5 Dariya News

ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵੱਲੋਂ ਸੜਕ ਹਾਦਸੇ ਦਾ ਸ਼ਿਕਾਰ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ

ਹਾਦਸੇ ਦਾ ਸ਼ਿਕਾਰ ਅਧਿਆਪਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਤਰਸ ਦੇ ਆਧਾਰ ਤੇ ਨੌਕਰੀ ਦੇਣ ਦਾ ਵਾਅਦਾ

5 Dariya News

ਫਾਜ਼ਿਲਕਾ 09-Dec-2016

ਅੱਜ ਜ਼ਿਲ੍ਹੇ ਦੇ ਪਿੰਡ ਚਾਂਦਮਾਰੀ ਨੇੜੇ ਇਕ ਭਿਆਨਕ ਅਤੇ ਦਰਦਨਾਕ ਸੜਕ ਹਾਦਸੇ ਵਿੱਚ 12 ਅਧਿਆਪਕਾਂ ਅਤੇ ਦੁਰਘਟਨਾਗ੍ਰਸਤ ਵਾਹਨ ਦੇ ਡਰਾਈਵਰ ਦੀ ਮੌਤ ਹੋ ਜਾਣ 'ਤੇ ਪੰਜਾਬ ਦੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ, ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਫਾਜ਼ਿਲਕਾ ਵਿਖੇ ਮ੍ਰਿਤਕ ਅਧਿਆਪਕਾਂ ਦੇ ਸੰਸਕਾਰ ਤੇ ਪਹੁੰਚੇ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਸ ਸੜਕ ਹਾਦਸੇ ਬਾਰੇ ਸੁਣ ਕੇ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਜਿਸ ਨੇ ਸਾਡੇ ਪਾਸੋਂ 12 ਅਧਿਆਪਕਾਂ ਦੀਆਂ ਕੀਮਤੀ ਜਾਨਾਂ ਖੋਹ ਲਈਆਂ। ਇਸ ਘਟਨਾ ਨੂੰ ਸੂਬੇ ਲਈ ਵੱਡਾ ਘਾਟਾ ਦੱਸਦਿਆਂ ਅਧਿਆਪਕ ਸੱਚਾ ਮਾਰਗ ਦਰਸ਼ਕ ਹੋਣ ਦੇ ਨਾਲ-ਨਾਲ ਸਾਡੀ ਭਵਿੱਖੀ ਪੀੜ੍ਹੀ ਦੀ ਤਕਦੀਰ ਘੜਨ ਵਾਲਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਵਿਚ ਮ੍ਰਿਤਕ ਪਰਿਵਾਰਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਦਾ ਕੰਮ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹੋਰ ਮਦਦ ਕਰਨ ਲਈ ਇਸ ਨੂੰ ਕੈਬਨਿਟ ਦੀ ਮੀਟਿੰਗ ਵਿਚ ਵਿਚਾਰਨਗੇ । ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। 

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਗਮ 'ਚ ਡੁੱਬੇ ਪਰਿਵਾਰਾਂ ਦੇ ਮੈਂਬਰਾਂ ਨਾਲ ਡੂੰਘਾ ਦੁੱਖ ਸਾਂਝਾ ਕਰਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਇਹ ਅਸਹਿ ਤੇ ਅਕਹਿ ਭਾਣਾ ਮੰਨਣ ਦਾ ਬਲ ਬਖਸ਼ਣ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਇੰਨ੍ਹਾਂ ਅਧਿਆਪਕਾਂ ਦੀ ਸੜਕ ਹਾਦਸੇ ਵਿਚ ਫੌਤ ਹੋਣ ਤੇ ਬਹੁਤ ਭਾਰੀ ਦੁੱਖ ਹੈ। ਇਸ ਮੌਕੇ ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਡੂੰੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਸੰਕਟ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨੂੰ ਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਮ੍ਰਿਤਕ ਡਰਾਈਵਰ ਦੇ ਪਰਿਵਾਰ ਨੂੰ ਵੀ ਸਰਕਾਰੀ ਨਿਯਮਾਂ ਅਨੁਸਾਰ ਮਦਦ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਜਰਨੈਲ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀ ਰਾਕੇਸ਼ ਧੂੜੀਆ, ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸੁਖਬੀਰ ਸਿੰਘ ਬੱਲ ਤੋਂ ਇਲਾਵਾ ਉਚ ਅਧਿਕਾਰੀ ਹਾਜਰ ਸਨ।