5 Dariya News

ਮੁੱਖ ਮੰਤਰੀ ਵੱਲੋਂ ਕੈਪਟਨ ਅਤੇ ਉਸ ਦੇ ਸਾਥੀਆਂ ਦੀ ਚੀਚੀ ਨੂੰ ਖੂਨ ਲਾ ਕੇ ਸ਼ਹੀਦ ਬਨਣ ਦੀ ਕੋਸ਼ਿਸ਼ ਕਰਨ ਦੀ ਤਿੱਖੀ ਆਲੋਚਨਾ

ਚੋਣਾਂ 'ਚ ਲਾਭ ਲੈਣ ਲਈ ਲੋਕਾਂ ਨੂੰ ਗੁੰਮਰਾਹ ਕਰਨ ਵਾਸਤੇ ਕੈਪਟਨ ਨੇ ਅਸਤੀਫੇ ਦਾ ਡਰਾਮਾ ਰਚਿਆ

5 Dariya News

ਐਸ.ਏ.ਐਸ. ਨਗਰ (ਮੋਹਾਲੀ) 11-Nov-2016

ਸਤਲੁਜ-ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ) ਦੇ ਸਬੰਧ ਵਿਚ ਕਾਂਗਰਸ ਲੀਡਰਸ਼ਿਪ ਵੱਲੋਂ ਨੌਟੰਕੀ ਕਰਨ ਲਈ ਤਿੱਖਾ ਹਮਲਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਵਿਧਾਨ ਸਭਾ ਚੋਣਾਂ ਤੋਂ ਕੇਵਲ ਦੋ ਮਹੀਨੇ ਪਹਿਲਾਂ ਹੀ ਅਸਤੀਫਾ ਦੇ ਕੇ ਚੀਚੀ ਨੂੰ ਖੂਨ ਲਾ ਕੇ ਸ਼ਹੀਦ ਬਣਨ ਦੀ ਕੋਸ਼ਿਸ਼ ਕਰ ਰਹੇ ਹਨ।ਅੱਜ ਸਵੇਰੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਜੂਕੇਸ਼ਨ ਐਂਡ ਰਿਸਰਚ ਵਿਖੇ ਪੀ.ਜੀ.ਆਈ.ਐਮ.ਈ.ਆਰ ਅਤੇ ਡਬਲਯੂ.ਐਚ.ਓ ਦੇ ਸਹਿਯੋਗ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਆਯੋਜਿਤ ਕੀਤੇ ਗਏ 'ਸਸਟੇਨਏਬਲ ਡਿਵੈਲਪਮੈਂਟ ਗੋਲਜ਼ ਐਂਡ ਯੂਨੀਵਰਸਲ ਹੈਲਥ ਕਵਰੇਜ-ਸਟੇਟਸ ਪਰਸਪੈਕਟਿਵ' ਸੰਮੇਲਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕੈਪਟਨ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਜੇ ਉਹ ਸੱਚਮੁੱਚ ਹੀ ਸੁਪਰੀਮ ਕੋਰਟ ਦੇ ਫੈਸਲੇ ਦੇ ਵਿਰੁੱਧ ਹਨ ਤਾਂ ਉਨ੍ਹਾਂ ਨੇ ਸੂਬੇ ਤੋਂ ਆਪਣੇ ਸਾਥੀ ਸੰਸਦ ਮੈਂਬਰਾਂ ਨੂੰ ਇਸ ਮਾਮਲੇ ਉੱਤੇ ਅਸਤੀਫਾ ਦੇਣ ਲਈ ਕਿਉਂ ਨਹੀਂ ਆਖਿਆ। ਉਨ੍ਹਾਂ ਕਿਹਾ ਕਿ ਕੈਪਟਨ ਨਾਲ ਸੁਭਾਅ ਪੱਖੋਂ ਦੋਹਰਾ ਚਰਿੱਤਰ ਹੈ। ਉਹ ਸਿਰਫ ਆਪਣੀਆਂ ਚੋਣ ਸੰਭਾਵਨਾਵਾਂ ਦੇ ਮੱਦੇਨਜ਼ਰ ਲੋਕਾਂ ਨੂੰ ਗੁੰਮਰਾਹ ਕਰਨ ਲਈ ਡਰਾਮਾ ਕਰ ਰਹੇ ਹਨ। ਸ. ਬਾਦਲ ਨੇ ਕਿਹਾ ਕਿ ਜੇ ਕੈਪਟਨ ਸੰਜੀਦਾ ਤੇ ਇਮਾਨਦਾਰ ਹੈ ਤਾਂ ਉਸ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਨਾ ਲੜਣ ਦਾ ਐਲਾਨ ਕਰਨਾ ਚਾਹੀਦਾ ਹੈ ਨਾ ਕਿ ਸੂਬੇ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰਨੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ ਉਹ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਮੰਗ ਕਰਕੇ ਸੂਬੇ ਵਿਚ ਜਮਹੂਰੀ ਤੌਰ 'ਤੇ ਚੁਣੀ ਹੋਈ ਸਰਕਾਰ ਦੀ ਗੈਰ ਮੌਜੂਦਗੀ ਵਿਚ ਐਸ.ਵਾਈ.ਐਲ ਨੂੰ ਬਿਨਾਂ ਕਿਸੇ ਅੜਚਣ ਤੋਂ ਮੁਕੰਮਲ ਕਰਵਾਉਣਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਪੰਜਾਬ ਵਿਰੋਧੀ ਫੈਸਲੇ ਦਾ ਵਿਰੋਧ ਕਰਦਾ ਹੈ ਕਿਉਂਕਿ ਵਿਸ਼ਵ ਪੱਧਰ 'ਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤਾਂ ਦੇ ਹੇਠ ਸਾਡਾ ਦਰਿਆਵਾਂ ਦੇ ਪਾਣੀ ਉੱਤੇ ਪੂਰੀ ਤਰ੍ਹਾਂ ਕਾਨੂੰਨੀ ਹੱਕ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਦੇ ਸਮਝਦਾਰ ਲੋਕ ਕਾਂਗਰਸ ਨੂੰ ਆਪਣੇ ਘਿਨਾਉਣੇ ਹੱਥਕੰਡਿਆਂ ਵਿਚ ਸਫਲ ਹੋਣ ਦੀ ਕਦੇ ਵੀ ਆਗਿਆ ਨਹੀਂ ਦੇਣਗੇ ਕਿਉਂਕਿ ਇਸ ਨੇ ਪਹਿਲੇ ਦਿਨ ਤੋਂ ਹੀ ਦਰਿਆਵਾਂ ਦੇ ਪਾਣੀ ਦੇ ਬਟਵਾਰੇ ਸਬੰਧੀ ਅੰਤਰਰਾਜੀ ਮਸਲੇ ਉੱਤੇ ਸੂਬੇ ਦੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਸਾਜਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਸੰਕਟ ਨੂੰ ਪੈਦਾ ਕਰਨ ਲਈ ਜ਼ਿੰਮੇਵਾਰ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਤੋਂ ਇੱਕ ਵੀ ਬੂੰਦ ਪਾਣੀ ਕਿਸੇ ਹੋਰ ਸੂਬੇ ਵਿਚ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਨਾ ਹੀ ਨਹਿਰ ਦੀ ਉਸਾਰੀ ਵਾਸਤੇ ਇੱਕ ਵੀ ਇੱਟ ਲੱਗਣ ਦਿੱਤੀ ਜਾਵੇਗੀ। 

