5 Dariya News

ਸਿੱਧੂ ਦੀ ਬਿਆਨਬਾਜੀ ਭਾਜਪਾ ਦਾ ਅੰਦਰੂਨੀ ਮਾਮਲਾ -ਮੁੱਖ ਮੰਤਰੀ

ਸ਼੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਰੋਪ ਵੇਅ ਪ੍ਰਾਜੈਕਟ ਸ਼ੁਰੂ ਕਰਨ ਲਈ ਹਿਮਾਚਲ ਦੇ ਮੁੱਖ ਮੰਤਰੀ ਨੂੰ ਅਪੀਲ

5 ਦਰਿਆ ਨਿਊਜ਼

ਕੋਟਲਾ ਕਲਾਂ (ਊਨਾ) 05-Sep-2013

ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੰਸਦ ਮੈਂਬਰ ਸ਼੍ਰੀ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜੀ 'ਤੇ ਪ੍ਰਤੀਕ੍ਰਿਆ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਭਾਜਪਾ ਦਾ ਅੰਦਰੂਨੀ ਮਾਮਲਾ ਹੈ ਅਤੇ ਉਨ੍ਹਾਂ ਨੂੰ ਸੰਤੁਸ਼ਟ ਕਰਨਾ ਸਿਰਫ਼ ਤੇ ਸਿਰਫ਼ ਭਾਜਪਾ ਦਾ ਹੀ ਅਧਿਕਾਰ ਖੇਤਰ ਹੈ।ਅੱਜ ਇੱਥੇ ਸ਼੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਆਯੋਜਤ ਸ੍ਰੀਮਦ ਭਾਗਵਤ ਕਥਾ ਸਬੰਧੀ ਧਾਰਮਿਕ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਸ਼੍ਰੀ ਸਿੱਧੂ ਨਾਲ ਕੋਈ ਵੀ ਨਿੱਜੀ ਸਮੱਸਿਆ ਨਹੀਂ ਹੈ। ਜੇਕਰ ਐਮ.ਪੀ. ਨੂੰ ਕੋਈ ਸਮੱਸਿਆ ਹੈ ਤਾਂ ਭਾਜਪਾ ਲੀਡਰਸ਼ਿੱਪ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਸਰਕਾਰ ਵਲੋਂ ਸ਼੍ਰੀ ਆਨੰਦਪੁਰ ਸਾਹਿਬ-ਨੈਣਾ ਦੇਵੀ ਰੋਪ ਵੇਅ ਦੇ ਨਿਰਮਾਣ ਸਬੰਧੀ ਸਮਝੌਤਾ ਤੋੜਨ ਦੇ ਸਬੰਧ ਵਿੱਚ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਸ. ਬਾਦਲ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸ਼੍ਰੀ ਵੀਰਭੱਦਰ ਸਿੰਘ ਨੂੰ ਇਹ ਪ੍ਰਾਜੈਕਟ ਤੁਰੰਤ ਸ਼ੁਰੂ ਕਰਨ ਦੀ ਵੀ ਅਪੀਲ ਕੀਤੀ ਹੈ ਅਤੇ ਇਸ ਸਬੰਧ ਵਿੱਚ ਉਨ੍ਹਾਂ ਨੂੰ ਦੋਵਾਂ ਸਥਾਨਾਂ ਦੀ ਸਮਾਜਿਕ-ਧਾਰਮਿਕ ਮਹੱਤਤਾ ਨੂੰ ਧਿਆਨ ਵਿੱਚ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਇਸ ਪ੍ਰਾਜੈਕਟ ਦਾ ਸਮੁੱਚਾ ਖਰਚਾ ਸਹਿਣ ਕਰਨ ਦੀ ਪੇਸ਼ਕਸ਼ ਕੀਤੀ ਅਤੇ ਇਸ ਸ਼ਾਨਾਮੱਤੇ ਪ੍ਰਾਜੈਕਟ ਨੂੰ ਹਿਮਾਚਲ ਪ੍ਰਦੇਸ਼ ਦੇ ਇਲਾਕੇ ਤੋਂ ਸ਼ੁਕਰਨ ਦੀ ਵੀ ਗੱਲ ਪ੍ਰਵਾਨੀ।

