5 Dariya News

ਨਿਤੀਸ਼ ਕੁਮਾਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਪਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਸਬੰਧੀ ਸ੍ਰੀ ਪਟਨਾ ਸਾਹਿਬ ਵਿਖੇ ਸਾਲ ਭਰ ਚਲਣ ਵਾਲੇ ਸਮਾਗਮਾਂ ਬਾਰੇ ਬਾਦਲ ਨੂੰ ਜਾਣੂ ਕਰਵਾਇਆ

5 Dariya News

ਚੰਡੀਗੜ੍ਹ 27-Nov-2016

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੰਜਾਬ ਦੇ ਮੁੱਖ ਮੰਤਰੀ  ਪਰਕਾਸ਼ ਸਿੰਘ ਬਾਦਲ ਨਾਲ ਅੱਜ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜਨਮ ਭੂਮੀ ਸ੍ਰੀ ਪਟਨਾ ਸਾਹਿਬ ਵਿਖੇ ਉਨ੍ਹਾਂ ਦਾ 350ਵਾਂ ਪ੍ਰਕਾਸ਼ ਉਤਸਵ ਮਨਾਉਣ ਲਈ ਬਿਹਾਰ ਸਰਕਾਰ ਵੱਲੋਂ ਤਿਆਰ ਕੀਤੇ ਸਾਲ ਭਰ ਚਲੱਣ ਵਾਲੇ ਪ੍ਰੋਗਰਾਮਾਂ ਬਾਰੇ ਜਾਣੂ ਕਰਵਾਇਆ।ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਨਿਤੀਸ਼ ਕੁਮਾਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਮਹਾਂ ਸਮਾਰੋਹ ਤੋਂ ਪਹਿਲਾਂ ਹੀ ਸ. ਬਾਦਲ ਨੂੰ ਸ੍ਰੀ ਪਟਨਾ ਸਾਹਿਬ ਵਿਖੇ ਪਹੁੰਚਣ ਦਾ ਸੱਦਾ ਦਿੱਤਾ ਹੈ। ਇਸ ਸੱਦੇ ਨੂੰ ਪ੍ਰਵਾਨ ਕਰਦੇ ਹੋਏ ਸ. ਬਾਦਲ ਨੇ ਇਸ ਸਤਿਕਾਰ ਵਾਸਤੇ ਬਿਹਾਰ ਦੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਉਤਸਵ ਮਨਾਉਣ ਲਈ ਪੰਜਾਬ ਸਰਕਾਰ ਦੀ ਤਰਫੋਂ ਹਰ ਮਦਦ ਅਤੇ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਸ. ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਤੀ ਬਿਹਾਰ ਦੇ ਮੁੱਖ ਮੰਤਰੀ ਵੱਲੋਂ ਦਿਖਾਏ ਗਏ ਸਮਰਪਣ ਅਤੇ ਸ਼ਰਧਾ ਤੋਂ ਉਹ ਬਹੁਤ ਜ਼ਿਆਦਾ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਬਿਹਾਰ ਸਰਕਾਰ ਵੱਲੋਂ ਇਸ ਮੌਕੇ 'ਤੇ ਉਲੀਕੇ ਗਏ ਪ੍ਰੋਗਰਾਮ ਤੋਂ ਉਨ੍ਹਾਂ ਨੂੰ ਬਹੁਤ ਜ਼ਿਆਦਾ ਖੁਸ਼ੀ ਮਿਲੀ ਹੈ।ਸ੍ਰੀ ਨਿਤੀਸ਼ ਕੁਮਾਰ ਦੇ ਨਾਲ ਬਿਹਾਰ ਦੀ ਸੈਰ ਸਪਾਟਾ ਮੰਤਰੀ ਸ੍ਰੀਮਤੀ ਅਨੀਤਾ ਦੇਵੀ ਵੀ ਸਨ।ਮੀਟਿੰਗ ਵਿਚ ਹਾਜ਼ਰ ਹੋਰਨਾਂ 'ਚ ਸੰਸਦ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਪੰਜਾਬ ਦੇ ਕੈਬਨਿਟ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸ. ਸੁਰਜੀਤ ਸਿੰਘ ਰੱਖੜਾ, ਸ. ਪਰਮਿੰਦਰ ਸਿੰਘ ਢੀਂਡਸਾ ਤੋਂ ਇਲਾਵਾ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਸਰਵੇਸ਼ ਕੌਸ਼ਲ, ਬਿਹਾਰ ਦੇ ਮੁੱਖ ਸਕੱਤਰ ਸ੍ਰੀ ਅੰਜਨੀ ਕੁਮਾਰ ਅਤੇ ਪ੍ਰਮੁੱਖ ਸਕੱਤਰ/ਮੁੱਖ ਮੰਤਰੀ ਬਿਹਾਰ ਸ੍ਰੀ ਚੰਚਲ ਕੁਮਾਰ ਸ਼ਾਮਲ ਸਨ।