5 Dariya News

ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ : ਦਰਿਆਈ ਪਾਣੀਆਂ 'ਤੇ ਡਾਕਾ ਮਾਰਨ ਵਾਲਾ ਪੰਜਾਬ ਵਿਰੋਧੀ ਫੈਸਲਾ ਪ੍ਰਵਾਨ ਨਹੀਂ ਕਰਾਂਗੇ- ਪਰਕਾਸ਼ ਸਿੰਘ ਬਾਦਲ

ਬਾਦਲ ਸਰਕਾਰ ਦੌਰਾਨ ਸੂਬੇ ਦੀ ਕਾਇਆ ਕਲਪ ਹੋਈ—ਜੇਤਲੀ

5 Dariya News

ਅੰਮ੍ਰਿਤਸਰ 01-Nov-2016

ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਅੱਜ ਬੁਲੰਦ ਆਵਾਜ਼ ਵਿੱਚ ਆਖਿਆ ਕਿ ਸੂਬੇ ਦੇ ਦਰਿਆਈ ਪਾਣੀਆਂ 'ਤੇ ਡਾਕਾ ਮਾਰਨ ਵਾਲੇ ਕਿਸੇ ਵੀ ਪੰਜਾਬ ਵਿਰੋਧੀ ਫੈਸਲੇ ਨੂੰ ਪੰਜਾਬੀ ਹਰਗਿਜ਼ ਨਹੀਂ ਮੰਨਣਗੇ ਅਤੇ ਦਰਿਆਈ ਪਾਣੀ ਦੇ ਜਾਇਜ਼ ਹੱਕ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਦੇਣ ਲਈ ਪੂਰੀ ਤਰ੍ਹਾਂ ਤਿਆਰ ਹਨ। ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਏ ਸਮਾਗਮ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਸਮੇਂ-ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਦਰਿਆਈ ਪਾਣੀਆਂ 'ਚੋਂ ਪੰਜਾਬ ਨੂੰ ਬਣਦਾ ਹਿੱਸਾ ਦੇਣ ਤੋਂ ਨਾਂਹ ਕਰਕੇ ਪੰਜਾਬੀਆਂ ਨਾਲ ਘੋਰ ਬੇਇਨਸਾਫੀ ਕੀਤੀ ਹੈ। ਇਸ ਮੌਕੇ ਸ. ਬਾਦਲ ਨੇ ਕੇਂਦਰੀ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਦਾ ਧਿਆਨ ਦਿਵਾਉਂਦਿਆਂ ਜ਼ੋਰ ਦੇ ਕੇ ਆਖਿਆ ਕਿ ਐਨ.ਡੀ.ਏ. ਸਰਕਰ ਦੇ ਦਖ਼ਲ ਰਾਹੀਂ ਇਨ੍ਹਾਂ ਇਲਾਕਾਈ ਮਸਲਿਆਂ ਨੂੰ ਹੱਲ ਨਾ ਕਰਨ ਬਾਰੇ ਲੋਕ ਹੁਣ ਮਿਹਣੇ ਮਾਰਨ ਲੱਗੇ ਹਨ ਕਿਉਂ ਜੋ ਐਨ.ਡੀ.ਏ. ਸਰਕਾਰ ਗੱਠਜੋੜ ਵਿੱਚ ਸ਼੍ਰੋਮਣੀ ਅਕਾਲੀ ਦਲ ਵੀ ਭਾਈਵਾਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰਾਜਧਾਨੀ, ਪੰਜਾਬੀ ਬੋਲਦੇ ਇਲਾਕੇ ਦੇਣ ਤੋਂ ਇਨਕਾਰ ਕਰਨ ਅਤੇ ਕੌਮਾਂਤਰੀ ਪੱਧਰ 'ਤੇ ਪ੍ਰਵਾਨਤ ਰਿਪੇਰੀਅਨ ਸਿਧਾਂਤ ਮੁਤਾਬਕ ਦਰਿਆਈ ਪਾਣੀਆਂ ਦੀ ਵੰਡ ਨਾ ਕਰਨ ਸਮੇਤ ਅੰਤਰ-ਰਾਜੀ ਮਸਲੇ ਕੇਂਦਰ ਵਿੱਚ ਸਮੇਂ ਦੀਆਂ ਕਾਂਗਰਸ ਸਰਕਾਰਾਂ ਦੇ ਵਿਤਕਰੇ ਭਰੇ ਰਵੱਈਆ ਕਾਰਨ ਅਣਸੁਲਝੇ ਪਏ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਐਨ.ਡੀ.ਏ. ਸਰਕਾਰ ਬਣਨ ਨਾਲ ਪੰਜਾਬੀਆਂ ਲਈ ਆਸ ਦੀ ਨਵੀਂ ਕਿਰਨ ਪੈਦਾ ਹੋਈ ਹੈ ਅਤੇ ਸਮੁੱਚੇ ਪੰਜਾਬੀ ਇਨ੍ਹਾਂ ਮਸਲਿਆਂ ਨੂੰ ਪਹਿਲੇ 'ਤੇ ਆਧਾਰ 'ਤੇ ਹੱਲ ਕਰਨ ਦੀ ਉਡੀਕ ਬੇਸਬਰੀ ਨਾਲ ਕਰ ਰਹੇ ਹਨ। ਸ. ਬਾਦਲ ਨੇ ਇਨ੍ਹਾਂ ਦੋਵਾਂ ਕੌਮੀ ਨੇਤਾਵਾਂ ਨੂੰ ਆਖਿਆ ਕਿ ਪੰਜਾਬ ਨੂੰ ਕੋਈ ਵਿਸ਼ੇਸ਼ ਹਮਾਇਤ ਦੀ ਬਜਾਏ ਸੂਬੇ ਨੂੰ ਤੁਰੰਤ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਡਤ ਜਵਾਹਰ ਲਾਲ ਨਹਿਰੂ ਦੇ ਸਮੇਂ ਤੋਂ ਪੰਜਾਬ ਤੇ ਪੰਜਾਬੀਆਂ ਨਾਲ ਸ਼ਰੇਆਮ ਧੋਖਾ ਕਰਨ ਵਾਲੀ ਕਾਂਗਰਸ ਲੀਡਰਸ਼ਿਪ ਬਾਰੇ ਹਰ ਕੋਈ ਭਲੀ ਭਾਂਤ ਜਾਣਦਾ ਹੈ ਕਿਉਂ ਜੋ ਇਹ ਲੀਡਰਸ਼ਿਪ ਬੋਲੀ ਦੇ ਆਧਾਰ 'ਤੇ ਪੰਜਾਬੀ ਸੂਬਾ ਬਣਾਉਣ ਦਾ ਵਾਅਦਾ ਕਰਕੇ ਭੱਜ ਗਈ। ਮੁਲਕ ਦੀ ਵੰਡ ਦੀ ਦੁਖਦਾਇਕ ਗਾਥਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਇਸ ਵੰਡ ਨੂੰ ਭਾਰਤੀ ਇਤਿਹਾਸ ਦਾ ਕਾਲਾ ਅਧਿਆਏ ਦੱਸਦਿਆਂ ਕਿਹਾ ਕਿ ਇਸ ਨਾਲ ਜਿੱਥੇ ਪੰਜ ਲੱਖ ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ, ਉਥੇ ਹੀ ਦੋ ਕਰੋੜ ਲੋਕਾਂ ਨੂੰ ਉਜਾੜੇ ਦੀ ਮਾਰ ਝੱਲਣੀ ਪਈ। 

