5 Dariya News

ਕਾਰਗੁਜ਼ਾਰੀ ਦਿਖਾਓ ਜਾਂ ਫਿਰ ਦੁਕਾਨਾਂ ਬੰਦ ਕਰੋ-ਮੁੱਖ ਮੰਤਰੀ ਵੱਲੋਂ ਪ੍ਰਾਈਵੇਟ ਮੈਡੀਕਲ ਤੇ ਡੈਂਟਲ ਕਾਲਜਾਂ ਨੂੰ ਤਾੜਨਾ

ਫੰਡਾਂ ਦੀ ਕਮੀ ਦਾ ਸਾਹਮਣਾ ਕਰ ਰਹੀਆਂ ਸਰਕਾਰੀ ਮੈਡੀਕਲ ਸੰਸਥਾਵਾਂ ਲਈ ਫੰਡਾਂ ਦੇ ਢੁਕਵੇਂ ਬੰਦੋਬਸਤ ਕਰਨ ਦੇ ਆਦੇਸ਼

5 Dariya News

ਚੰਡੀਗੜ੍ਹ 26-Apr-2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡ ਕੇ ਪੈਸਾ ਕਮਾਉਣ ਦੇ ਧੰਦੇ ਵਿੱਚ ਲੱਗੇ ਨਿੱਜੀ ਖੇਤਰ ਦੇ ਮੈਡੀਕਲ ਤੇ ਡੈਂਟਲ ਕਾਲਜਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੰਦਿਆਂ ਇਨ੍ਹਾਂ ਕਾਲਜਾਂ ਦੇ ਪ੍ਰਬੰਧਕਾਂ ਨੂੰ ਕਾਰਗੁਜ਼ਾਰੀ ਦਿਖਾਉਣ ਜਾਂ ਫਿਰ ਅਜਿਹੀਆਂ ਦੁਕਾਨਾਂ ਬੰਦ ਕਰ ਲੈਣ ਦੀ ਤਾੜਨਾ ਕੀਤੀ।ਮੁੱਖ ਮੰਤਰੀ ਨੇ ਇਹ ਹੁਕਮ ਅੱਜ ਇੱਥੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਇਕ ਜਾਇਜ਼ਾ ਮੀਟਿੰਗ ਦੌਰਾਨ ਸੂਬੇ ਦੇ ਮੈਡੀਕਲ ਕਾਲਜਾਂ ਖਾਸ ਕਰਕੇ ਵਿਵਾਦ ਵਿੱਚ ਉਲਝੇ ਗਿਆਨ ਸਾਗਰ ਤੇ ਚਿੰਤਪੁਰਨੀ ਮੈਡੀਕਲ ਕਾਲਜਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ-ਵਟਾਂਦਰਾ ਦੌਰਾਨ ਦਿੱਤੇ।ਕੈਪਟਨ ਅਮਰਿੰਦਰ ਸਿੰਘ ਨੇ ਪ੍ਰਾਈਵੇਟ ਮੈਡੀਕਲ ਤੇ ਡੈਂਟਲ ਕਾਲਜਾਂ ਨੂੰ ਚਿਤਾਵਨੀ ਦਿੰਦਿਆਂ ਆਖਿਆ ਕਿ ਦਾਖਲਾ ਪ੍ਰਕ੍ਰਿਆ ਦੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਮਿਆਰੀ ਸਿੱਖਿਆ ਮੁਹੱਈਆ ਨਾ ਕਰਵਾਉਣ ਵਾਲੇ ਕਾਲਜਾਂ ਨੂੰ ਬੰਦ ਕਰ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਅਜਿਹੀਆਂ ਸੰਸਥਾਵਾਂ ਨੂੰ ਵਿਦਿਆਰਥੀਆਂ ਦੇ ਭਵਿੱਖ ਨਾਲ ਖੇਡਣ ਦੀ ਹਰਗਿਜ਼ ਇਜਾਜ਼ਤ ਨਹੀਂ ਦੇਵੇਗੀ।ਇਸ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਸਕੱਤਰ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਵਿਭਾਗ ਵੱਲੋਂ ਉਨ੍ਹਾਂ ਕਾਲਜਾਂ ਖਾਸ ਕਰਕੇ ਨਰਸਿੰਗ ਸੰਸਥਾਵਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਜਿਹੜੇ ਕਾਲਜ ਜਾਂ ਸੰਸਥਾਵਾਂ ਨੇ ਵਿਦਿਆਰਥੀਆਂ ਦੇ ਦਾਖਲਿਆਂ ਵਿੱਚ ਨਿਰਧਾਰਤ ਨਿਯਮਾਂ ਦੀ ਉਲੰਘਣਾ ਕੀਤੀ ਜਾਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਕੁਤਾਹੀ ਕੀਤੀ। 

ਬਹੁਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਫੰਡਾਂ ਦੀ ਘਾਟ ਦੀਆਂ ਸ਼ਿਕਾਇਤਾਂ ਬਾਰੇ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਆਖਿਆ ਕਿ ਮੈਡੀਕਲ ਸਿੱਖਿਆ ਲਈ ਰਾਖਵੇਂ ਕੇਂਦਰੀ ਫੰਡਾਂ ਦੀ ਵਰਤੋਂ ਇਨ੍ਹਾਂ ਕਾਲਜਾਂ ਦੇ ਬੁਨਿਆਦੀ ਢਾਂਚਾ ਦਾ ਪੱਧਰ ਉੱਚਾ ਚੁੱਕਣ ਸਮੇਤ ਹੋਰ ਅਜਿਹੇ ਕੰਮਾਂ 'ਤੇ ਖਰਚੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਨੇ ਮੁੱਖ ਸਕੱਤਰ ਨੂੰ ਮੈਡੀਕਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਫੰਡ ਹਾਸਲ ਨਾ ਹੋਣ ਬਾਰੇ ਕੀਤੀ ਸ਼ਿਕਾਇਤ 'ਤੇ ਵਿਚਾਰ ਕਰਨ ਲਈ ਆਖਿਆ ਅਤੇ ਸੂਬੇ ਦੇ ਖਜ਼ਾਨੇ 'ਚੋਂ ਜਿੰਨਾ ਸੰਭਵ ਹੋ ਸਕੇ, ਫੰਡ ਦੇਣ ਲਈ ਰਾਹ ਤਲਾਸ਼ਣ ਵਾਸਤੇ ਕਿਹਾ।ਕੈਪਟਨ ਅਮਰਿੰਦਰ ਸਿੰਘ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਆਖਿਆ ਕਿ ਸੂਬੇ ਮੈਡੀਕਲ ਕਾਲਜਾਂ ਦੇ ਕੰਮਕਾਜ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੀ ਸਲਾਹ ਨਾਲ ਰੂਪ ਰੇਖਾ ਤਿਆਰ ਕੀਤੀ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਮੈਡੀਕਲ ਕਾਲਜਾਂ ਦੇ ਕੰਮਕਾਜ ਵਿੱਚ ਫੰਡ ਦੀ ਘਾਟ ਨੂੰ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਖੇਤਰ ਦੀ ਉੱਘੀ ਸ਼ਖਸੀਅਤ ਡਾ. ਨਰੇਸ਼ ਤ੍ਰੇਹਨ ਨਾਲ ਮਿਲ ਕੇ ਸੂਬੇ ਵਿੱਚ ਸਿਹਤ ਸਹੂਲਤਾਂ ਦਾ ਪੱਧਰ ਉਚਣ ਚੁੱਕਣ ਲਈ ਸੰਭਾਵਨਾ ਤਲਾਸ਼ਣ ਲਈ ਆਖਿਆ।

ਆਯੂਰਵੈਦਿਕ ਕਾਲਜ ਪਟਿਆਲਾ ਦੀ ਤਰਸਯੋਗ ਹਾਲਤ ਦਾ ਮੁੱਦਾ ਵੀ ਮੀਟਿੰਗ ਦੌਰਾਨ ਵਿਚਾਰਿਆ ਗਿਆ। ਮੁੱਖ ਮੰਤਰੀ ਨੇ ਵਿਭਾਗ ਨੂੰ ਕਾਲਜ ਦੇ ਸਬੰਧੀ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ। 