ਨੰਗਲ ਤੋਂ ਤਖਤ ਸ਼੍ਰੀ ਹਜ਼ੂਰ ਸਾਹਿਬ (ਨੰਦੇੜ) ਨੂੰ ਐਕਸਪ੍ਰੈਸ ਗੱਡੀ ਸ਼ੁਰੂ ਕਰਨ ਦੇ ਪੁੱਛੇ ਗਏ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰੀ ਰੇਲਵੇ ਮੰਤਰੀ ਕੋਲ ਇਹ ਮੁੱਦਾ ਉਠਾਉਣਗੇ ਤਾਂ ਜੋ ਇਨ੍ਹਾਂ ਦੋ ਮਹੱਤਵਪੂਰਨ ਸਥਾਨਾਂ ਵਿਚਕਾਰ ਰੇਲ ਗੱਡੀ ਸ਼ੁਰੂ ਕੀਤੀ ਜਾ ਸਕੇ ਅਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਨੂੰ ਤਖਤ ਸ਼੍ਰੀ ਹਜ਼ੂਰ ਸਾਹਿਬ ਨਾਲ ਜੋੜਿਆ ਜਾ ਸਕੇ। ਗੁਜਰਾਤ ਦੇ ਮੁੱਖ ਮੰਤਰੀ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਦੇ ਉਮੀਦਵਾਰ ਵਜੋਂ ਪ੍ਰਵਾਨਣ ਦੇ ਪੁੱਛੇ ਇੱਕ ਹੋਰ ਸਵਾਲ ਦਾ ਜਵਾਬ ਦਿੰਦੇ ਹੋਏ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਅਕਾਲੀ ਦਲ-ਭਾਜਪਾ ਦਾ ਭਾਈਵਾਲ ਹੋਣ ਦੇ ਨਾਤੇ ਇਸ ਅਹੁਦੇ ਲਈ ਉਸ ਦੇ ਕਿਸੇ ਵੀ ਉਮੀਦਵਾਰ ਦਾ ਸਮਰਥਨ ਕਰੇਗਾ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਭਾਜਪਾ ਦੀ ਅਗਵਾਈ ਵਿੱਚ ਐਨ.ਡੀ.ਏ. ਲਾਜ਼ਮੀ ਤੌਰ 'ਤੇ ਕੇਂਦਰ ਵਿੱਚ ਅਗਲੀ ਸਰਕਾਰ ਬਣਾਵੇਗਾ ਅਤੇ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਦੇ ਕੁਸ਼ਾਸ਼ਨ ਦੇ ਕਾਰਨ ਉਸ ਨੂੰ ਬਾਹਰ ਦਾ ਰਸਤਾ ਦਿਖਾਏਗਾ ਜੋ ਕਿ ਪਿਛਲੇ ਇੱਕ ਦਹਾਕੇ ਤੋਂ ਕੇਂਦਰੀ ਸਤਾ ਵਿੱਚ ਹੈ। ਸ. ਬਾਦਲ ਨੇ ਕਿਹਾ ਕਿ ਦੇਸ਼ ਦੇ ਲੋਕ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਗਰੀਬੀ, ਨੋਟ ਪਸਾਰੇ ਅਤੇ ਭੁੱਖਮਰੀ ਦੇ ਕਾਰਨ ਯੂ.ਪੀ.ਏ. ਸਰਕਾਰ ਤੋਂ ਬੁਰੀ ਤਰ੍ਹਾਂ ਦੁਖੀ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਯੂ.ਪੀ.ਏ. ਸਰਕਾਰ ਰੁਪਏ ਦੀ ਕਦਰ ਘਟਾਈ ਦੇ ਰੁਝਾਨ ਨੂੰ ਰੋਕਣ ਵਿੱਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ ਅਤੇ ਰੁਪਏ ਦੀ ਕੀਮਤ ਬਹੁਤ ਜ਼ਿਆਦਾ ਹੇਠਾਂ ਚਲੀ ਗਈ ਹੈ।