ਉਨ੍ਹਾਂ ਕਿਹਾ ਕਿ ਸਰਹੱਦੀ ਸੂਬਾ ਹੋਣ ਕਾਰਨ ਪੰਜਾਬ ਨੇ ਵੰਡ ਦਾ ਸਭ ਤੋਂ ਵੱਧ ਸੰਤਾਪ ਝੱਲਿਆ ਜਿਸ ਦੇ ਜਖ਼ਮ ਅਜੇ ਵੀ ਅੱਲੇ ਹਨ। ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਉਣ ਵਿੱਚ ਪੰਜਾਬੀਆਂ ਵੱਲੋਂ ਪਾਏ ਲਾਮਿਸਾਲ ਯੋਗਦਾਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਦੇਸ਼ ਦੀ ਖੜਗ ਭੁਜਾ ਵਜੋਂ ਜਾਣਿਆ ਜਾਂਦਾ ਹੈ। ਮਹਾਨ ਪੰਜਾਬੀ ਯੋਧਿਆਂ ਨਾਇਕ ਕਰਨ ਸਿੰਘ, ਮੇਜਰ ਸੋਮਨਾਥ ਸ਼ਰਮਾ, ਏਅਰ ਕਮਾਂਡਰ ਬਾਬਾ ਮੇਹਰ ਸਿੰਘ ਤੇ ਹੋਰ ਸੂਰਬੀਰਾਂ ਦੀ ਗਾਥਾ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਦੀਆਂ ਕਾਂਗਰਸ ਸਰਕਾਰਾਂ ਵੱਲੋਂ ਪੰਜਾਬੀਆਂ ਦੇ ਦੇਸ਼ ਨਿਰਮਾਣ ਵਿੱਚ ਪਾਏ ਯੋਗਦਾਨ ਦਾ ਮੁੱਲ ਨਹੀਂ ਪਾਇਆ ਗਿਆ ਅਤੇ ਕਾਂਗਰਸ ਦੇ ਮਤਰੇਈ ਮਾਂ ਵਾਲੇ ਸਲੂਕ ਕਰਕੇ ਪੰਜਾਬ ਦੀ ਆਰਥਿਕਤਾ ਨੂੰ ਬਹੁਤ ਵੱਡੀ ਸੱਟ ਵੱਜੀ।