ਦਰਿਆਈ ਪਾਣੀਆਂ ਦੇ ਕਾਨੂੰਨੀ ਹਿੱਸੇ ਤੋਂ ਸੂਬੇ ਨੂੰ ਵਾਂਝਾ ਕਰਨ ਲਈ ਕਾਂਗਰਸ ਵੱਲੋਂ ਕੀਤੀਆਂ ਸਾਜਿਸ਼ਾਂ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਸ ਸਮੇਂ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਪੰਜਾਬ ਸੰਕਟ ਲਈ ਜ਼ਿੰਮੇਵਾਰ ਹੈ ਕਿਉਂਕਿ ਉਸ ਨੇ ਉਸ ਸਮੇਂ ਦੇ ਕਾਂਗਰਸੀ ਮੰਤਰੀ ਸ੍ਰੀ ਦਰਬਾਰਾ ਸਿੰਘ ਤੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਵਾਸਤੇ ਸਮਝੌਤੇ ਉੱਤੇ ਜ਼ਬਰੀ ਹਸਤਾਖਰ ਕਰਵਾਏ ਸਨ ਅਤੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਹਿੱਤਾਂ ਵਾਸਤੇ ਸੁਪਰੀਮ ਕੋਰਟ ਵਿਚ ਦਰਜ ਕੇਸ ਦਰਬਾਰਾ ਸਿੰਘ ਤੋਂ ਵਾਪਸ ਕਰਵਾਇਆ ਸੀ। ਸ. ਬਾਦਲ ਨੇ ਕਿਹਾ ਕਿ ਕਾਂਗਰਸ ਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਕਪੂਰੀ ਵਿਖੇ ਸ੍ਰੀਮਤੀ ਇੰਦਰਾ ਗਾਂਧੀ ਨੂੰ ਸੱਦ ਕੇ ਨਹਿਰ ਦਾ ਟੱਕ ਲਗਵਾਉਣ ਲਈ ਜ਼ਿੰਮੇਵਾਰ ਹੈ। ਇਹ ਉਸ ਦਾ ਆਪਣਾ ਵਿਧਾਨ ਸਭਾ ਹਲਕਾ ਹੈ ਅਤੇ ਇਹ ਟੱਕ ਲਾਉਣ ਲਈ ਉਸ ਨੇ ਸ੍ਰੀਮਤੀ ਗਾਂਧੀ ਨੂੰ ਚਾਂਦੀ ਦੀ ਕਹੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਹਿੱਤਾਂ ਲਈ ਲੰਮਾ ਸ਼ਾਂਤੀਪੂਰਨ ਜਮਹੂਰੀ ਮੋਰਚਾ ਲਾਇਆ ਜਿਸ ਦੇ ਨਤੀਜੇ ਵਜੋਂ ਪੰਜਾਬ ਦਾ ਪਾਣੀ ਬਾਹਰ ਨਹੀਂ ਜਾ ਸਕਿਆ। 

