ਪੰਜਾਬ ਤੇ ਸਿੱਖ ਵਿਰੋਧੀ ਕਾਂਗਰਸ ਨਾਲ ਸਾਂਝ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ-ਪਰਕਾਸ਼ ਸਿੰਘ ਬਾਦਲ
ਕੇਜਰੀਵਾਲ ਦਾ ਬਿਆਨ ਝੂਠ ਦਾ ਪੁਲੰਦਾ , ਕੇਜਰੀਵਾਲ ਨੂੰ ਪੰਜਾਬ ਦੇ ਮਸਲਿਆਂ ਦੀ ਉੱਕਾ ਹੀ ਸਮਝ ਨਹੀਂ
5 Dariya News
ਡੱਬਵਾਲੀ ਢਾਬ (ਸ੍ਰੀ ਮੁਕਤਸਰ ਸਾਹਿਬ) 09-Oct-2016
ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦਰਮਿਆਨ ਸਾਂਝ ਹੋਣ ਦੇ ਦਿੱਤੇ ਬਿਆਨ ਨੂੰ ਝੂਠ ਦਾ ਪੁਲੰਦਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਆਖਿਆ ਕਿ ਪੰਜਾਬ ਤੇ ਸਿੱਖਾਂ ਨਾਲ ਵਧੀਕੀਆਂ ਕਰਨ ਵਾਲੀ ਕਾਂਗਰਸ ਨਾਲ ਅਕਾਲੀ ਦਲ ਦੀ ਸਾਂਝ ਬਾਰੇ ਕਦੇ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਲੰਬੀ ਵਿਧਾਨ ਸਭਾ ਹਲਕੇ ਦੇ ਤਿੰਨ ਦਿਨਾ ਸੰਗਤ ਦਰਸ਼ਨ ਪ੍ਰੋਗਰਾਮ ਦੇ ਦੂਜੇ ਦਿਨ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ. ਬਾਦਲ ਨੇ ਕਿਹਾ ਕਿ ਜਿਸ ਕਾਂਗਰਸ ਪਾਰਟੀ ਨੇ ਸਿੱਖਾਂ ਦੇ ਮੁਕੱਦਸ ਅਸਥਾਨ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕਰਵਾਇਆ ਹੋਵੇ, ਦਿੱਲੀ ਵਿੱਚ ਹਜ਼ਾਰਾਂ ਬੇਗੁਨਾਹ ਸਿੱਖਾਂ ਨੂੰ ਕਤਲ ਕਰਵਾਇਆ ਹੋਵੇ ਅਤੇ ਪੰਜਾਬ ਦੇ ਬਣਦੇ ਹੱਕ ਦੇਣ ਤੋਂ ਹਮੇਸ਼ਾ ਟਾਲਾ ਵੱਟਿਆ ਹੋਵੇ, ਉਸ ਦੁਸ਼ਮਣ ਪਾਰਟੀ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਸਾਂਝ ਕਿਸ ਤਰ੍ਹਾਂ ਹੋ ਸਕਦੀ ਹੈ? ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨ ਵਾਲੀ ਪਾਰਟੀ ਹੈ ਜਦਕਿ ਕਾਂਗਰਸ ਹੱਥੋਂ ਪੰਜਾਬ ਨੂੰ ਹਮੇਸ਼ਾ ਧੱਕੇਸ਼ਾਹੀਆਂ ਸਹਿਣੀਆਂ ਪਈਆਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣੇ ਸਿਆਸੀ ਫਾਇਦੇ ਲਈ ਅਜਿਹੇ ਝੂਠੇ ਬਿਆਨ ਦਾ ਸਹਾਰਾ ਲੈ ਰਹੇ ਹਨ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿਰੋਧੀ ਦੱਸਦਿਆਂ ਸ. ਬਾਦਲ ਨੇ ਕਿਹਾ ਕਿ ਕੇਜਰੀਵਾਲ ਨੂੰ ਨਾ ਤਾਂ ਪੰਜਾਬ ਦੇ ਮਸਲਿਆਂ ਦੀ ਸਮਝ ਹੈ ਅਤੇ ਨਾ ਹੀ ਉਸ ਨੂੰ ਇੱਥੋਂ ਦੇ ਲੋਕਾਂ ਦੀਆਂ ਲੋੜਾਂ ਬਾਰੇ ਪਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਪੰਜਾਬ ਦੇ ਵਿਕਾਸ ਅਤੇ ਤਰੱਕੀ ਲਈ ਕੋਈ ਏਜੰਡਾ ਨਹੀਂ ਸਗੋਂ ਪੰਜਾਬੀਆਂ ਨੂੰ ਫੋਕੇ ਨਾਅਰਿਆਂ ਨਾਲ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੋਕੇ ਨਾਅਰਿਆਂ ਨਾਲ ਸਰਕਾਰਾਂ ਨਹੀਂ ਚਲਦੀਆਂ ਸਗੋਂ ਸੂਬੇ ਦੇ ਵਿਕਾਸ ਲਈ ਏਜੰਡੇ ਤੈਅ ਕਰਨੇ ਪੈਂਦੇ ਹਨ ਅਤੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀ ਦੁੱਖ-ਤਕਲੀਫਾਂ ਦੂਰ ਕਰਨ ਲਈ ਉਪਰਾਲੇ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦਾ ਏਜੰਡਾ ਹਮੇਸ਼ਾ ਹੀ ਸੂਬੇ ਦਾ ਵਿਕਾਸ, ਭਾਈਚਾਰਕ ਸਾਂਝ ਦਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਗੱਠਜੋੜ ਇਸ 'ਤੇ ਪਹਿਰਾ ਦੇਵੇਗਾ।
ਆਮ ਆਦਮੀ ਪਾਰਟੀ ਵਿੱਚ ਟਿਕਟਾਂ ਨੂੰ ਲੈ ਕੇ ਉੱਠੀਆਂ ਬਗਾਵਤੀ ਸੁਰਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਸੀ ਖਾਨਾਜੰਗੀ ਨਾਲ ਟੁਕੜੇ-ਟੁਕੜੇ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਵਿਚਾਰਧਾਰਾ ਤੋਂ ਵਿਹੂਣੀ ਪਾਰਟੀ ਦਾ ਕੋਈ ਵਜੂਦ ਨਹੀਂ ਹੁੰਦਾ ਅਤੇ ਅਜਿਹਾ ਹਸ਼ਰ ਹੀ ਆਪ ਦਾ ਹੈ। ਸ. ਬਾਦਲ ਨੇ ਕਿਹਾ ਕਿ ਜਿਸ ਪਾਰਟੀ ਨੂੰ ਆਪਣਾ ਕਨਵੀਨਰ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਹਟਾਉਣਾ ਪਿਆ ਹੋਵੇ, ਉਸ ਪਾਰਟੀ ਤੋਂ ਇਮਾਨਦਾਰੀ ਦੀ ਆਸ ਕੀ ਕੀਤੀ ਜਾ ਸਕਦੀ ਹੈ? ਸ. ਬਾਦਲ ਨੇ ਕਿਹਾ ਕਿ ਆਪ ਦੇ ਵਰਕਰ ਹੀ ਆਪਣੇ ਆਗੂਆਂ 'ਤੇ ਟਿਕਟਾਂ ਵੇਚਣ ਦੇ ਦੋਸ਼ ਲਾ ਰਹੇ ਹਨ ਜੋ ਸਿਆਸੀ ਨਿਘਾਰ ਦਾ ਜਿਉਂਦਾ-ਜਾਗਦਾ ਸਬੂਤ ਹੈ।ਕੈਪਟਨ ਅਮਰਿੰਦਰ ਸਿੰਘ ਨੂੰ 'ਮਹਿਲਾਂ ਦਾ ਰਾਜਾ' ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰਾਜਾ ਨੂੰ ਕਦੇ ਵੀ ਆਪਣੀ ਪਰਜਾ ਦੀਆਂ ਦੁੱਖ-ਤਕਲੀਫਾਂ ਦੀ ਕੋਈ ਪ੍ਰਵਾਹ ਨਹੀਂ ਹੁੰਦੀ ਸਗੋਂ ਕਈ ਵਾਰ ਲੋਕਾਂ ਦੀਆਂ ਸਹੂਲਤਾਂ ਵੀ ਖੋਹ ਲੈਂਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੇ ਹੁੰਦਿਆਂ ਕਿਸਾਨਾਂ ਤੋਂ ਟਿਊਬਵੈਲਾਂ ਦੇ ਬਿੱਲ ਲੈਣੇ ਸ਼ੁਰੂ ਕਰ ਦਿੱਤੇ ਸਨ ਅਤੇ ਗਰੀਬ ਲੋਕਾਂ ਲਈ ਕੋਈ ਸਕੀਮ ਜਾਂ ਪ੍ਰੋਗਰਾਮ ਨਹੀਂ ਚਲਾਇਆ ਸੀ।