5 Dariya News

ਕੌਮਾਂਤਰੀ ਯੋਗ ਦਿਵਸ ਮੌਕੇ ਪੰਜਾਬ ਤੋਂ 10 ਹਜ਼ਾਰ ਵਲੰਟੀਅਰ ਹੋਏ ਸ਼ਾਮਲ ਪ੍ਰਧਾਨ ਮੰਤਰੀ ਦੀ ਅਗਵਾਈ ਵਿੱਚ ਕੀਤੇ ਯੋਗ ਆਸਣ

ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੇ ਵੀ ਭਰੀ ਹਾਜ਼ਰੀ ਮੁਹਾਲੀ, ਫਤਹਿਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਨਵਾਂਸ਼ਹਿਰ ਤੋਂ ਪਹੁੰਚੇ ਵਲੰਟੀਅਰ

5 Dariya News

ਚੰਡੀਗੜ੍ਹ 21-Jun-2016

ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਅੱਜ ਇੱਥੇ ਕੈਪੀਟਲ ਕੰਪਲੈਕਸ ਵਿੱਚ ਦੂਜਾ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ ਜਿਸ ਵਿੱਚ 30 ਹਜ਼ਾਰ ਤੋਂ ਵੱਧ ਲੋਕਾਂ ਨੇ ਸਮੂਹਿਕ ਯੋਗ ਪ੍ਰਦਰਸ਼ਨ ਵਿੱਚ ਹਿੱਸਾ ਲਿਆ ਜਿਨ੍ਹਾਂ ਵਿੱਚ ਪੰਜਾਬ ਦੇ 10 ਹਜ਼ਾਰ ਵਲੰਟੀਅਰ ਵੀ ਸ਼ਾਮਲ ਸਨ। ਇਸ ਮੌਕੇ ਪੰਜਾਬ ਦੇ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਅਤੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ। ਇਸ ਸਮਾਗਮ ਦੀ ਸ਼ੁਰੂਆਤ ਵਿੱਚ ਰਾਜਪਾਲ ਪ੍ਰੋ. ਕਪਤਾਨ ਸਿੰਘ ਸੋਲੰਕੀ ਨੇ ਪ੍ਰਧਾਨ ਮੰਤਰੀ ਨੂੰ ਜੀ ਆਇਆ ਆਖਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਲਗਾਤਾਰ ਕੀਤੇ ਉੱਦਮਾਂ ਸਦਕਾ ਹੀ ਯੋਗ ਨੂੰ ਕੌਮਾਂਤਰੀ ਪੱਧਰ 'ਤੇ ਪਛਾਣ ਮਿਲੀ ਹੈ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਮੁਹਾਲੀ, ਫਤਹਿਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਨਵਾਂਸ਼ਹਿਰ ਜ਼ਿਲ੍ਹਿਆਂ ਤੋਂ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ, ਨੌਜਵਾਨਾਂ, ਮਹਿਲਾਵਾਂ ਅਤੇ ਪੰਜਾਬ ਪੁਲੀਸ ਦੇ ਜਵਾਨਾਂ ਸਮੇਤ ਹੋਰ ਵਲੰਟੀਅਰਾਂ ਨੇ ਅੱਜ ਸਮੂਹਿਕ ਯੋਗ ਪ੍ਰਦਰਸ਼ਨ ਵਿੱਚ ਹਿੱਸਾ ਲਿਆ। 

ਇਸ ਸਮਾਗਮ ਵਿੱਚ ਪਹੁੰਚਣ ਵਾਲੇ ਵਲੰਟੀਅਰਾਂ ਲਈ ਆਵਾਜਾਈ ਅਤੇ ਖਾਣ-ਪੀਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।ਜ਼ਿਕਰਯੋਗ ਹੈ ਕਿ ਮੁੱਖ ਸਮਾਗਮ ਲਈ ਪੰਜਾਬ ਭਰ ਤੋਂ 23 ਹਜ਼ਾਰ ਤੋਂ ਵੱਧ ਵਲੰਟੀਅਰਾਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ ਜਿਨ੍ਹਾਂ ਵਿੱਚੋਂ 10,000 ਵਲੰਟੀਅਰ ਅੱਜ ਇਸ ਸਮਾਗਮ ਵਿੱਚ ਸ਼ਾਮਲ ਹੋਏ ਜਦਕਿ ਬਾਕੀ ਵਲੰਟੀਅਰ ਜ਼ਿਲ੍ਹਾ ਤੇ ਬਲਾਕ ਪੱਧਰ 'ਤੇ ਹੋ ਰਹੇ ਸਮਾਗਮਾਂ ਵਿੱਚ ਸ਼ਾਮਲ ਹੋਏ।ਇਸ ਮੌਕੇ ਆਯੂਸ਼ ਮੰਤਰਾਲੇ ਦੇ ਕੇਂਦਰੀ ਰਾਜ ਮੰਤਰੀ ਸ੍ਰੀ ਸ਼੍ਰੀਪਦ ਯਸੋ ਨਾਇਕ, ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ, ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ, ਚੰਡੀਗੜ੍ਹ ਤੋਂ ਸੰਸਦ ਮੈਂਬਰ ਸ੍ਰੀਮਤੀ ਕਿਰਨ ਖੇਰ ਤੋਂ ਇਲਾਵਾ ਸਿਆਸੀ ਆਗੂ ਅਤੇ ਸੀਨੀਅਰ ਅਧਿਕਾਰੀ ਹਾਜ਼ਰ ਸਨ।