5 Dariya News

ਆਮ ਆਦਮੀ ਪਾਰਟੀ ਪੰਜਾਬ ਵਿੱਚ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਵਚਨਬੱਧ ਹੈ : ਗੁਰਪ੍ਰੀਤ ਸਿੰਘ ਵੜੈਚ

5 Dariya News

ਚੰਡੀਗੜ੍ਹ 31-Jan-2017

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਹੈ ਕਿ ਸੂਬੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਤੇਜ ਕਰਨ ਲਈ ਆਮ ਸਿੱਖਿਆ ਦੇ ਨਾਲ ਉਚੇਰੀ ਸਿੱਖਿਆ ਦਾ ਮਿਆਰ ਉਚਾ ਚੁੱਕਿਆ ਜਾਵੇਗਾ।ਇੱਥੋਂ ਇੱਕ ਜਾਰੀ ਪ੍ਰੈਸ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਚੰਗੇ ਰਾਸ਼ਟਰ ਦੀ ਸਥਾਪਨਾ ਵਿੱਚ ਅਧਿਆਪਕਾਂ ਦੀ ਭੂਮਿਕਾ ਨੂੰ ਚੰਗੀ ਤਰਾਂ ਜਾਣਦੀ ਹੈ ਅਤੇ ਉਨਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਨੂੰ ਅਣਗੌਲਿਆ ਕੀਤਾ ਹੈ, ਜਿਸ ਕਾਰਨ ਪੰਜਾਬ ਵਿੱਚ ਸਿੱਖਿਆ ਦੀ ਗੁਣਵੱਤਾ ਗਿਰਾਵਟ ਵੱਲ ਚਲੀ ਗਈ।ਵੜੈਚ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਹ ਵਾਅਦਾ ਕਰਦੀ ਹੈ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ/ਕਾਲਜਾਂ ਦੇ ਅਧਿਆਪਕਾਂ ਨੂੰ ਵੀ ਸਰਕਾਰੀ ਕਾਲਜਾਂ/ਸਕੂਲਾਂ ਦੇ ਅਧਿਆਪਕਾਂ ਦੀ ਤਰਾਂ ਮੰਨਿਆ ਜਾਵੇਗਾ।ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀ ਤਰਜ ਉਤੇ ਪੰਜਾਬ ਦੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਉਣ ਲਈ  ਨਿਯਮਿਤ ਆਧਾਰ ਉਤੇ ਅਧਿਆਪਕਾਂ ਦੀ ਭਰਤੀ ਨੂੰ ਮੁੜ ਲਾਗੂ ਕਰਨ ਦੇ ਨਾਲ-ਨਾਲ ਪੈਨਸ਼ਨ ਲਾਭ ਦੇਣ ਲਈ ਵੀ ਵਚਨਬੱਧ ਹੈ।