ਵਿਧਾਇਕ ਨਵਜੋਤ ਕੌਰ ਸਿੱਧੂ ਵੱਲੋਂ ਭਾਜਪਾ ਤੋਂ ਅਸਤੀਫਾ ਦੇਣ ਬਾਰੇ ਪੁੱਛੇ ਸੁਆਲ ਦੇ ਜਵਾਬ ਵਿੱਚ ਸ. ਬਾਦਲ ਨੇ ਕਿਹਾ ਕਿ ਆਪਣੀ ਮਾਂ ਪਾਰਟੀ ਨਾਲ ਵਿਸ਼ਵਾਸਘਾਤ ਕਰਨ ਵਾਲਾ ਲੀਡਰ ਸਦਾ ਲਈ ਲੋਕਾਂ ਵਿੱਚ ਆਪਣੀ ਭਰੋਸੇਯੋਗਤਾ ਤੇ ਸ਼ਾਖ ਗੁਆ ਲੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬੀਬੀ ਸਿੱਧੂ ਨੂੰ ਆਪਣੇ ਹਲਕੇ ਦੇ ਵਿਕਾਸ ਲਈ ਹਮੇਸ਼ਾ ਵਧ-ਚੜ੍ਹ ਕੇ ਸਹਿਯੋਗ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸਰਕਾਰ ਨੇ ਹਰੇਕ ਵਰਗ ਲਈ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੈਨਸ਼ਨ ਰਾਸ਼ੀ ਵਿੱਚ ਵਾਧਾ ਕਰਕੇ ਦੁੱਗਣਾ ਕਰ ਦਿੱਤਾ ਹੈ ਅਤੇ ਪੈਨਸ਼ਨ ਤੇ ਸ਼ਗਨ ਰਾਸ਼ੀ ਦੀ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਤਹਿਤ ਨੀਲੇ ਕਾਰਡ ਧਾਰਕਾਂ, ਕਿਸਾਨਾਂ, ਵਪਾਰੀਆਂ ਅਤੇ ਕਿਰਤੀਆਂ ਦੇ ਕਾਰਡ ਬਣਾਏ ਗਏ ਹਨ ਜਿਸ ਤਹਿਤ ਇਨ੍ਹਾਂ ਲਾਭਪਾਤਰੀਆਂ ਨੂੰ 50 ਹਜ਼ਾਰ ਰੁਪਏ ਤੱਕ ਨਗਦ ਰਹਿਤ ਇਲਾਜ ਕਰਵਾਉਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਇਸੇ ਤਰ੍ਹਾਂ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਵਿਆਜ ਮੁਕਤ ਕਰਜ਼ਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਂਸਰ ਅਤੇ ਹੈਪੇਟਾਈਟਸ-ਸੀ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਦਾ ਖਰਚਾ ਸਰਕਾਰ ਵੱਲੋਂ ਚੁੱਕਿਆ ਜਾ ਰਿਹਾ ਹੈ।ਮੁੱਖ ਮੰਤਰੀ ਨੇ ਅੱਜ ਪਿੰਡ ਕਰਮਗੜ੍ਹ, ਕਬਰਵਾਲਾ, ਪੱਕੀ ਟਿੱਬੀ, ਗੁਰੂਸਰ ਜੋਧਾਂ, ਸ਼ਾਮਖੇੜਾ ਅਤੇ ਡੱਬਵਾਲੀ ਢਾਬ ਵਿੱਚ ਸੰਗਤ ਦਰਸ਼ਨ ਪ੍ਰੋਗਰਾਮ ਕਰਕੇ ਲੋਕਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਅਤੇ ਪਿੰਡਾਂ ਦੇ ਵਿਕਾਸ ਲਈ ਗਰਾਂਟਾਂ ਜਾਰੀ ਕੀਤੀਆਂ।ਇਸ ਮੌਕੇ ਪੰਜਾਬ ਐਗਰੋ ਦੇ ਚੇਅਰਮੈਨ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਕੇ.ਜੇ.ਐਸ. ਚੀਮਾ, ਮਾਰਕੀਟ ਕਮੇਟੀ ਮਲੋਟ ਦੇ ਚੇਅਰਮੈਨ ਸ. ਬਸੰਤ ਸਿੰਘ ਕੰਗ, ਅਕਾਲੀ ਆਗੂ ਸ. ਹਰਮੇਸ਼ ਖੁਡੀਆਂ, ਡਿਪਟੀ ਕਮਿਸ਼ਨਰ ਸ੍ਰੀ ਸੁਮੀਤ ਜਾਰੰਗਲ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਗੁਰਪ੍ਰੀਤ ਸਿੰਘ ਗਿੱਲ ਹਾਜ਼ਰ ਸਨ।