5 Dariya News

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ,ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰਨ ਦਾ ਅਹਿਦ

ਕਿਸਾਨਾਂ ਨੂੰ ਖੁਦਕੁਸ਼ੀ ਵਾਲਾ ਰਾਹ ਨਾ ਅਪਨਾਉਣ ਦੀ ਅਪੀਲ, ਪਹਿਲੇ ਪੜਾਅ ਵਿੱਚ ਨੌਜਵਾਨਾਂ ਲਈ 50 ਹਜ਼ਾਰ ਨੌਕਰੀਆਂ ਦਾ ਐਲਾਨ

5 Dariya News

ਗੁਰਦਾਸਪੁਰ 15-Aug-2017

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਸਾਨਾਂ ਨੂੰ ਖੁਦਕੁਸ਼ੀ ਵਾਲਾ ਰਾਹ ਨਾ ਅਪਨਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 'ਘਰ-ਘਰ ਮੇ ਨੌਕਰੀ' ਸਕੀਮ ਦੇ ਪਹਿਲੇ ਪੜਾਅ ਵਿੱਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ। ਅੱਜ ਆਜ਼ਾਦੀ ਦਿਹਾੜੇ ਮੌਕੇ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਸਰਕਾਰੀ ਵਿਭਾਗਾਂ ਵਿੱਚ ਸਾਰੀਆਂ ਮਹੱਤਵਪੂਰਨ ਅਸਾਮੀਆਂ ਭਰਨ ਲਈ ਛੇਤੀ ਹੀ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਜਿਸ ਨਾਲ ਸੂਬੇ 'ਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਮਿਲਣਗੀਆਂ। ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਵਾਅਦੇ ਨੂੰ ਅਮਲ ਵਿੱਚ ਲਿਆਉਣ ਵਾਸਤੇ ਸੂਬਾ ਭਰ ਵਿੱਚ ਰੁਜ਼ਗਾਰ ਮੇਲੇ ਲਗਾਏ ਜਾਣਗੇ। ਮੁੱਖ ਮੰਤਰੀ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਗਾਰਡ ਆਫ ਆਨਰ ਲਿਆ ਅਤੇ ਸਕੂਲ ਵਿਦਿਆਰਥੀਆਂ ਵੱਲੋਂ ਕੀਤੀ ਗਤਕੇ ਦੀ ਪੇਸ਼ਕਾਰੀ ਦਾ ਅਨੰਦ ਮਾਣਿਆ, ਨੇ ਇਸ ਪਵਿੱਤਰ ਮੌਕੇ ਪੰਜਾਬ ਨੂੰ ਨਸ਼ੇ ਤੇ ਕਰਜ਼ੇ ਤੋਂ ਮੁਕਤ ਕਰਕੇ ਸ਼ਾਂਤਮਈ, ਸਿਹਤਮੰਦ ਅਤੇ ਖੁਸ਼ਹਾਲ ਸੂਬਾ ਬਣਾਉਣ ਦਾ ਸੰਕਲਪ ਲਿਆ। ਮੁੱਖ ਮੰਤਰੀ ਨੇ ਸਾਰੀਆਂ ਲਿੰਕ ਸੜਕਾਂ ਲਈ 2500 ਕਰੋੜ ਰੁਪਏ ਦੀ ਲਾਗਤ ਨਾਲ ਸਲਾਨਾ ਮੁਰੰਮਤ ਪ੍ਰੋਗਰਾਮ ਸ਼ੁਰੂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਛੇਤੀ ਹੀ ਸ਼ੁਰੂ ਕੀਤਾ ਜਾਵੇਗਾ ਅਤੇ ਸੂਬੇ 'ਚ ਅਜਿਹੀਆਂ 22870 ਕਿਲੋਮੀਟਰ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ 31 ਦਸੰਬਰ, 2017 ਤੋਂ ਪਹਿਲਾਂ ਸੂਬੇ ਦੇ ਹਰੇਕ ਘਰ 'ਚ ਇੱਕ ਪਖਾਨਾ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਆਖਿਆ ਕਿ ਸਕੂਲਾਂ ਦਾ ਮੂੰਹ-ਮੁਹਾਂਦਰਾ ਸੰਵਾਰਨ ਤੋਂ ਇਲਾਵਾ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਾਉਣ ਲਈ 2100 ਕਰੋੜ ਰੁਪਏ ਰੱਖੇ ਗਏ ਹਨ। ਇਸੇ ਤਰ੍ਹਾਂ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਅਪਗਰੇਡ ਕਰਨ ਲਈ 806 ਕਰੋੜ ਰੁਪਏ ਰੱਖੇ ਗਏ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੇ ਛੋਟੇ ਤੇ ਦਰਮਿਆਨੇ ਕਿਸਾਨਾਂ ਲਈ 2 ਲੱਖ ਰੁਪਏ ਦਾ ਫਸਲੀ ਕਰਜ਼ਾ ਮੁਆਫ਼ ਕਰਨ ਤੋਂ ਇਲਾਵਾ 2 ਲੱਖ ਰੁਪਏ ਤੋਂ ਵੱਧ ਕਰਜ਼ੇ ਵਾਲੇ ਦਰਮਿਆਨੇ ਕਿਸਾਨਾਂ ਨੂੰ 2 ਲੱਖ ਰੁਪਏ ਦੀ ਕਰਜ਼ਾ ਰਾਹਤ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਕਰਕੇ ਖੁਦਕੁਸ਼ੀ ਕਰਨ ਜਾਂ ਅਜਿਹਾ ਕੋਈ ਘਾਤਕ ਕਦਮ ਨਾ ਚੁੱਕਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਆਖਿਆ ਕਿ ਕਰਜ਼ਾ ਮੁਆਫੀ ਦੀ ਸਕੀਮ ਇੱਕ ਮਹੀਨੇ 'ਚ ਅਮਲ ਵਿੱਚ ਆ ਜਾਵੇਗੀ ਅਤੇ ਸਰਕਾਰ ਆਪਣੇ ਪੱਧਰ 'ਤੇ ਕਿਸਾਨਾਂ ਦਾ ਕਰਜ਼ਾ ਲਾਹੇਗੀ, ਜਿਸ ਕਰਕੇ ਕਿਸਾਨਾਂ ਨੂੰ ਇਸ ਦੀ ਅਦਾਇਗੀ ਕਰਨ ਲਈ ਫਿਕਰ ਕਰਨ ਦੀ ਕੋਈ ਲੋੜ ਨਹੀਂ ਹੈ। ਵਿਸ਼ੇਸ਼ ਟਾਸਕ ਫੋਰਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਜੰਗ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਸ ਟਾਸਕ ਫੋਰਸ ਨੂੰ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਖਿਲਾਫ਼ ਕਾਰਵਾਈ ਲਈ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ ਅਤੇ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ ਲਗਭਗ 6018 ਕੇਸ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ ਅਜਿਹੀਆਂ ਗਤੀਵਿਧੀਆਂ 'ਚ ਸ਼ਾਮਲ ਕੁਝ ਪੁਲਿਸ ਮੁਲਾਜ਼ਮਾਂ ਸਮੇਤ 6933 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ 97 ਕਿਲੋ ਹੈਰੋਇਨ ਤੇ ਹੋਰ ਪਾਬੰਦੀਸ਼ੁਦਾ ਪਦਾਰਥ ਬਰਾਮਦ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ 'ਚ ਪਾਬੰਦੀਸ਼ੁਦਾ ਦਵਾਈਆਂ ਜਿਨ੍ਹਾਂ ਦੀ ਸਿੰਥੈਟਿਕ ਡਰੱਗ ਬਣਾਉਣ ਲਈ ਦੁਰਵਰਤੋਂ ਕੀਤੀ ਜਾਂਦੀ ਸੀ, ਦੀ ਸਪਲਾਈ ਵਿੱਚ 50 ਫੀਸਦੀ ਗਿਰਾਵਟ ਆਈ ਹੈ। 

