ ਦੇ ਮੁੱਖ ਪ੍ਰਸ਼ਾਸਕ ਨੂੰ ਨਿਰਦੇਸ਼ ਦਿੱਤੇ ਕਿ ਉਹ ਸੀ-ਪਾਈਟ ਦੀ ਇਮਾਰਤ ਮੁਕੰਮਲ ਕਰਨ ਲਈ ਤੁਰੰਤ 5.74 ਕਰੋੜ ਰੁਪਏ ਦੇ ਬਕਾਇਆ ਫੰਡ ਜਾਰੀ ਕਰਨ ਤਾਂ ਜੋ ਫੌਜ ਜਾਂ ਸੂਬਾ ਪੁਲੀਸ ਵਿੱਚ ਭਰਤੀ ਹੋਣ ਦੀ ਇੱਛਾ ਰੱਖਣ ਵਾਲੇ ਨੌਜਵਾਨਾਂ ਲਈ ਢੁਕਵੀਂ ਸਿਖਲਾਈ ਯਕੀਨੀ ਬਣਾਈ ਜਾ ਸਕੇ। ਗੌਰਤਲਬ ਹੈ ਕਿ ਇਸ ਮਕਸਦ ਲਈ ਪੁੱਡਾ ਨੇ ਪਹਿਲਾਂ ਹੀ 1.91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।ਸ਼ਰਮਾ ਵੱਲੋਂ ਉਠਾਈ ਗਈ ਇਕ ਹੋਰ ਮੰਗ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਨੂੰ ਬਿਨਾਂ ਕਿਸੇ ਦੇਰੀ 30 ਅਕਤੂਬਰ, 2016 ਤੱਕ ਸਤਲੁਜ ਦਰਿਆ 'ਤੇ ਬੰਡਾਲਾ ਪੁਲ ਦਾ ਨਿਰਮਾਣ ਕਾਰਜ ਮੁਕੰਮਲ ਕਰਨ ਲਈ ਆਖਿਆ ਹੈ। ਫਿਰੋਜ਼ਪੁਰ ਵਿਖੇ ਪੀ.ਜੀ.ਆਈ. ਸੈਟੇਲਾਈਟ ਪ੍ਰਾਜੈਕਟ ਦੇ ਸਬੰਧ ਵਿੱਚ ਡਾਕਟਰੀ ਸਿੱਖਿਆ ਦੇ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ 22 ਏਕੜ ਜ਼ਮੀਨ ਪਹਿਲਾਂ ਹੀ ਭਾਰਤ ਸਰਕਾਰ ਦੇ ਸਿਹਤ ਮੰਤਰਾਲੇ ਨੂੰ ਸਰਹੱਦੀ ਜ਼ਿਲ੍ਹੇ ਦੀ ਇਸ਼ ਸ਼ਾਨਾਮੱਤੀ ਮੈਡਕੀਲ ਸੰਸਥਾ ਲਈ ਤਬਦੀਲ ਕਰ ਦਿੱਤੀ ਹੈ।

ਮੁੱਖ ਮੰਤਰੀ ਨੇ ਸ੍ਰੀ ਕਮਲ ਸ਼ਰਮਾ ਨੂੰ ਭਰੋਸਾ ਦਿਵਾਇਆ ਕਿ ਉਹ ਭਾਰਤ-ਪਾਕਿ ਸਰਹੱਦ 'ਤੇ ਹੁਸੈਨੀਵਾਲ ਵਿਖੇ ਲਾਈਟ ਐਂਡ ਸਾਊਂਡ ਪ੍ਰਾਜੈਕਟ ਵਾਸਤੇ ਫੰਡ ਮੁਹੱਈਆ ਕਰਵਾਉਣ ਲਈ ਭਾਰਤ ਸਰਕਾਰ ਦੇ ਸੈਰ-ਸਪਾਟਾ ਤੇ ਸੱਭਿਆਚਾਰ ਮੰਤਰੀ ਨੂੰ ਨਿੱਜੀ ਤੌਰ 'ਤੇ ਮਿਲਣਗੇ ਅਤੇ ਉਨ੍ਹਾਂ ਨੂੰ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਵੱਲੋਂ ਪਾਏ ਮਹਾਨ ਯੋਗਦਾਨ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਵਾਸਤੇ ਇਸ ਪ੍ਰਾਜੈਕਟ ਦੀ ਮਹੱਤਤਾ ਨੂੰ ਦੇਖਦੇ ਹੋਏ ਫੰਡ ਮੁਹੱਈਆ ਕਰਵਾਉਣ ਲਈ ਜ਼ੋਰ ਪਾਉਣਗੇ। ਇਸੇ ਤਰ੍ਹਾਂ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਨੇ ਲਾਈਟ ਐਂਡ ਸਾਊਂਡ ਪ੍ਰੋਗਰਾਮ ਸ਼ੁਰੂ ਕਰਨ ਲਈ ਲੋੜੀਂਦੀਆਂ ਰਸਮਾਂ ਬਾਰੇ ਜਾਣੂੰ ਕਰਵਾਇਆ।   