ਸੁਖਪਾਲ ਸਿੰਘ ਖਹਿਰਾ ਨੇ ਦਰਿਆਈ ਪਾਣੀਆਂ ਦੀ ਰਾਖੀ ਲਈ ਕੈਪਟਨ ਅਮਰਿੰਦਰ ਸਿੰਘ 'ਚ ਭਰੋਸਾ ਪ੍ਰਗਟਾਇਆ
5 Dariya News
ਪਟਿਆਲਾ 30-Jul-2017
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਭਰੋਸਾ ਪ੍ਰਗਟ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਦ੍ਰਿੜ੍ਹ ਅਤੇ ਅਡੋਲ ਭਾਵਨਾ ਸਦਕਾ ਪੰਜਾਬ ਦੇ ਬਹੁਮੁੱਲੇ ਜਲ ਵਸੀਲਿਆਂ ਦੀ ਰਾਖੀ ਕਰਨ ਵਿੱਚ ਸਫਲ ਹੋਣਗੇ। ਅੱਜ ਇੱਥੇ ਰਾਜਮਾਤਾ ਮੋਹਿੰਦਰ ਕੌਰ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ੍ਰੀ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਤ ਸਿਆਸਤਦਾਨ ਦੱਸਿਆ ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਉਪਰ ਫ਼ੌਜੀ ਹਮਲੇ ਦੇ ਵਿਰੋਧ 'ਚ ਲੋਕ ਸਭਾ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਉਸ ਤੋਂ ਬਾਅਦ ਓਪਰੇਸ਼ਨ ਬਲੈਕ ਥੰਡਰ ਵਿਰੁੱਧ ਰੋਸ ਜ਼ਾਹਰ ਕਰਦਿਆਂ ਪੰਜਾਬ ਵਿਧਾਨ ਸਭਾ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਪਹਿਲਾਂ ਵੀ ਮੁੱਖ ਮੰਤਰੀ ਹੁੰਦਿਆਂ ਇਕ ਦਲੇਰੀ ਵਾਲਾ ਕਦਮ ਚੁੱਕਦਿਆਂ ਪਾਣੀਆਂ ਦੀ ਵੰਡ ਦੇ ਸਮਝੌਤੇ ਨੂੰ ਰੱਦ ਕਰਨ ਵਾਲਾ ਐਕਟ ਪਾਸ ਕੀਤਾ ਸੀ। ਆਪ ਲੀਡਰ ਨੇ ਆਖਿਆ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਕੈਪਟਨ ਇਕ ਵਾਰ ਫੇਰ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੇ ਬਚਾਅ ਲਈ ਅੱਗੇ ਆਉਣਗੇ। ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ਦਾ ਜ਼ਿਕਰ ਕਰਦਿਆਂ ਸ੍ਰੀ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦੀ ਕਾਬਲੀਅਤ ਹੈ ਅਤੇ ਉਹ ਲੋਕਾਂ ਨੂੰ ਇਸ ਅਤਿ ਲੋੜੀਂਦੇ ਵਸੀਲੇ ਤੋਂ ਵਾਂਝਾ ਨਾ ਹੋਣ ਦੇਣ ਨੂੰ ਯਕੀਨੀ ਬਣਾਉਣਗੇ।