5 Dariya News

ਮੁੱਖ ਮੰਤਰੀ ਵੱਲੋਂ ਮੁੱਖ ਸਕੱਤਰ ਨੂੰ ਨਵੀਂ ਨੀਤੀ ਵਿੱਚ ਸਨਅਤਕਾਰਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੇ ਨਿਰਦੇਸ਼

ਸਾਰੇ ਫੋਕਲ ਪੁਆਇੰਟਾਂ ਵਿੱਚ ਮੁਢਲੀਆਂ ਸਹੂਲਤਾਂ ਨੂੰ ਪਹਿਲ ਦੇਣ ਦਾ ਭਰੋਸਾ

5 Dariya News

ਚੰਡੀਗੜ੍ਹ 26-Apr-2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਮੁੱਖ ਸਕੱਤਰ ਨੂੰ ਉਦਯੋਗਪਤੀਆਂ ਦੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਸ਼ਿਕਾਇਤਾਂ ਨੂੰ ਨਵੀਂ ਉਦਯੋਗਿਕ ਨੀਤੀ 'ਚ ਸ਼ਾਮਲ ਕਰਨ ਲਈ ਆਖਿਆ ਹੈ ਜੋ ਕਿ ਛੇਤੀ ਹੀ ਜਾਰੀ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਨੇ ਇਹ ਹੁਕਮ ਅੱਜ ਪੰਜਾਬ ਭਵਨ ਵਿੱਚ ਪਟਿਆਲਾ ਇੰਡਸਟਰੀਅਲ ਅਸਟੇਟ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਨਰਿੰਦਰ ਸਿੰਘ ਖੁਰਾਣਾ ਦੀ ਅਗਵਾਈ ਵਿੱਚ ਵਫਦ ਨਾਲ ਮੀਟਿੰਗ ਉਪਰੰਤ ਦਿੱਤੇ। ਵਫ਼ਦ ਨੇ ਮੁੱਖ ਮੰਤਰੀ ਨੂੰ ਆਪਣੀ ਮੰਗਾਂ ਤੋਂ ਜਾਣੂੰ ਕਰਵਾਇਆ ਜਿਸ ਦੇ ਹੁੰਗਾਰੇ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਮੰਨਿਆ ਕਿ ਸਨਅਤੀ ਫੋਕਲ ਪੁਆਇੰਟ ਅਣਗੌਲੇ ਜਾਣ ਕਾਰਨ ਖਸਤਾ ਹਾਲਤ ਵਿੱਚ ਹੋ ਗਏ ਹਨ।ਮੁੱਖ ਮੰਤਰੀ ਨੇ ਸਨਅਤਕਾਰਾਂ ਨੂੰ ਭਰੋਸਾ ਦਵਾਇਆ ਕਿ ਬਿਨਾਂ ਕੱਟ ਤੋਂ ਬਿਜਲੀ, ਪਾਣੀ ਸਪਲਾਈ ਅਤੇ ਸੀਵੇਜ ਵਰਗੀਆਂ ਮੁਢਲੀਆਂ ਸਹੂਲਤਾਂ ਸਾਰੇ ਫੋਕਲ ਪੋਆਇੰਟਾਂ 'ਤੇ ਪਹਿਲ ਦੇ ਅਧਾਰ ਉੱਤੇ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਨੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਅਤੇ ਐਫਲੂਐਂਟ ਟ੍ਰੀਟਮੈਂਟਾਂ ਪਲਾਂਟਾਂ ਤੋਂ ਇਲਾਵਾ ਸਾਰੀਆਂ ਬੁਨਿਆਦੀ ਸਹੂਲਤਾਂ ਨੂੰ ਤੇਜ਼ੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ ਤਾਂ ਜੋ ਵਾਤਾਵਰਣ ਪ੍ਰਦੂਸ਼ਣ ਦੇ ਵੱਧ ਰਹੇ ਪੱਧਰ ਨੂੰ ਰੋਕਿਆ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਇਸ ਸਬੰਧੀ ਵਿਆਪਕ ਕਾਰਜ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ।

ਸੂਬੇ ਭਰ ਵਿੱਚ ਸਨਅਤਕਾਰਾਂ ਨੂੰ ਬਰਾਬਰ ਦੇ ਮੌਕੇ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਦੋਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਸਾਵੇਂ ਵਿਕਾਸ ਦੇ ਪੁਰਾਣੇ ਰੁਝਾਨ ਨੂੰ ਨਿਰਉਤਸ਼ਾਹਿਤ ਕੀਤਾ ਜਾਵੇਗਾ ਅਤੇ ਸੂਬੇ ਦੇ ਇਕਸਾਰ ਵਿਕਾਸ ਦਾ ਮਾਡਲ ਅਪਣਾਇਆ ਜਾਵੇਗਾ ਤਾਂ ਜੋ ਸੂਬੇ ਨੂੰ ਤੇਜ਼ੀ ਨਾਲ ਸਨਅਤੀਕਰਨ ਦੇ ਰਾਹ 'ਤੇ ਲਿਆਂਦਾ ਜਾ ਸਕੇ।  ਪਟਿਆਲਾ ਵਿਖੇ ਇਕ ਵੱਡਾ ਉਦਯੋਗਿਕ ਪਲਾਂਟ ਲਾਏ ਜਾਣ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਦੇ ਮੁੰਬਈ ਦੌਰੇ ਦੌਰਾਨ ਟਾਟਾ, ਅੰਬਾਨੀਜ਼, ਮਹਿੰਦਰਾਜ਼ ਅਤੇ ਬਹੁਤ ਸਾਰੇ ਹੋਰਨਾਂ ਉਦਯੋਗਪਤੀਆਂ ਨਾਲ ਗੱਲਬਾਤ ਕੀਤੀ ਹੈ ਜਿਨ੍ਹਾਂ ਨੇ ਇਸ ਸਬੰਧ ਵਿੱਚ ਹਾਂ-ਪੱਖੀ ਹੁੰਗਾਰਾ ਭਰਿਆ ਹੈ ਅਤੇ ਇਹ ਸੂਬੇ ਵਿੱਚ ਸਨਅਤੀ ਉੱਦਮ ਸ਼ੁਰੂ ਕਰਨ ਲਈ ਡੂੰਘੀ ਦਿਲਚਸਪੀ ਵਿਖਾਈ ਹੈ।ਇਯ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮੋਹਿੰਦਰਾ, ਕਾਂਗਰਸੀ ਨੇਤਾ ਸ੍ਰੀ ਹਰਿੰਦਰਪਾਲ ਸਿੰਘ ਹੈਰੀਮਾਨ, ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਚੇਅਰਮੈਨ-ਕਮ-ਪ੍ਰਬੰਧਕੀ ਡਾਇਰੈਕਟਰ ਪੀ.ਐਸ.ਪੀ.ਸੀ.ਐਲ ਸੀ੍ਰ ਏ ਵੇਨੂ ਪ੍ਰਸ਼ਾਦ, ਸੀ.ਈ.ਓ ਪੰਜਾਬ ਬਿਊਰੋ ਆਫ ਇਨਵੈਸਟਮੈਂਟ ਪ੍ਰਮੋਸ਼ਨ ਸ੍ਰੀ ਡੀ.ਕੇ ਤਿਵਾੜੀ ਅਤੇ ਡਾਇਰੈਕਟਰ ਸਥਾਨਿਕ ਸਰਕਾਰ ਸ੍ਰੀ ਕਮਲ ਕਿਸ਼ੋਰ ਯਾਦਵ ਸ਼ਾਮਲ ਸਨ।