ਮੁੱਖ ਮੰਤਰੀ ਨੇ ਆਖਿਆ ਕਿ ਪਿਛਲੀ ਸਰਕਾਰ ਦੌਰਾਨ ਝੂਠੇ ਕੇਸਾਂ ਵਿੱਚ ਫਸਾਏ ਬੇਕਸੂਰ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਉਨ੍ਹਾਂ ਦੀ ਸਰਕਾਰ ਵਚਨਬੱਧ ਹੈ ਅਤੇ ਅਜਿਹੇ ਕੇਸਾਂ ਦੀ ਜਾਂਚ ਲਈ ਬਣਾਏ ਨਿਆਂਇਕ ਕਮਿਸ਼ਨ ਵੱਲੋਂ ਛੇਤੀ ਆਪਣੀ ਰਿਪੋਰਟ ਸੌਂਪੀ ਜਾਵੇਗੀ। ਉਨ੍ਹਾਂ ਆਖਿਆ ਕਿ ਅਜਿਹਾ ਹੀ ਇੱਕ ਕਮਿਸ਼ਨ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਕਾਇਮ ਕੀਤਾ ਗਿਆ ਹੈ, ਜੋ ਦੋਸ਼ੀਆਂ ਦੀ ਸ਼ਨਾਖਤ ਕਰ ਰਿਹਾ ਹੈ ਜਿਨ੍ਹਾਂ ਨੂੰ ਉਨ੍ਹਾਂ ਦੀ ਸਰਕਾਰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰੇਗੀ। ਪੰਜਾਬ ਵਿੱਚ ਸਨਅਤੀਕਰਨ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਆਖਿਆ ਕਿ ਨਵੀਂ ਤੇ ਮੌਜੂਦਾ ਸਨਅਤ ਲਈ ਉਨ੍ਹਾਂ ਦੀ ਸਰਕਾਰ ਨੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੀ ਦਰ ਤੈਅ ਕੀਤੀ ਹੈ ਅਤੇ ਸੂਬੇ 'ਚ ਵਪਾਰਕ ਕਾਰੋਬਾਰ ਨੂੰ ਉਤਸ਼ਾਹਤ ਕਰਨ ਲਈ ਨਵੀਂ ਸਨਅਤੀ ਨੀਤੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਨੇ ਰੀਅਲ ਅਸਟੇਟ ਨੂੰ ਉਤਸ਼ਾਹਤ ਕਰਨ ਲਈ ਸ਼ਹਿਰੀ ਜਾਇਦਾਦਾਂ ਦੀ ਰਜਿਸਟਰੀ 'ਤੇ ਲਗਦੀ ਸਟੈਂਪ ਡਿਊਟੀ 9 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰਨ ਸਮੇਤ ਚੁੱਕੇ ਕਈ ਕਦਮਾਂ ਦਾ ਜ਼ਿਕਰ ਕੀਤਾ। 'ਪ੍ਰਬੰਧ ਦੇ ਰਾਖੇ' ਸਕੀਮ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸਾਬਕਾ ਸੈਨਿਕਾਂ ਦੀ ਸਵੈ-ਇੱਛਤ ਫੋਰਸ ਸਾਰੀਆਂ ਸਰਕਾਰੀ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਇਮਾਨਦਾਰੀ ਤੇ ਸੰਜ਼ੀਦਗੀ ਨਾਲ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਏਗੀ ਤਾਂ ਕਿ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਆਖਿਆ ਕਿ ਇਕ ਮਹੀਨੇ ਵਿੱਚ ਇੱਕ ਹਜ਼ਾਰ ਸਾਬਕਾ ਸੈਨਿਕ ਇਸ ਮਿਸ਼ਨ ਲਈ ਭਰਤੀ ਕੀਤੇ ਜਾਣਗੇ। 