ਮੀਟਿੰਗ ਦੌਰਾਨ ਪੀ.ਆਈ.ਐਮ.ਐਸ. (ਪਿਮਜ਼) ਜਲੰਧਰ ਦੀਆਂ ਸਮੱਸਿਆਵਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਮੁੱਖ ਮੰਤਰੀ ਨੇ ਫੀਸਾਂ ਵਧਾਏ ਬਗੈਰ ਅਧਿਕਾਰੀਆਂ ਨੂੰ ਹੋਰ ਕਿਸੇ ਬਦਲ ਦੀ ਸ਼ਨਾਖਤ ਕਰਨ ਲਈ ਆਖਿਆ ਹੈ ਤਾਂ ਜੋ ਖਰਚੇ ਨਾਲ ਨਿਪਟਿਆ ਜਾ ਸਕੇ। ਉਨ੍ਹ•ਾਂ ਨੇ ਸੁਝਾਅ ਦਿੱਤਾ ਕਿ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਵਾਲੇ ਇੰਸਟੀਚਿਊਟ ਨੂੰ ਮੇਦਾਂਤਾ ਵਰਗੇ ਕਿਸੇ ਮੰਨੇ-ਪ੍ਰਮੰਨੇ ਮੈਡੀਕਲ ਗਰੁੱਪ ਦੇ ਹਵਾਲੇ ਕੀਤਾ ਜਾਵੇ। ਉਨ•੍ਹਾਂ ਕਿਹਾ ਕਿ ਅਜਿਹਾ ਕਰਦੇ ਹੋਏ ਢੁਕਵੇਂ ਵਿਧੀ ਵਿਧਾਨ ਨੂੰ ਅਪਣਾਇਆ ਜਾਵੇ ਤਾਂ ਜੋ ਇਸ ਦੀ ਸਮਰਥਾ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾ ਸਕੇ।ਮੈਡੀਕਲ ਸੰਸਥਾਵਾਂ ਦੀ ਪ੍ਰਣਾਲੀ ਅਤੇ ਪ੍ਰਕਿਰਿਆ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਅਤੇ ਜਵਾਬਦੇਹੀ ਬਣਾਉਣ ਲਈ ਈ-ਗਵਰਨੈਂਸ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਮੈਡੀਕਲ ਸੇਵਾਵਾਂ ਵਿੱਚ ਲੱਗੇ ਕਾਰਪੋਰੇਟਸ ਦੀ ਤਰਜ਼ ਉੱਤੇ ਸਾਰੇ ਮਰੀਜ਼ਾਂ ਦੇ ਰਿਕਾਰਡ ਦਾ ਕੰਪਿਊਟਰੀਕਰਨ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ•੍ਹਾਂ ਨੇ ਰਿਕਾਰਡ, ਫੰਡਿੰਗ ਦੀ ਜਾਂਚ ਕਰਨ, ਕਾਰਜ ਕੁਸ਼ਲਤਾ ਵਧਾਉਣ ਅਤੇ ਪ੍ਰਣਾਲੀ ਨੂੰ ਦਰੁਸਤ ਕਰਨ ਲਈ ਇਲੈਕਟ੍ਰਾਨਿਕ ਸਮਾਰਟ ਹੈਲਥ ਕਾਰਡ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਜੋ ਕਿ ਅਧਾਰ ਕਾਰਡ ਨਾਲ ਜੋੜੇ ਜਾਣ। 