ਕਾਂਗਰਸ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਵੱਲੋਂ ਪੰਜਾਬ ਨਾਲ ਕਮਾਏ ਗਏ ਪਾਪ ਭੁੱਲਣਯੋਗ ਨਹੀਂ ਕਿਉਂ ਜੋ ਕਾਂਗਰਸ ਵੱਲੋਂ ਸੂਬੇ ਨੂੰ ਪੰਜਾਬੀ ਬੋਲਦੇ ਇਲਾਕਿਆਂ, ਰਾਜਧਾਨੀ ਚੰਡੀਗੜ੍ਹ ਅਤੇ ਦਰਿਆਈ ਪਾਣੀਆਂ ਦੇ ਹੱਕ ਤੋਂ ਜਾਣਬੁੱਝ ਕੇ ਵਾਂਝਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਈ ਵੀ ਸੱਚਾ ਪੰਜਾਬੀ 1984 ਦੀ ਸਿੱਖ ਨਸਲਕੁਸ਼ੀ ਨੂੰ ਕਿਵੇਂ ਭੁੱਲ ਸਕਦਾ ਹੈ?ਪੰਜਾਬ ਦੇ ਵਿਕਾਸ ਲਈ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਕੀਤੇ ਉਪਰਾਲਿਆਂ ਨੂੰ ਚੇਤੇ ਕਰਵਾਉਂਦਿਆਂ ਸ. ਬਾਦਲ ਨੇ ਕਿਹਾ ਕਿ ਪੰਜਾਬੀਆਂ ਦੇ ਸਹਿਯੋਗ ਨਾਲ ਅਗਲੇ ਸਾਲ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਸਮਰਪਿਤ ਹੋਣਗੇ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਲਈ ਐਲਾਨੇ ਪ੍ਰਾਜੈਕਟਾਂ ਲਈ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦਿਆਂ ਆਖਿਆ ਕਿ ਵੱਕਾਰੀ ਸੰਸਥਾਵਾਂ ਏਮਜ਼, ਆਈ.ਆਈ.ਐਮ., ਕੌਮੀ ਪੱਧਰ ਦੀ ਬਾਗਬਾਨੀ ਸੰਸਥਾ ਅਤੇ ਸਿੱਖਿਆ ਸੰਸਥਾਵਾਂ ਦੀ ਸਥਾਪਨਾ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਦੁਨੀਆਂ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਇਹ ਬਹੁਤ ਖੁਸ਼ੀਆਂ ਭਰਿਆ ਮੌਕਾ ਹੈ। ਉਨ੍ਹਾਂ ਕਿਹਾ ਕਿ ਅਕਾਲੀ – ਭਾਜਪਾ  ਗਠਜੋੜ ਥੋੜਾ ਸਮਾਂ ਹੀ ਸੂਬੇ ਅਤੇ ਕੇਂਦਰ ਵਿੱਚ ਸੱਤਾ 'ਚ ਰਿਹਾ ਜਦ ਕਿ ਕਾਂਗਰਸ ਲੰਬਾ ਸਮਾਂ ਸੱਤਾ ਵਿੱਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਗਠਜੋੜ ਨੇ ਕਾਂਗਰਸ ਦੀਆਂ ਪਹਿਲੀਆਂ ਸਰਕਾਰਾਂ ਦੇ ਮੁਕਾਬਲੇ ਵਧੀਆ ਭੂਮਿਕਾ ਨਿਭਾਈ ਹੈ। 

ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਹਰੀ ਕ੍ਰਾਂਤੀ ਲਿਆਉਣ ਲਈ ਮੋਹਰੀ ਭੂਮਿਕਾ ਨਿਭਾਈ ਅਤੇ ਵੱਖ ਵੱਖ ਜੰਗਾਂ ਦੌਰਾਨ ਅੱਗੇ ਹੋ ਕੇ ਹਮਲਾਵਰਾਂ ਦਾ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਵੀ ਦੇਸ਼ ਨੂੰ ਕੋਈ ਸਮੱਸਿਆ ਦਰਪੇਸ਼ ਹੋਈ ਪੰਜਾਬ ਮੂਹਰੇ ਹੋ ਕੇ ਲੜਿਆ। ਉਨ੍ਹਾਂ ਕਿਹਾ ਕਿ ਦੇਸ਼ ਦੀ ਜਮਹੂਰੀਅਤ ਨੂੰ ਬਚਾਉਣ ਲਈ ਗਠਜੋੜ ਨੇ ਐਮਰਜੈਂਸੀ ਦਾ ਤਿੱਖਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅੱਤਵਾਦ ਕਾਂਗਰਸ ਦੀਆਂ ਗਲਤ ਨੀਤੀਆਂ ਦੀ ਦੇਣ ਸੀ ਜਿਸ ਕਾਰਨ ਇਸ  ਸਮੇਂ ਦੌਰਾਨ ਸੂਬੇ ਨੂੰ ਭਾਰੀ ਨੁਕਸਾਨ ਝੱਲਣਾ ਪਿਆ। ਕੇਂਦਰੀ ਵਿੱਤ ਮੰਤਰੀ ਨੇ ਕਿਹਾ ਕਿ ਇਤਿਹਾਸ ਵਿੱਚ 1984 ਨੂੰ ਤਬਾਹੀ ਦੇ ਸਾਲ ਵਜੋਂ ਯਾਦ ਕੀਤਾ ਜਾਂਦਾ ਹੈ ਜਦ ਕਿ ਮੌਜੂਦਾ ਸਮੇਂ ਨੂੰ ਨਿਰਮਾਣ ਦੇ ਸਾਲ ਵਜੋਂ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 1984 ਦਾ ਸਿੱਖ ਕਤਲੇਆਮ, ਜਮਹੂਰੀ ਤਰੀਕੇ ਨਾਲ ਚੁਣੀਆਂ ਗਈਆਂ ਸਰਕਾਰਾਂ ਨੂੰ ਬਾਰ ਬਾਰ ਹਟਾਉਣਾ, ਅੱਤਵਾਦ ਦੀ ਲਾਹਨਤ ਅਤੇ ਹੋਰ ਅਨੇਕਾਂ ਨਕਾਰਤਮਕ ਮੁੱਦੇ ਕਾਂਗਰਸ ਦੀ ਦੇਣ ਸਨ। 

ਜੇਤਲੀ ਨੇ ਕਿਹਾ ਕਿ ਬਾਦਲ ਦੀਆਂ ਠੋਸ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਪੰਜਾਬ ਦੀ ਸ਼ਾਨ ਦੀ ਲਗਤਾਰ ਬਹਾਲੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰ ਬਾਦਲ ਦੀ ਸੱਤਾ ਦੌਰਾਨ ਪੰਜਾਬ ਪੂਰੀ ਤਰ੍ਹਾਂ ਪਰਿਵਰਤਿਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਇਕ ਪਵਿੱਤਰ ਗਠਜੋੜ ਹੈ ਜਿਸ ਨੂੰ ਪੰਜਾਬ ਦੇ ਲੋਕ ਪੂਰਾ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਐਨ:ਡੀ:ਏ ਸਰਕਾਰ ਵੱਲੋਂ ਜੋ ਵੀ ਇਸ ਵੇਲੇ ਪੰਜਾਬ ਨੂੰ ਦਿੱਤਾ ਜਾ ਰਿਹਾ ਹੈ ਗਠਜੋੜ ਦੀ ਸਰਕਾਰ ਆਉਣ ਤੋਂ ਬਾਅਦ ਉਸ ਨੂੰ ਦੁਗਣਾ ਕਰ ਦਿੱਤਾ ਜਾਵੇਗਾ।  ਕੇਂਦਰੀ ਮੰਤਰੀ ਨੇ ਕਿਹਾ ਕਿ ਦੇਸ਼ ਉਤੇ ਅੱਖ ਰੱਖਣ ਵਾਲੇ ਦੁਸ਼ਮਣ ਨੂੰ ਹਰ ਢੁਕਵਾਂ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਦੁਸ਼ਮਣਾਂ ਨੂੰ ਸਮਝ ਜਾਣਾ ਚਾਹੀਦਾ ਹੈ ਕਿ ਭਾਰਤ ਵਿੱਚ ਵੱਖਰੇ ਤਰ੍ਹਾਂ ਦੀ ਸਰਕਾਰ ਹੈ ਜੋ ਦੇਸ਼ ਦੀ ਸੁਰੱਖਿਆ ਅਤੇ ਪ੍ਰਭੂਸਤਾ ਦੇ ਸਵਾਲ ਤੇ ਕੋਈ ਵੀ ਸਮਝੌਤਾ ਨਹੀਂ ਕਰੇਗੀ। 