ਸੂਬੇ ਵਿੱਚ ਔਰਤਾਂ ਨੂੰ ਵੱਧ ਅਧਿਕਾਰ ਦੇਣ ਲਈ ਚੁੱਕੇ ਕਦਮਾਂ ਨੂੰ ਗਿਣਾਉਂਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਸ਼ਹਿਰੀ ਸਥਾਨਕ ਅਤੇ ਪੰਚਾਇਤੀ ਸੰਸਥਾਵਾਂ ਵਿੱਚ ਔਰਤਾਂ ਲਈ ਰਾਖਵਾਂਕਰਨ ਵਧਾ ਕੇ 50 ਫੀਸਦੀ ਕਰਨ ਤੋਂ ਇਲਾਵਾ ਲੜਕੀਆਂ ਤੇ ਔਰਤਾਂ ਦੀ ਭਲਾਈ ਲਈ ਕਈ ਹੋਰ ਉਪਰਾਲੇ ਕੀਤੇ ਗਏ ਹਨ। ਮੁੱਖ ਮੰਤਰੀ ਨੇ ਆਖਿਆ ਕਿ ਸਮਾਜਿਕ ਸੁਰੱਖਿਆ ਅਧੀਨ ਦਿੱਤੀ ਜਾ ਰਹੀ 750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਅਗਲੇ ਸਾਲ ਤੋਂ ਵਧਾ ਕੇ 1000 ਰੁਪਏ ਪ੍ਰਤੀ ਮਹੀਨਾ ਦਿੱਤੀ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਬਰਿੰਦਰਮੀਤ ਸਿੰਘ ਪਾਹੜਾ, ਫਤਹਿਜੰਗ ਸਿੰਘ ਬਾਜਵਾ, ਬਲਵਿੰਦਰ ਸਿੰਘ ਲਾਡੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਡੀ.ਜੀ.ਪੀ. ਸੁਰੇਸ਼ ਅਰੋੜਾ, ਏ.ਡੀ.ਜੀ.ਪੀ. ਬਾਰਡਰ-ਕਮ-ਐਸ.ਟੀ.ਐਫ. ਚੀਫ ਹਰਪ੍ਰੀਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਅਮਿਤ ਕੁਮਾਰ ਤੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਵੀ ਹਾਜ਼ਰ ਸਨ।