ਮੁੱਖ ਮੰਤਰੀ ਨੇ ਸ੍ਰੀ ਕਮਲ ਸ਼ਰਮਾ ਨੂੰ ਭਰੋਸਾ ਦਿਵਾਇਆ ਕਿ ਕੌਮੀ ਮਾਰਗ-95 ਤੋਂ ਰਾਜ ਮਾਰਗ-20 ਦੇ ਨਾਲ ਬਰਾਸਤਾ ਕੁੰਡੇ ਅਟਾਰੀ ਰਾਹੀਂ 20.40 ਕਿਲੋਮੀਟਰ ਬਾਈਪਾਸ ਬਣਾਉਣ ਦਾ ਮੁੱਦਾ ਕੇਂਦਰੀ ਆਵਾਜਾਈ ਮੰਤਰੀ ਕੋਲ ਉਠਾਉਣਗੇ। ਇਹ ਬਾਈਪਾਸ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਨੂੰ ਘਟਾਉਣ ਤੋਂ ਇਲਾਵਾ ਬਦਲਵਾਂ ਰੂਟ ਬਣਨ ਨਾਲ ਲੋਕਾਂ ਦੇ ਸਮੇਂ ਤੇ ਤੇਲ ਦੀ ਬੱਚਤ ਹੋਵੇਗੀ।  ਮੀਟਿੰਗ ਵਿੱਚ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸ੍ਰੀ ਕਮਲ ਸ਼੍ਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਤੇ ਡਾ. ਐਸ਼. ਕਰੁਣਾ ਰਾਜੂ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਸ੍ਰੀ ਸਤੀਸ਼ ਚੰਦਰਾ, ਡਾਇਰੈਕਟਰ ਸਥਾਨਕ ਸਰਕਾਰ ਸ੍ਰੀ ਵਿਕਾਸ ਪ੍ਰਤਾਪ, ਉਚੇਰੀ ਸਿੱਖਿਆ ਦੇ ਪ੍ਰਮੁੱਖ ਸਕੱਤਰ ਸ੍ਰੀ ਰੌਸ਼ਨ ਸੁੰਕਾਰੀਆ, ਸਕੂਲ ਸਿੱਖਿਆ ਦੇ ਪ੍ਰਮੁੱਖ ਸਕੱਤਰ ਸ੍ਰੀ ਜੀ. ਵਜਰਾਲਿੰਗਮ, ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਅੰਜਲੀ ਭਾਵੜਾ, ਸਕੱਤਰ ਖੇਡਾਂ ਸ੍ਰੀ ਵਿਵੇਕ ਪ੍ਰਤਾਪ ਸਿੰਘ, ਸਕੱਤਰ ਮੈਡੀਕਲ ਸਿੱਖਿਆ ਤੇ ਖੋਜ ਸ੍ਰੀ ਹੁਸਨ ਲਾਲਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਮਨਵੇਸ਼ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਡੀ.ਪੀ.ਐਸ. ਖਰਬੰਦਾ ਅਤੇ ਡੀ.ਪੀ.ਆਈ. (ਕਾਲਜਾਂ) ਸ੍ਰੀ ਟੀ.ਕੇ.ਗੋਇਲ ਹਾਜ਼ਰ ਸਨ।