ਵਿਧਾਨ ਸਭਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਲੁਧਿਆਣਾ 'ਚ ਲਹਿਰਾਇਆ ਤਿਰੰਗਾ
ਸੂਬਾ ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਯੋਗਦਾਨ ਪਾਉਣ ਦਾ ਸੱਦਾ , ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ 16 ਸਖ਼ਸ਼ੀਅਤਾਂ ਦਾ ਸਨਮਾਨ
5 Dariya News
ਲੁਧਿਆਣਾ 15-Aug-2016
ਲੁਧਿਆਣਾ ਵਿਖੇ ਜ਼ਿਲ੍ਹਾ ਪੱਧਰੀ 70ਵਾਂ ਆਜ਼ਾਦੀ ਦਿਵਸ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਬੜੇ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਵੱਲੋਂ ਅਦਾ ਕੀਤੀ ਗਈ। ਜ਼ਿਲ੍ਹਾ ਵਾਸੀਆਂ ਦੇ ਨਾਂਅ ਆਪਣਾ ਸੰਦੇਸ਼ ਦਿੰਦਿਆਂ ਸਪੀਕਰ ਅਟਵਾਲ ਨੇ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਸੂਬਾ ਪੰਜਾਬ ਨੂੰ ਦੇਸ਼ ਦਾ ਸਰਬੋਤਮ ਸੂਬਾ ਬਣਾਉਣ ਲਈ ਅੱਗੇ ਆਉਣ। ਇਸ ਮਹਾਨ ਦਿਨ 'ਤੇ ਆਪਸੀ ਭਾਈਚਾਰਾ, ਫਿਰਕੂ ਸਦਭਾਵਨਾ ਅਤੇ ਅਮਨ ਤੇ ਸ਼ਾਂਤੀ ਬਣਾਈ ਰੱਖੀ ਜਾਵੇ ਅਤੇ ਦੇਸ਼ ਭਗਤਾਂ ਵੱਲੋਂ ਆਜ਼ਾਦੀ ਦੀ ਪ੍ਰਾਪਤੀ ਅਤੇ ਬਹਾਲੀ ਲਈ ਪਾਏ ਪੂਰਨਿਆਂ 'ਤੇ ਚਲਦੇ ਹੋਏ ਆਪਣੇ ਫਰਜ਼ਾਂ ਪ੍ਰਤੀ ਸੁਚੇਤ ਹੋਈਏ ਅਤੇ ਦੇਸ਼ ਦੀ ਖੁਸ਼ਹਾਲੀ ਲਈ ਆਪਣਾ ਯੋਗਦਾਨ ਪਾਈਏ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਸਮੇਂ-ਸਮੇਂ 'ਤੇ ਆਰੰਭੇ ਗਏ ਆਜ਼ਾਦੀ ਸੰਘਰਸ਼ਾਂ ਸਦਕਾ ਹੀ 15 ਅਗਸਤ 1947 ਨੂੰ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦ ਫਿਜ਼ਾ ਵਿਚ ਜ਼ਿੰਦਗੀ ਬਸਰ ਕਰ ਰਹੇ ਹਾਂ।
ਉਨ੍ਹਾਂ ਕਿਹਾ ਕਿ ਦੇਸ਼ ਦੇ ਮਹਾਨ ਆਗੂਆਂ ਦੇ ਸੁਪਨੇ ਸਾਕਾਰ ਕਰਨ ਲਈ ਸਾਂਝੇ ਹੰਭਲੇ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਸਦਕਾ ਅੱਜ ਪੰਜਾਬ ਵਿਕਾਸ ਦੀਆਂ ਲੀਹਾਂ 'ਤੇ ਪੁੱਜਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਹਰ ਪਾਸੇ ਸੜਕਾਂ ਦੇ ਜਾਲ ਵਿਛਾਏ ਗਏ ਹਨ, ਉਥੇ ਆਮ ਜਨਤਾ ਦੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਵੀ ਸੂਬਾ ਸਰਕਾਰ ਪੱਬਾਂ ਭਾਰ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਜਿੱਥੇ ਵਿਕਾਸ ਕਾਰਜ ਮੁਕੰਮਲ ਕਰ ਦਿੱਤੇ ਹਨ, ਉਥੇ ਸੂਬੇ ਦੀ ਨੁਹਾਰ ਬਦਲਣ ਲਈ ਹੋਰ ਵੀ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ। ਸਪੀਕਰ ਅਟਵਾਲ ਵੱਲੋਂ ਜਿੱਥੇ ਪੀ. ਟੀ. ਸ਼ੋਅ, ਲੇਜ਼ੀਅਮ ਅਤੇ ਸੱਭਿਆਚਾਰਕ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਗਰੁੱਪਾਂ ਨੂੰ 5 ਲੱਖ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਗਿਆ, ਉਥੇ ਉਨ੍ਹਾਂ ਸੱਭਿਆਚਾਰ ਪ੍ਰੋਗਰਾਮ ਵਿਚ ਹਿੱਸਾ ਲੈਣ ਵਾਲੇ ਸਕੂਲਾਂ ਲਈ 16 ਅਗਸਤ ਦੀ ਛੁੱਟੀ ਦਾ ਵੀ ਐਲਾਨ ਕੀਤਾ। ਪਰੇਡ ਦੇ ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਰਵੀ ਭਗਤ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰ. ਜਤਿੰਦਰ ਸਿੰਘ ਔਲਖ਼ ਵੀ ਉਨ੍ਹਾਂ ਦੇ ਨਾਲ ਸਨ।
ਸਮਾਰੋਹ ਦੌਰਾਨ ਸਪੀਕਰ ਅਟਵਾਲ ਵੱਲੋਂ ਆਜ਼ਾਦੀ ਘੁਲਾਟੀਆਂ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਵੱਖ-ਵੱਖ ਖੇਤਰਾਂ ਵਿਚ ਵਿਲੱਖਣ ਪ੍ਰਾਪਤੀ ਕਰਨ ਬਦਲੇ 16 ਵਿਅਕਤੀਆਂ ਨੂੰ ਪ੍ਰਸ਼ੰਸ਼ਾ ਪੱਤਰ ਵੀ ਵੰਡੇ ਗਏ। ਉਨ੍ਹਾਂ ਨੇ ਅੰਗਹੀਣ ਵਿਅਕਤੀਆਂ ਨੂੰ ਟਰਾਈ ਸਾਈਕਲਾਂ ਅਤੇ ਵਿਧਵਾ ਔਰਤਾਂ ਨੂੰ ਸਿਲਾਈ ਮਸ਼ੀਨਾਂ ਦੀ ਵੀ ਵੰਡ ਕੀਤੀ। ਇਸ ਮੌਕੇ ਪਰੇਡ ਕਮਾਂਡਰ ਸ੍ਰ. ਅਮਨਦੀਪ ਸਿੰਘ ਬਰਾੜ ਪੀ. ਪੀ. ਐੱਸ. ਦੀ ਅਗਵਾਈ ਹੇਠ ਅਨੁਸ਼ਾਸ਼ਿਤ ਫੋਰਸ ਦੇ ਜਵਾਨ ਜਿਨ੍ਹਾਂ ਵਿਚ ਪੰਜਾਬ ਪੁਲਿਸ, ਹੋਮ ਗਾਰਡਜ਼, ਟਰੈਫਿਕ ਪੁਲਿਸ, ਐਨ.ਸੀ.ਸੀ., ਏਅਰ ਵਿੰਗ, ਸਕਾਊਟਸ ਤੇ ਗਾਈਡਜ਼ ਦੀਆਂ ਟੁਕੜੀਆਂ ਸ਼ਾਮਿਲ ਸਨ, ਨੇ ਮਾਰਚ ਪਾਸਟ ਕੀਤਾ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਇਸ ਮੌਕੇ ਪੰਜਾਬ ਟਰੇਡਰਜ਼ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਮਦਨ ਲਾਲ ਬੱਗਾ, ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਵਿਜੇ ਦਾਨਵ, ਪੰਜਾਬ ਯੋਜਨਾ ਬੋਰਡ ਦੇ ਉੱਪ ਚੇਅਰਮੈਨ ਸ੍ਰੀ ਰਾਜਿੰਦਰ ਭੰਡਾਰੀ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਸ੍ਰ. ਕਰਮਜੀਤ ਸਿੰਘ ਕੰਗ, ਸਫਾਈ ਕਰਮਚਾਰੀ ਬੋਰਡ ਦੇ ਚੇਅਰਮੈਨ ਸ੍ਰੀ ਰਾਜ ਕੁਮਾਰ ਅਤਿਕਾਏ, ਮੇਅਰ ਸ੍ਰ. ਹਰਚਰਨ ਸਿੰਘ ਗੋਹਲਵੜੀਆ,ਸਾਬਕਾ ਵਿਧਾਇਕ ਸ੍ਰ. ਇੰਦਰ ਇਕਬਾਲ ਸਿੰਘ ਅਟਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਡਿਪਟੀ ਕਮਿਸ਼ਨਰ ਪੁਲਿਸ ਸ੍ਰੀ ਧਿਰੁਮਨ ਨਿੰਬਲੇ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਰਿਸ਼ੀਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵ) ਮਿਸ ਅਪਨੀਤ ਰਿਆਤ, ਜ਼ਿਲ੍ਹਾ ਭਾਜਪਾ ਪ੍ਰਧਾਨ ਸ੍ਰੀ ਰਵਿੰਦਰ ਅਰੋੜਾ, ਸ੍ਰ. ਭਗਵਾਨ ਸਿੰਘ, ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਹਾਜ਼ਰ ਸਨ।