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਦਾ ਇਕੋ ਇਕ ਉਦੇਸ਼ ਸੂਬੇ ਨੂੰ ਵਿਕਾਸ ਦੇ ਪੱਖ ਤੋਂ ਮੋਹਰੀ ਸੂਬਾ ਬਣਾਉਣਾ ਹੈ ਅਤੇ ਇਸ ਸਬੰਧ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਨੇ ਆਪਣੇ ਸੰਬੋਧਨ ਵਿੱਚ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਧਰਤੀ ਨੂੰ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦਾ ਅਸ਼ੀਰਵਾਦ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350ਵਾਂ ਪ੍ਰਕਾਸ਼ ਦਿਹਾੜਾ ਮਨਾਇਆ ਜਾ ਰਿਹਾ ਹੈ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਗੁਰੂ ਜੀ ਦਾ ਇਹ ਪ੍ਰਕਾਸ਼ ਦਿਹਾੜਾ ਹਰੇਕ ਤਹਿਸੀਲ ਤੇ ਮੰਡਲ ਵਿੱਚ ਮਨਾਇਆ ਜਾਵੇਗਾ। ਸ੍ਰੀ ਸ਼ਾਹ ਨੇ ਕਿਹਾ ਕਿ ਪੰਜਾਬ ਦੇਸ਼ ਦਾ ਦਿਲ ਹੈ ਜਿਸ ਦੀ ਦੇਸ਼ ਵਿੱਚ ਆਤਮ ਬਲੀਦਾਨ ਦੀ ਆਪਣੀ ਰਵਾਇਤ ਹੈ। 

ਉਨ੍ਹਾਂ ਕਿਹਾ ਕਿ ਹਰੇਕ ਜੰਗ ਵਿੱਚ ਪੰਜਾਬੀਆਂ ਨੇ ਦੇਸ਼ ਵਾਸਤੇ ਮਹਾਨ ਕੁਰਬਾਨੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਲਾਲਾ ਲਾਜਪਤ ਰਾਏ ਅਤੇ ਮਦਨ ਲਾਲ ਢੀਂਗਰਾ ਵਰਗੇ ਦੇਸ਼ ਦੇ ਨਾਇਕਾਂ ਦੇ ਦੇਸ਼ ਵਾਸਤੇ ਮਹਾਨ ਕੁਰਬਾਨੀਆਂ ਕੀਤੀਆਂ ਹਨ। ਸ਼ਾਹ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ-ਭਾਜਪਾ ਗਠਜੋੜ ਦਾ ਸਿਹਰਾ ਮੁੱਖ ਮੰਤਰੀ ਸ੍ਰ ਪਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸ੍ਰ ਬਾਦਲ ਦਾ ਆਪਣੇ ਉਚ ਰੁਤਬੇ ਕਾਰਨ ਦੇਸ਼ ਭਰ ਵਿੱਚ ਸਭਨਾ ਵੱਲੋਂ ਸਿਆਸਤ ਤੋਂ ਉਪਰ ਉਠ ਕੇ ਸਤਿਕਾਰ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਨਵੀਆਂ ਸਕੀਮਾਂ ਦੇ ਕਾਰਨ ਦੇਸ਼ ਵਿੱਚ ਵੱਡਾ ਪਰਿਵਰਤਨ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੁਹਾਂਦਰਾ ਪੂਰੀ ਤਰ੍ਹਾਂ ਬਦਲ ਗਿਆ ਹੈ ਕਿਉਂਕਿ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਨੂੰ ਵਿਰਾਸਤੀ ਦਿੱਖ ਦਿੱਤੀ ਗਈ ਹੈ ਜਿਸ ਦੇ ਕਾਰਨ  ਇਸ ਦੀ ਨੁਹਾਰ ਬਦਲ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਪੰਜਾਬ ਦੇ ਨੌਜਵਾਨਾਂ ਲਈ ਵੱਡੇ ਯੋਗਦਾਨ ਸਦਕਾ ਮਾਣ ਮਹਿਸੂਸ ਕਰ ਰਿਹਾ ਹੈ ਜਦ ਕਿ ਦੂਜੇ ਪਾਸੇ ਹੋਰਨਾਂ ਵੱਲੋਂ ਪੰਜਾਬੀ ਨੌਜਵਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਲੋਕ ਪੰਜਾਬੀਆਂ ਦੇ ਵਕਾਰ ਨੂੰ ਢਾਹ ਲਾਉਣ ਵਿੱਚ ਲੱਗੇ ਹੋਏ ਹਨ ਜਿਸ ਕਰਕੇ ਇਹ ਇਕ ਵੀ ਵੋਟ ਦੇ ਹੱਕਦਾਰ ਨਹੀਂ ਹਨ। 

