5 Dariya News

ਦਿੱਲੀ ਦੇ ਜਲ ਸੰਸਾਧਨ ਮੰਤਰੀ ਕਪਿਲ ਮਿਸ਼ਰਾ ਨੇ ਪਾਰਟੀ ਉਮੀਦਵਾਰ ਗੁਲਸ਼ਨ ਸ਼ਰਮਾ ਦੇ ਹੱਕ ਵਿੱਚ ਕੀਤਾ ਚੋਣ ਪ੍ਰਚਾਰ

ਦਿੱਲੀ ਵਾਸੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਪੰਜਾਬ ਦੇ ਵਸਨੀਕਾਂ ਨੂੰ ਵੀ ਮੁਹੱਈਆ ਕਰਵਾਈਆਂ ਜਾਣਗੀਆਂ – ਕਪਿਲ ਮਿਸ਼ਰਾ

5 Dariya News

ਜਲੰਧਰ 20-Jan-2017

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਦਿੱਲੀ ਦੇ ਜਲ ਸੰਸਾਧਨ ਮੰਤਰੀ ਕਪਿਲ ਮਿਸ਼ਰਾ ਨੇ ਜਲੰਧਰ (ਨਾਰਥ) ਵਿਧਾਨ ਸਭਾ ਹਲਕੇ ਵਿੱਚ ਪਾਰਟੀ ਦੇ ਉਮੀਦਵਾਰ ਗੁਲਸ਼ਨ ਸ਼ਰਮਾ ਦੇ ਹੱਕ ਵਿੱਚ ਭਰਵੀਂ ਰੈਲੀ ਨੂੰ ਸੰਬੋਧਨ ਕੀਤਾ।ਇਸ ਦੌਰਾਨ ਕਪਿਲ ਮਿਸ਼ਰਾ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਨੇ ਜਿੱਤਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਸਰਕਾਰ ਦੇ ਗਠਨ ਤੋਂ ਮਗਰੋਂ ਹੀ ਉਨਾਂ ਨੂੰ ਅਮਲੀ ਜਾਮਾ ਪਹਿਨਾਣਾ ਸ਼ੁਰੂ ਕਰ ਦਿੱਤਾ। ਉਨਾਂ ਕਿਹਾ ਕਿ ਦਿੱਲੀ ਦੀ ਤਰਜ ਉਤੇ ਸਾਰੀਆਂ ਸਹੂਲਤਾਂ ਦੇ ਪੰਜਾਬ ਦੇ ਲੋਕਾਂ ਨੂੰ ਵੀ ਦਿੱਤੀਆਂ ਜਾਣਗੀਆਂ।ਕਪਿਲ ਮਿਸ਼ਰਾ ਨੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰ ਹੱਦਾਂ ਪਾਰ ਗਿਆ ਅਤੇ ਇੱਥੋਂ ਦੇ ਰਵਾਇਤੀ ਸਿਆਸਤਦਾਨਾਂ ਨੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਨਾਲ ਬਰਬਾਦ ਕਰ ਦਿੱਤਾ। ਉਨਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਗਠਨ ਮਗਰੋਂ ਸਭ ਤੋਂ ਪਹਿਲਾਂ ਨਸ਼ਿਆਂ ਦੀ ਸਪਲਾਈ ਬੰਦ ਕਰਵਾ ਕੇ ਨੌਜਵਾਨਾਂ ਨੂੰ ਨਸ਼ਾ-ਮੁਕਤ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਉਨਾਂ ਲਈ 25 ਲੱਖ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ।ਉਨਾਂ ਵਾਅਦਾ ਕੀਤਾ ਕਿ ਪੰਜਾਬ ਦੇ ਲੋਕਾਂ ਨੂੰ ਦਿੱਲੀ ਦੀ ਤਰਜ ਉਤੇ ਸਿਹਤ ਅਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਬਿਜਲੀ ਦੇ ਬਿਲ ਅੱਧੇ ਕੀਤੇ ਜਾਣਗੇ। ਉਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਰਜਾ ਮੁਕਤ ਕਰਨ ਦੇ ਨਾਲ-ਨਾਲ ਖੇਤੀਬਾੜੀ ਨੂੰ ਲਾਹੇਵੰਦ ਕਿੱਤਾ ਬਣਾਇਆ ਜਾਵੇਗਾ ਤਾਂ ਜੋ ਕਿਸਾਨਾਂ ਨੂੰ ਕਰਜਾ ਲੈਣ ਦੀ ਜਰੂਰਤ ਹੀ ਨਾ ਪਵੇ।