ਕੈਪਟਨ ਅਮਰਿੰਦਰ ਸਿੰਘ ਨੇ ਮੈਡੀਕਲ ਕਾਲਜਾਂ ਨਾਲ ਸਬੰਧਤ ਹਸਪਤਾਲਾਂ ਵਿੱਚ ਕੰਮ ਕਰਦੇ ਸੁਪਰ-ਸਪੈਸ਼ਲਿਸਟਾਂ ਦੀਆਂ ਤਨਖਾਹਾਂ ਨੂੰ ਸੋਧਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਲਈ ਵੀ ਵਿਭਾਗ ਨੂੰ ਆਖਿਆ ਤਾਂ ਜੋ ਵਧੀਆ ਹੁਨਰ ਨੂੰ ਅਕਰਸ਼ਿਤ ਕਰਨ ਲਈ ਨਿੱਜੀ ਹਸਪਤਾਲਾਂ ਦੇ ਡਾਕਟਰਾਂ ਦੇ ਬਰਾਬਰ ਉਨਾਂ ਨੂੰ ਰੱਖਿਆ ਜਾ ਸਕੇ। ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਵਿਭਾਗ ਨੂੰ ਤਿੰਨ ਹਫਤਿਆਂ ਵਿੱਚ ਖਾਲੀ ਪਈਆਂ ਫੈਕਲਟੀ ਦੀਆਂ ਅਸਾਮੀਆਂ ਭਰਨ ਲਈ ਵੀ ਨਿਰਦੇਸ਼ ਦਿੱਤੇ ਅਤੇ ਕਿਸੇ ਵੀ ਮੈਡੀਕਲ ਸੀਟ ਦੇ ਨਾ ਖੁੱਸਣ ਨੂੰ ਯਕੀਨੀ ਬਣਾਉਣ ਲਈ ਵੀ ਆਖਿਆ। ਟੈਕਨੀਕਲ ਅਤੇ ਮੈਡੀਕੋਜ਼ ਦੀਆਂ ਸੇਵਾਵਾਂ ਲੈਣ ਦੇ ਸਬੰਧ ਵਿੱਚ ਪੰਜਾਬੀ ਦੀ ਅਗਾਊਂ ਸ਼ਰਤ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਮੈਡੀਕਲ ਖੇਤਰ ਵਿੱਚ ਸੇਵਾਵਾਂ ਪ੍ਰਾਪਤ ਕਰਨ ਦੇ ਨਿਯਮਾਂ ਦਾ ਜਾਇਜ਼ਾ ਲੈਣ ਲਈ ਵੀ ਵਿਭਾਗ ਨੂੰ ਆਖਿਆ ਕਿਉਂਕਿ ਪੰਜਾਬੀ ਭਾਸ਼ਾ ਨਾਲ ਭਰਤੀ ਨੂੰ ਜੋੜਣ ਕਾਰਨ ਹੁਨਰ ਦੀ ਕਮੀ ਦਰਪੇਸ਼ ਹੈ।ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਬਾਬਾ ਫਰੀਦ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜ ਬਹਾਦਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੈਂਸਰ ਰੋਗ ਦੇ ਪੀੜਤਾਂ ਨੂੰ ਜਾਂਚ ਤੇ ਇਲਾਜ ਦੀਆਂ  ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।ਮੀਟਿੰਗ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਵਿਭਾਗ ਵੱਲੋਂ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਗਾਇਨਾਕੋਲੇਜੀ, ਰੇਡੀਓਲੋਜੀ, ਫਿਜ਼ੀਓਥਰੈਪੀ ਅਤੇ ਦੰਦਾਂ ਦੇ ਇਲਾਜ ਬਾਰੇ ਘੱਟ ਸਮੇਂ ਵਾਲੇ ਕੋਰਸ ਸ਼ੁਰੂ ਕੀਤੇ ਜਾ ਚੁੱਕੇ ਹਨ ਤਾਂ ਕਿ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਯੋਗ ਬਣਾਇਆ ਜਾ ਸਕੇ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕੋਰਸਾਂ ਵਿੱਚ ਸੇਵਾ-ਮੁਕਤ ਮੈਡੀਕਲ ਫੈਕਲਟੀ ਵੱਲੋਂ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ।ਵਿਚਾਰ-ਚਰਚਾ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸਾਰੇ ਸਰਕਾਰੀ ਮੈਡੀਕਲ ਕਾਲਜਾਂ ਖਾਸ ਕਰਕੇ ਪਟਿਆਲਾ ਅਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ ਦੀ 100 ਤੋਂ 150 ਸਾਲ ਤੋਂ ਵੱਧ ਸਮੇਂ ਦੀ ਅਮੀਰ ਵਿਰਾਸਤ ਹੈ ਅਤੇ ਇਨ੍ਹਾਂ ਨੂੰ ਮੁਲਕ ਦੀਆਂ ਉੱਘੀਆਂ ਮੈਡੀਕਲ ਸੰਸਥਾਵਾਂ ਵਜੋਂ ਜਾਣਿਆ ਜਾਂਦਾ ਹੈ ਪਰ ਬਦਕਿਸਮਤੀ ਨਾਲ ਹੁਣ ਇਹ ਸੰਸਥਾਵਾਂ ਉਦਾਸੀਨ ਸਥਿਤੀ ਵਿੱਚ ਹਨ। ਉਨ੍ਹਾਂ ਨੇ ਇਨ੍ਹਾਂ ਕਾਲਜਾਂ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਆਪਣੀ ਪ੍ਰਤੀਬੱਧਤਾ ਜ਼ਾਹਰ ਕੀਤੀ।ਮੀਟਿੰਗ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮੋਹਿੰਦਰਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੈਡੀਕਲ ਸਿੱਖਿਆ ਤੇ ਖੋਜ ਦੇ ਸਕੱਤਰ ਵਿਕਾਸ ਪ੍ਰਤਾਪ ਸਿੰਘ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਅੰਜਲੀ ਭਾਵਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਬਾਬਾ ਫਰੀਦ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਰਾਜ ਬਹਾਦਰ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਡਾਇਰੈਕਟਰ ਡਾ. ਸੁਜਾਤਾ ਸ਼ਰਮਾ ਹਾਜ਼ਰ ਸਨ।