ਸ੍ਰੀ ਸ਼ਾਹ ਨੇ ਕਿਹਾ ਕਿ ਸੂਬੇ ਦੇ ਲੋਕ ਸੂਬੇ ਦੇ ਚੱਲ ਰਹੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਗਠਜੋੜ ਨੂੰ ਹੀ ਵੋਟ ਕਰਨਗੇ। ਸ਼ਾਹ ਨੇ ਕਿਹਾ ਕਿ ਉਹ ਸਮਾਂ ਬੀਤ ਗਿਆ ਹੈ ਜਦੋਂ ਦੁਸ਼ਮਣ ਸਾਡੇ ਫੌਜੀਆਂ ਦੀ ਹੱਤਿਆ ਕਰਕੇ ਸਾਨੂੰ ਬੇਇੱਜ਼ਤ ਕਰਦਾ ਸੀ। ਉਨ੍ਹਾਂ ਕਿਹਾ ਕਿ ਹੁਣ ਸ੍ਰੀ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਦਾ ਮੂੰਹ ਤੋੜਵਾਂ ਜਵਾਬ ਦੇ ਰਹੀ ਹੈ। 

ਆਪਣੇ ਸੰਬੋਧਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੀਆਂ ਹੱਕੀ ਮੰਗਾਂ ਲਈ ਸੰਘਰਸ਼ ਨਿਰੰਤਰ ਜਾਰੀ ਰਹੇਗਾ ਅਤੇ ਦਰਿਆਈ ਪਾਣੀਆਂ ਨੂੰ ਬਚਾਉਣ, ਪੰਜਾਬੀ ਬੋਲਦੇ ਇਲਾਕਿਆਂ ਤੇ ਰਾਜਧਾਨੀ ਚੰਡੀਗੜ੍ਹ ਦੀ ਮੁਕੰਮਲ ਪ੍ਰਾਪਤੀ ਲਈ ਅਕਾਲੀ ਦਲ ਵੱਲੋਂ ਹਰ ਕੁਰਬਾਨੀ ਦਿੱਤੀ ਜਾਵੇਗੀ। ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਪੰਜਾਬੀਆਂ ਵੱਲੋਂ ਦਿੱਤੇ ਲਾਮਿਸਾਲ ਯੋਗਦਾਨ ਤੋਂ ਇਲਾਵਾ ਦੇਸ਼ ਨੂੰ ਅਨਾਜ ਦੇ ਮਾਮਲੇ ਵਿੱਚ ਆਤਮ ਨਿਰਭਰ ਬਣਾਉਣ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਬੋਲੀ ਦੇ ਆਧਾਰ 'ਤੇ ਸੂਬਿਆਂ ਦੀ ਸਿਰਜਣਾ ਕਰਨ ਦੇ ਵਾਅਦੇ ਦੇ ਬਾਵਜੂਦ ਪੰਜਾਬੀ ਸੂਬਾ ਬਣਾਉਣ ਤੋਂ ਕਾਂਗਰਸ ਵੱਲੋਂ ਕਿਨਾਰਾ ਕਰ ਲਿਆ ਗਿਆ ਜੋ ਕਿ ਪੰਜਾਬ ਨਾਲ ਸਰਾਸਰ ਧੱਕਾ ਸੀ।ਸੂਬੇ ਵਿਚ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਵਿਕਾਸ ਕੰਮਾਂ ਦਾ ਜ਼ਿਕਰ ਕਰਦਿਆਂ ਸ. ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਪੰਜਾਬ ਨੂੰ ਬਿਜਲੀ ਦੀ ਵੱਡੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਅਕਾਲੀ-ਭਾਜਪਾ ਸਰਕਾਰ ਵੱਲੋਂ ਸੂਬੇ ਨੂੰ ਵਾਧੂ ਬਿਜਲੀ ਵਾਲਾ ਰਾਜ ਬਣਾਉਣ ਦਾ ਟੀਚਾ ਮਿਥਿਆ ਗਿਆ ਸੀ, ਜੋ ਕਿ ਪ੍ਰਾਪਤ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕਿਸਾਨਾਂ ਨੂੰ ਸਾਲਾਨਾ 6000 ਕਰੋੜ ਰੁਪਏ ਦੀ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ, ਉੱਥੇ ਹੀ ਦੇਸ਼ ਭਰ ਵਿਚ ਉਦਯੋਗਾਂ ਨੂੰ ਸਭ ਤੋਂ ਸਸਤੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਪੰਜਾਬ ਵਿਰੋਧੀ ਸੋਚ ਕਾਰਨ ਕਾਂਗਰਸ ਨੂੰ ਕਰੜੇ ਹੱਥੀਂ ਲੈਂਦਿਆਂ ਸ. ਬਾਦਲ ਨੇ ਕਿਹਾ ਕਿ ਜਿੱਥੇ ਕਾਂਗਰਸ ਸਰਕਾਰ ਨੇ ਸ੍ਰੀ ਦਰਬਾਰ ਸਾਹਿਬ 'ਤੇ ਹਮਲੇ ਨੂੰ ਅੰਜ਼ਾਮ ਦਿੱਤਾ ਉੱਥੇ ਹੀ ਯੀ.ਪੀ.ਏ. ਸਰਕਾਰ ਵੱਲੋਂ 10 ਸਾਲ ਦੇ ਸ਼ਾਸਨ ਦੌਰਾਨ ਪੰਜਾਬ ਨੂੰ ਵਿਕਾਸ ਲਈ ਇਕ ਧੇਲਾ ਤੱਕ ਨਹੀਂ ਦਿੱਤਾ ਗਿਆ। 