ਹਾਲ ਹੀ ਵਿੱਚ ਕੇਂਦਰ ਵਲੋਂ ਬਣਾਏ ਗਏ ਖੁਰਾਕ ਸੁਰੱਖਿਆ ਕਾਨੂੰਨ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਿੱਚ ਕੁਝ ਵੀ ਨਵਾਂ ਨਹੀਂ ਹੈ ਅਤੇ ਇਹ ਪੰਜਾਬ ਸਰਕਾਰ ਦੀ ਆਟਾ-ਦਾਲ ਸਕੀਮ ਦੀ ਹੂ-ਬਹੂ ਕਾਪੀ ਹੈ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਕਾਨੂੰਨ ਨੂੰ ਲਾਗੂ ਕਰਕੇ ਘੱਟੋ ਘੱਟ ਕੇਂਦਰ ਸਰਕਾਰ ਨੇ ਇਹ ਤਾਂ ਮੰਨਿਆ ਹੀ ਹੈ ਕਿ ਦੇਸ਼ ਦੇ 80 ਫ਼ੀਸਦੀ ਤੋਂ ਵੱਧ ਲੋਕਾਂ ਨੂੰ ਦੋ ਵਕਤ ਦੀ ਰੋਟੀ ਵੀ ਨਹੀਂ ਮਿਲਦੀ।

ਇਸ ਤੋਂ ਪਹਿਲਾਂ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਲੋਕਾਂ ਨੂੰ ਮਹਾਨ ਗੁਰੂਆਂ, ਪੀਰਾਂ-ਪਗੰਬਰਾਂ ਅਤੇ ਸੰਤਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ ਦਿੱਤਾ ਕਿਉਂਕਿ ਉਨ੍ਹਾਂ ਦੀਆਂ ਸਿੱਖਿਆਵਾਂ ਪਦਾਰਥਵਾਦੀ ਦੁਨੀਆਂ ਦੀਆਂ ਸਮੱਸਿਆਵਾਂ ਦੇ ਨਿਵਾਰਨ ਦਾ ਰਾਹ ਦੱਸਦੀਆਂ ਹਨ। ਉਨ੍ਹਾਂ ਕਿਹਾ ਕਿ ਸੰਤਾਂ ਨੇ ਅਧਿਆਤਮਕਤਾ ਦੇ ਰਾਹ 'ਤੇ ਚੱਲਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਈ ਹੈ। ਸ. ਬਾਦਲ ਨੇ ਬਾਬਾ ਬਾਲ ਜੀ ਨੂੰ ਪੰਜਾਬ ਵਿੱਚ ਵੀ ਅਜਿਹੇ ਧਾਰਮਿਕ ਪ੍ਰੋਗਰਾਮ ਆਯੋਜਿਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਖੇਤਰ ਦੇ ਲੋਕਾਂ ਵਲੋਂ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਾ ਬਣਾਈ ਰੱਖਣ ਲਈ ਸ਼ਲਾਘਾ ਕੀਤੀ ਜੋ ਕਿ ਕਿਸੇ ਵੀ ਰਾਜ ਜਾਂ ਦੇਸ਼ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਬਹੁਤ ਜ਼ਿਆਦਾ ਮਹੱਤਵਪੂਰਨ ਹੈ। ਮੁੱਖ ਮੰਤਰੀ ਦੇ ਨਾਲ ਕੈਬਨਿਟ ਮੰਤਰੀ ਸ਼੍ਰੀ ਮਦਨ ਮੋਹਨ ਮਿੱਤਲ, ਹਿਮਾਚਲ ਤੋਂ ਐਸ.ਜੀ.ਪੀ.ਸੀ. ਦੇ ਮੈਂਬਰ ਸ. ਦਲਜੀਤ ਸਿੰਘ ਭਿੰਡਰ ਹਾਜ਼ਰ ਸਨ।