5 Dariya News

ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

ਯੋਗ ਲਾਭਪਾਤਰੀਆਂ ਦੇ ਮੌਕੇ 'ਤੇ ਭਰਾਏ ਗਏ ਫਾਰਮ , ਪੰਜਾਬ ਸਰਕਾਰ ਨੇ ਹਰੇਕ ਵਰਗ ਦੀ ਭਲਾਈ ਲਈ ਯੋਜਨਾਵਾਂ ਬਣਾਈਆਂ-ਡਾ. ਅਟਵਾਲ

5 Dariya News

ਮਲੌਦ 26-Jul-2016

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਅਤੇ ਵਿਕਾਸ ਲਈ ਚਲਾਈਆਂ ਗਈਆਂ ਵੱਖ-ਵੱਖ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਯੋਗ ਲਾਭਪਾਤਰੀਆਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਦਿਵਾਉਣ ਹਿੱਤ ਹਲਕਾ ਵਿਧਾਇਕ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਡਾ. ਚਰਨਜੀਤ ਸਿੰਘ ਅਟਵਾਲ ਦੀ ਅਗਵਾਈ ਵਿੱਚ ਹਲਕਾ ਪਾਇਲ ਦੇ ਪਿੰਡਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਤਹਿਤ ਪਿੰਡ ਰਾਮਗੜ੍ਹ ਸਰਦਾਰਾਂ ਵਿਖੇ ਦੋ ਰੋਜ਼ਾ ਕੈਂਪ ਦੀ ਸ਼ੁਰੂਆਤ ਅੱਜ ਕੀਤੀ ਗਈ।ਕੈਂਪ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਡਾ. ਅਟਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੀ ਭਲਾਈ ਨੂੰ ਅੱਗੇ ਰੱਖ ਕੇ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਨ੍ਹਾਂ ਦਾ ਹਰੇਕ ਯੋਗ ਵਿਅਕਤੀ ਲਾਭ ਲੈ ਸਕਦਾ ਹੈ। 

ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਉਂਦਾ ਹੈ ਕਿ ਕਈ ਯੋਗ ਵਿਅਕਤੀਆਂ ਇਨ੍ਹਾਂ ਯੋਜਨਾਵਾਂ ਦਾ ਜਾਗਰੂਕਤਾ ਨਾ ਹੋਣ ਕਾਰਨ ਲਾਭ ਨਹੀਂ ਲੈ ਸਕਦੇ। ਇਸ ਗੱਲ ਨੂੰ ਧਿਆਨ ਵਿੱਚ ਰੱਖਦਿਆਂ ਹੀ ਹਲਕਾ ਪਾਇਲ ਦੇ ਪਿੰਡਾਂ ਨੂੰ ਕਲੱਸਟਰਾਂ ਵਿੱਚ ਵੰਡ ਕੇ ਅਜਿਹੇ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਪਾਇਲ ਵਿੱਚ ਇਹ 6ਵਾਂ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ 10 ਪਿੰਡਾਂ ਦੇ ਲੋਕਾਂ ਨੂੰ ਲਾਭ ਲੈਣ ਲਈ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਜਿੱਥੇ ਵੱਖ-ਵੱਖ ਵਿਭਾਗਾਂ ਵੱਲੋਂ ਜਾਰੀ ਯੋਜਨਾਵਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ, ਉਥੇ ਯੋਗ ਲਾਭਪਾਤਰੀਆਂ ਦੇ ਮੌਕੇ 'ਤੇ ਫਾਰਮ ਵੀ ਭਰੇ ਜਾਂਦੇ ਹਨ ਤਾਂ ਜੋ ਉਨ੍ਹਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਜਾ ਕੇ ਰੁਲ੍ਹਣਾ ਨਾ ਪਵੇ। ਉਨ੍ਹਾਂ ਕਿਹਾ ਕਿ ਇਹ ਕੈਂਪ ਮਿਤੀ 27 ਜੁਲਾਈ ਦੀ ਸ਼ਾਮ ਤੱਕ ਚੱਲੇਗਾ। ਦੱਸਣਯੋਗ ਹੈ ਕਿ ਇਸ ਕੈਂਪ ਦਾ ਅੱਜ ਪਹਿਲੇ ਦਿਨ ਸੈਂਕੜੇ ਲੋਕਾਂ ਨੇ ਲਾਹਾ ਲਿਆ। ਉਨ੍ਹਾਂ ਦੇ ਮੌਕੇ 'ਤੇ ਫਾਰਮ ਭਰੇ ਗਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐੱਸ. ਜੀ. ਪੀ. ਸੀ. ਮੈਂਬਰ ਸ੍ਰ. ਰਘਬੀਰ ਸਿੰਘ ਸਹਾਰਨਮਾਜਰਾ, ਐੱਸ. ਡੀ. ਐੱਮ. ਪਾਇਲ ਸ਼੍ਰੀਮਤੀ ਹਰਜੋਤ ਕੌਰ, ਬੀ. ਡੀ. ਪੀ. ਓ. ਅਤੇ ਹੋਰ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।