ਸੂਬੇ ਵਿਚ ਲੋੜਵੰਦਾਂ ਨੂੰ ਮੁਫਤ ਦਵਾਈਆਂ ਉਪਲਬਧ ਕਰਵਾਉਣ ਲਈ 2500 ਨਵੇਂ ਸਟੋਰ ਖੋਲ੍ਹਣ ਦਾ ਐਲਾਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਪਹਿਲਾਂ ਹਰ ਵਰਗ ਨੂੰ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ, ਉੱਥੇ ਹੀ ਮੁਫਤ ਦਵਾਈਆਂ ਦੇਣ ਨਾਲ ਲੋੜਵੰਦਾਂ ਨੂੰ ਇਲਾਜ ਵਿਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀਂ ਰਹੇਗੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਵਿਰਾਸਤ ਦੀ ਸਾਂਭ-ਸੰਭਾਲ ਲਈ ਵਿਰਾਸਤ-ਏ-ਖਾਲਸਾ, ਜੰਗ-ਏ-ਆਜ਼ਾਦੀ ਯਾਦਗਾਰ ਦੀ ਉਸਾਰੀ ਕੀਤੀ ਗਈ ਹੈ, ਉੱਥੇ 2.50 ਲੱਖ ਨੌਜਵਾਨਾਂ ਨੂੰ ਨੌਕਰੀਅÎਾਂ ਦਿੱਤੀਅÎਾਂ ਗਈਅÎਾਂ ਹਨ। ਸੂਬੇ ਵਿਚ ਸੜਕੀ ਪ੍ਰਾਜੈਕਟਾਂ ਲਈ ਵਿਸ਼ੇਸ਼ ਤੌਰ 'ਤੇ ਕੇਂਦਰ ਸਰਕਾਰ ਵੱਲੋਂ ਦਿੱਤੀ ਤਵੱਜੋਂ 'ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਅÎਾਂ ਸ. ਬਾਦਲ ਨੇ ਕਿਹਾ ਕਿ ਅਗਲੇ ਇਕ ਸਾਲ ਦੌਰਾਨ 25000 ਕਰੋੜ ਦੀ ਲਾਗਤ ਨਾਲ ਸੂਬੇ ਦੇ ਸਾਰੇ ਸ਼ਹਿਰ ਚਾਰ ਮਾਰਗੀ ਸੜਕਾਂ ਨਾਲ  ਜੋੜ ਦਿੱਤੇ ਜਾਣਗੇ। ਇਸ ਤੋਂ ਇਲਾਵਾ 5000 ਕਰੋੜ ਰੁਪਏ ਨਾਲ ਸਾਰੇ 162 ਸ਼ਹਿਰਾਂ ਤੇ ਕਸਬਿਅÎਾਂ ਵਿਚ ਸੀਵਰੇਜ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।

ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਕੀਤੇ ਵਿਕਾਸ ਕਾਰਜਾਂ ਦੇ ਆਧਾਰ 'ਤੇ ਲੋਕਾਂ ਨੂੰ ਸੇਵਾ ਦਾ ਇਕ ਹੋਰ ਮੌਕਾ ਦੇਣ ਦੀ ਅਪੀਲ ਕਰਦਿਆਂ ਉਪ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਪੰਜ ਸਾਲ ਪੇਂਡੂ ਵਿਕਾਸ ਨੂੰ ਸਮਰਪਿਤ ਹੋਣਗੇ ਅਤੇ ਸੂਬੇ ਦੇ ਸਮੁੱਚੇ 12 ਹਜ਼ਾਰ ਪਿੰਡਾਂ ਦੀ ਕਾਇਆ-ਕਲਪ ਕੀਤੀ ਜਾਵੇਗੀ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਵਿਜੈ ਸਾਂਪਲਾ ਨੇ ਆਪਣੇ ਸੰਬੋਧਨ ਵਿੱਚ ਪੰਜਾਬੀ ਸੂਬੇ ਦੀ ਵਰ੍ਹੇ ਗੰਢ ਮੌਕੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦਾ ਅੰਨ ਭੰਡਾਰ ਸੁਰੱਖਿਅਤ ਕਰਨ ਅਤੇ ਦੇਸ਼ ਨੂੰ ਬਾਹਰੀ ਹਮਲਿਆਂ ਤੋਂ ਬਚਾਉਣ ਲਈ ਦੇਸ਼ ਦੀ ਵੱਡੀ ਸੇਵਾ ਕੀਤੀ ਹੈ। ਸ੍ਰੀ ਸਾਂਪਲਾ ਨੇ ਕਿਹਾ ਕਿ ਭਾਵੇਂ ਸੂਬੇ ਨੂੰ ਗੜਬੜ ਵਾਲੇ ਦੌਰ ਵਿੱਚੋਂ ਨਿਕਲਣਾ ਪਿਆ ਪਰ ਪੰਜਾਬੀਆਂ ਨੇ ਹਮੇਸ਼ਾਂ ਹੀ ਫਿਰਕੂ ਸਦਭਾਵਨਾ ਅਤੇ ਆਪਸੀ ਭਾਈਚਾਰੇ ਦੀਆਂ ਤੰਦਾਂ ਨੂੰ ਮਜਬੂਤ ਬਣਾਇਆ ਹੈ। 

ਉਨ੍ਹਾਂ ਕਿਹਾ ਕਿ ਕੁਝ ਸ਼ਕਤੀਆਂ ਸੂਬੇ ਦੀ ਸ਼ਾਂਤੀ ਅਤੇ ਖੁਸ਼ਹਾਲੀ ਨੂੰ ਢਾਹ ਲਾਉਣ ਲਈ ਯਤਨ ਕੀਤੇ ਪਰ ਸੂਬੇ ਦੇ ਸਮਝਦਾਰ ਲੋਕਾਂ ਨੇ ਇਨ੍ਹਾਂ ਸ਼ਕਤੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ।    ਸੰਸਦ ਮੈਂਬਰ ਪ੍ਰੋ. ਚੰਦੂਮਾਜਰਾ, ਸ. ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ. ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬੀ ਸੂਬੇ ਦੇ ਗਠਨ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਵੱਡੇ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਲਈ ਮੌਜੂਦਾ ਸੂਬੇ ਦਾ ਵਾਸਤੇ ਮਹਾਨ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਨੇ ਕਾਂਗਰਸ ਪਾਰਟੀ ਵੱਲੋਂ ਪੰਜਾਬੀ ਸੂਬੇ ਦੀ ਮੰਗ ਦੇ ਸਬੰਧ ਵਿੱਚ ਸੂਬੇ ਨਾਲ ਕੀਤੇ ਮਤਰੇਈ ਮਾਂ ਵਾਲੇ ਸਲੂਕ ਦੀ ਵੀ ਤਿੱਖੀ ਅਲੋਚਨਾ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਸੂਬੇ ਦੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕਿਆਂ ਅਤੇ ਦਰਿਆਈ ਪਾਣੀ ਸੂਬੇ ਨੂੰ ਦੇਣ ਤੋਂ ਲਗਾਤਾਰ ਟਾਲਾ ਵੱਟਿਆ ਗਿਆ ਹੈ। ਇਸ ਮੌਕੇ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ, ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ, ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਸੋਹਣ ਸਿੰਘ ਠੰਡਲ, ਅਨਿਲ ਜੋਸ਼ੀ,  ਸੰਸਦ ਮੈਂਬਰ ਸ਼ਵੇਤ ਮਲਿਕ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ, ਸਾਬਕਾ ਮੰਤਰੀ, ਵਿਧਾਇਕ, ਸਾਬਕਾ ਵਿਧਾਇਕਸ਼, ਸ਼੍ਰੋਮਣੀ ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਅਕਾਲੀ-ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।