ਉਨ੍ਹਾਂ ਕਿਹਾ ਕਿ ਸੂਬੇ ਦਾ ਪਾਣੀ ਹਰੇਕ ਪੰਜਾਬੀ ਦੀ ਜੀਵਨ ਰੇਖਾ ਹੈ ਜਿਸ ਕਰਕੇ ਸਾਡੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਇਨ੍ਹਾਂ ਪਾਣੀਆਂ ਦੀ ਰਾਖੀ ਕਰੀਏ।ਇਸ ਤੋਂ ਪਹਿਲਾਂ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਦੁਹਰਾਇਆ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਸੂਬੇ ਦੇ ਲੋਕਾਂ ਨੂੰ ਵਾਜਬ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਲੋਕਾਂ ਦੇ ਮਿਆਰੀ ਜੀਵਨ 'ਤੇ ਜ਼ੋਰ ਦਿੰਦੇ ਹੋਏ ਸ. ਬਾਦਲ ਨੇ ਲੋਕਾਂ ਨੂੰ ਸਲਾਹ ਦਿੱਤੀ ਕਿ ਉਹ ਸਾਧਾਰਾਨ ਖਾਣਾ ਖਾਣ ਅਤੇ ਰੋਜ਼ਾਨਾ ਕਸਰਤ ਕਰਨ। ਉਨ੍ਹਾਂ ਨੇ ਨਿਯਮਤ ਤੌਰ 'ਤੇ ਸਿਹਤ ਦਾ ਚੈਕਅੱਪ ਕਰਵਾਉਣ ਦੀ ਵੀ ਸਲਾਹ ਦਿੱਤੀ ਤਾਂ ਜੋ ਕਿਸੇ ਵੀ ਬਿਮਾਰੀ ਦਾ ਸਮੇਂ ਸਿਰ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਹ ਹੀ ਸਿਹਤਮੰਦ ਅਤੇ ਲੰਮੇ ਜੀਵਨ ਦਾ ਰਾਜ਼ ਹੈ। ਸੂਬਾ ਸਰਕਾਰ ਵੱਲੋਂ ਮਾਰੂ ਬਿਮਾਰੀਆਂ ਨਾਲ ਨਿਪਟਣ ਲਈ ਕੀਤੀਆਂ ਗਈਆਂ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕੈਂਸਰ ਅਤੇ ਹੈਪੀਟਾਈਟਸ-ਸੀ ਵਰਗੀਆਂ ਬਿਮਾਰੀਆਂ ਨਾਲ ਪੀੜਤ ਲੋਕਾਂ ਨੂੰ ਮੁਫਤ ਇਲਾਜ ਮੁਹੱਈਆ ਕਰਵਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਮੋਹਾਲੀ ਵਿਖੇ ਐਡਵਾਂਸ ਸੈਂਟਰ ਫਾਰ ਓਟੀਜ਼ਮ ਟਰੀਟਮੈਂਟ ਐਂਡ ਰਿਸਰਚ ਨੂੰ ਪ੍ਰਵਾਨਗੀ ਦਿੱਤੀ ਹੈ। ਸ. ਬਾਦਲ ਨੇ ਕਿਹਾ ਕਿ ਲੋਕਾਂ ਦਾ ਪਹਿਲੀ ਵਾਰ 50 ਹਜ਼ਾਰ ਰੁਪਏ ਦਾ ਬੀਮਾ ਕਰਵਾਇਆ ਗਿਆ ਹੈ ਅਤੇ ਛੇਤੀ ਹੀ ਸੂਬੇ ਭਰ ਦੇ ਦੋ ਹਜ਼ਾਰ ਮੈਡੀਕਲ ਸਟੋਰਾਂ ਵਿਚ ਕਰੌਨਿਕ ਬਿਮਾਰੀਆਂ ਦੇ ਮਰੀਜਾਂ ਨੂੰ ਮੁਫਤ ਦਵਾਈ ਮਿਲਣੀ ਸ਼ੁਰੂ ਹੋ ਜਾਵੇਗੀ।ਇਸ ਮੌਕੇ ਮੁੱਖ ਮੰਤਰੀ ਨੇ ਪੰਜਾਬ ਸਿਹਤ ਸੁਵਿਧਾ ਪੋਰਟਲ ਵੀ ਲਾਂਚ ਕੀਤਾ ਅਤੇ ਉੱਘੀਆਂ ਸਖ਼ਸ਼ੀਅਤਾਂ ਦਾ ਸਨਮਾਨ ਕੀਤਾ।ਇਸ ਮੌਕੇ ਹਾਜ਼ਰ ਹੋਰਨਾਂ ਵਿਚ ਕੈਬਨਿਟ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ, ਕੇਂਦਰੀ ਸਿਹਤ ਸਕੱਤਰ ਸ੍ਰੀ ਸੀ.ਕੇ. ਮਿਸ਼ਰਾ, ਪ੍ਰਮੁੱਖ ਸਕੱਤਰ ਸਿਹਤ ਸ੍ਰੀਮਤੀ ਵਿੰਨੀ ਮਹਾਜਨ, ਪ੍ਰਬੰਧਕੀ ਡਾਇਰੈਕਟਰ ਪੰਜਾਬ ਸਿਹਤ ਸੇਵਾਵਾਂ ਸ੍ਰੀ ਹੁਸਨ ਲਾਲ, ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰੀ ਵਿਕਾਸ ਪ੍ਰਤਾਪ, ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਸ੍ਰੀ ਵਿਕਾਸ ਗਰਗ, ਵਿਸ਼ੇਸ਼ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਡਾ. ਐਸ. ਕਰੁਣਾ ਰਾਜੂ, ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ, ਐਸ.ਐਸ.ਪੀ ਸ੍ਰੀ ਜੀ.ਐਸ. ਭੁੱਲਰ ਸ਼ਾਮਲ ਸਨ।