ਜ਼ਿਲ੍ਹਾ ਯੋਜਨਾ ਕਮੇਟੀ ਮੋਹਾਲੀ ਦੇ ਨਵ-ਨਿਯੁਕਤ ਚੇਅਰਮੈਨ ਕ੍ਰਿਸ਼ਨਪਾਲ ਸ਼ਰਮਾ ਦਾ ਸਨਮਾਨ
'ਜ਼ਿਲ੍ਹਾ ਪ੍ਰੈਸ ਕਲੱਬ ਐੱਸ.ਏ.ਐੱਸ. ਨਗਰ' ਅਤੇ 'ਦਿ ਪ੍ਰੈਸ ਕਲੱਬ ਮੋਹਾਲੀ' ਵਲੋਂ ਸਨਮਾਨ
5 Dariya News
ਐੱਸ.ਏ.ਐੱਸ. ਨਗਰ 26-Sep-2016
ਪੱਤਰਕਾਰੀ ਦੇ ਖੇਤਰ ਵਿੱਚ ਚੰਗਾ ਨਾਮਣਾ ਖੱਟ ਚੁੱਕੇ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਮੋਹਾਲੀ ਦੇ ਚੇਅਰਮੈਨ ਨਿਯੁਕਤ ਕੀਤੇ ਜਾਣ ਉਪਰੰਤ ਅੱਜ ਇੱਥੇ 'ਜ਼ਿਲ੍ਹਾ ਪ੍ਰੈੱਸ ਕਲੱਬ ਐੱਸ.ਏ.ਐੱਸ. ਨਗਰ' ਅਤੇ 'ਦਿ ਪ੍ਰੈੱਸ ਕਲੱਬ ਮੋਹਾਲੀ' ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ| ਇਸ ਮੌਕੇ ਆਯੋਜਿਤ ਇੱਕ ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਵਿੱਚ ਨਗਰ ਨਿਗਮ ਮੋਹਾਲੀ ਦੇ ਮੇਅਰ ਸ੍ਰ. ਕੁਲਵੰਤ ਸਿੰਘ ਅਤੇ ਨੌਜਵਾਨ ਆਗੂ ਸ੍ਰੀ ਅਸ਼ਵਨੀ ਸ਼ਰਮਾ ਸੰਭਾਲਕੀ ਵੀ ਹਾਜ਼ਰ ਸਨ| ਸਮਾਗਮ ਵਿੱਚ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਨੂੰ ਪੱਤਰਕਾਰ ਭਾਈਚਾਰੇ ਵੱਲੋਂ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ|ਇਸ ਮੌਕੇ ਮੇਅਰ ਸ੍ਰ. ਕੁਲਵੰਤ ਸਿੰਘ ਨੇ ਪ੍ਰੈੱਸ ਕਲੱਬ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਸ੍ਰੀ ਕ੍ਰਿਸ਼ਨ ਪਾਲ ਸ਼ਰਮਾ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ| ਉਨ੍ਹਾਂ ਕਿਹਾ ਕਿ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਮੈਨੀ ਬਾਰੇ ਪਾਰਟੀ ਦੀ ਹਾਈਕਮਾਂਡ ਵੱਲੋਂ ਦੇਰੀ ਨਾਲ ਲਿਆ ਗਿਆ ਪ੍ਰੰਤੂ ਸਹੀ ਫੈਸਲਾ ਹੈ|ਉਨ੍ਹਾਂ ਕਿਹਾ ਕਿ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਨੇ ਮੋਹਾਲੀ ਅਤੇ ਡੇਰਾਬੱਸੀ ਹਲਕੇ ਵਿੱਚ ਪਹਿਲਾਂ ਵੀ ਬਹੁਤ ਕੰਮ ਕੀਤਾ ਹੈ ਅਤੇ ਉਹ ਜ਼ਿਲ੍ਹੇ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ| ਉਨ੍ਹਾਂ ਕਿਹਾ ਕਿ ਭਾਵੇਂ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਨੂੰ ਕਾਫੀ ਘੱਟ ਸਮਾਂ ਮਿਲਿਆ ਹੈ ਪਰ ਉਹ ਇਸ ਸਮੇਂ ਦੇ ਦੌਰਾਨ ਵੀ ਜ਼ਿਲ੍ਹਾ ਮੋਹਾਲੀ ਦੇ ਵਿਕਾਸ ਕਾਰਜਾਂ ਲਈ ਵਧੀਆ ਕੰਮ ਕਰਨਗੇ| ਉਨ੍ਹਾਂ ਨਗਰ ਨਿਗਮ ਵਲੋਂ ਸ੍ਰੀ ਸ਼ਰਮਾ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ|
ਪੱਤਰਕਾਰਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਸ੍ਰੀ ਕ੍ਰਿਸ਼ਨਪਾਲ ਸ਼ਰਮਾ ਨੇ ਕਿਹਾ ਕਿ ਉਹ ਇੱਕ ਸਾਧਾਰਨ ਪਰਿਵਾਰ ਤੋਂ ਹਨ ਅਤੇ ਜ਼ਮੀਨ ਨਾਲ ਜੁੜੇ ਹੋਏ ਹਨ| ਉਨ੍ਹਾਂ ਕਿਹਾ ਕਿ ਉਹ 1997 ਤੋਂ ਪੱਤਰਕਾਰੀ ਦੇ ਖੇਤਰ ਵਿੱਚ ਸਰਗਰਮ ਰਹੇ ਹਨ ਅਤੇ ਪੱਤਰਕਾਰਤਾ ਦੇ ਪੇਸ਼ੇ ਵਿੱਚ ਆਉਣ ਵਾਲੀਆਂ ਮੁਸ਼ਕਿਲਾਂ ਅਤੇ ਔਕੜਾਂ ਤੋਂ ਭਲੀ-ਭਾਂਤ ਜਾਣੂੰ ਹਨ| ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਸਭ ਤੋਂ ਜ਼ਿਆਦਾ ਖੁਸ਼ੀ ਹੈ ਕਿ ਮੁਹਾਲੀ ਵਿੱਚ ਸਭ ਤੋਂ ਪਹਿਲਾਂ ਉਨ੍ਹਾਂ ਦਾ ਸਨਮਾਨ ਉਨ੍ਹਾਂ ਦੇ ਆਪਣੇ ਹੀ ਪੱਤਰਕਾਰ ਭਾਈਚਾਰੇ ਨੇ ਹੀ ਕੀਤਾ ਹੈ| ਪ੍ਰੈੱਸ ਕਲੱਬ ਦੇ ਇਸ ਉਪਰਾਲੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕੇਗਾ|ਉਨ੍ਹਾਂ ਇਸ ਮੌਕੇ ਸ੍ਰੀ ਐਨ. ਕੇ. ਸ਼ਰਮਾ ਵਿਧਾਇਕ ਡੇਰਾਬੱਸੀ ਅਤੇ ਮੇਅਰ ਸ੍ਰ. ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿਰਫ ਇਨ੍ਹਾਂ ਦੋਹਾਂ ਆਗੂਆਂ ਦੀ ਬਦੌਲਤ ਹੀ ਅੱਜ ਉਨ੍ਹਾਂ ਨੂੰ ਇਹ ਅਹੁਦਾ ਮਿਲਿਆ ਹੈ|ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰੈਸ ਕਲੱਬ ਐੱਸ.ਏ.ਐੱਸ. ਨਗਰ ਦੇ ਪ੍ਰਧਾਨ ਸ੍ਰ. ਦਰਸ਼ਨ ਸਿੰਘ ਸੋਢੀ ਨੇ ਸ੍ਰੀ ਕ੍ਰਿਸ਼ਨ ਪਾਲ ਸ਼ਰਮਾ, ਸ੍ਰ. ਕੁਲਵੰਤ ਸਿੰਘ ਅਤੇ ਸ੍ਰੀ ਅਸ਼ਵਨੀ ਸ਼ਰਮਾ ਦਾ ਪ੍ਰੈੱਸ ਕਲੱਬ ਵਿਖੇ ਪਹੁੰਚਣ 'ਤੇ ਆਪਣੀ ਟੀਮ ਦੇ ਨਾਲ ਨਿੱਘਾ ਸਵਾਗਤ ਕੀਤਾ| ਵਾਈਸ ਚੇਅਰਮੈਨ ਬਲਜੀਤ ਸਿੰਘ ਮਰਵਾਹਾ ਨੇ ਮੰਚ ਦਾ ਸੰਚਾਲਨ ਕੀਤਾ ਅਤੇ ਸਾਰਿਆਂ ਦਾ ਧੰਨਵਾਦ ਕੀਤਾ| ਇਸ ਮੌਕੇ ਮੋਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਇਲੈਕਟ੍ਰੋਨਿਕ ਅਤੇ ਪਿੰ੍ਰਟ ਮੀਡੀਆ ਨਾਲ ਸਬੰਧਿਤ ਪੱਤਰਕਾਰ ਹਾਜ਼ਰ ਸਨ|