5 Dariya News

ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਕਾਸ ਕਾਰਜਾਂ ਲਈ ਸ਼ਹਿਰੀ ਸਥਾਨਿਕ ਸੰਸਥਾਵਾਂ ਲਈ 211 ਕਰੋੜ ਰੁਪਏ ਜਾਰੀ ਤੇ 58 ਕਰੋੜ ਦੇ ਚੈਕ ਪ੍ਰਦਾਨ

ਪੱਤਰਕਾਰ ਕੇ.ਜੇ.ਸਿੰਘ ਤੇ ਲੁਧਿਆਣਾ ਦੇ ਆਰ.ਐਸ.ਐਸ. ਦੇ ਵਰਕਰ ਦੇ ਹੱਤਿਆਰਿਆਂ ਨੂੰ ਛੇਤੀਂ ਗ੍ਰਿਫਤਾਰ ਕਰਨ ਦਾ ਭਰੋਸਾ ਦੁਆਇਆ

5 Dariya News

ਚੰਡੀਗੜ੍ਹ 17-Oct-2017

ਸੂਬੇ ਦੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 37 ਸ਼ਹਿਰੀ ਸਥਾਨਿਕ ਸੰਸਥਾਵਾਂ (ਨਗਰ ਕੌਂਸਲਾਂ/ਨਗਰ ਪੰਚਾਇਤਾਂ) ਲਈ 211 ਕਰੋੜ ਰੁਪਏ ਜਾਰੀ ਕਰਨ ਦੇ ਨਾਲ-ਨਾਲ ਇਨ੍ਹਾਂ ਨੂੰ 58 ਕਰੋੜ ਰੁਪਏ ਦਾ ਚੈਕ ਵੀ ਪ੍ਰਦਾਨ ਕਰ ਦਿੱਤੇ ਹਨ।ਇਸ ਰਾਸ਼ੀ ਨੂੰ ''ਸਮਾਜਿਕ ਚੈਕ'' ਦੱਸਦੇ ਹੋਏ ਮੁੱਖ ਮੰਤਰੀ ਨੇ ਸ਼ਹਿਰੀ ਸਥਾਨਿਕ ਸੰਸਥਾਵਾਂ ਨੂੰ ਇਹ ਪੈਸਾ ਪਾਰਦਰਸ਼ੀ ਤਰੀਕੇ ਨਾਲ ਖਰਚੇ ਜਾਣ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਾਰੇ ਲੰਬਿਤ ਪਏ ਵਿਕਾਸ ਪ੍ਰੋਜੈਕਟਾਂ ਦਾ ਕੰਮ ਤੁਰੰਤ ਸ਼ੁਰੂ ਕਰਨ ਲਈ ਵੀ ਸਬੰਧਤ ਅਧਿਕਾਰੀਆਂ ਨੂੰ ਹੁਕਮ ਦਿੱਤੇ।ਸਮਾਰੋਹ ਤੋਂ ਬਾਅਦ ਇਕ ਬੁਲਾਰੇ ਨੇ ਦੱਸਿਆ ਕਿ 37 ਸ਼ਹਿਰੀ ਸਥਾਨਿਕ ਸੰਸਥਾਵਾਂ ਨੂੰ ਚੈਕ ਦਿੱਤੇ ਗਏ ਹਨ ਅਤੇ ਮੁੱਖ ਮੰਤਰੀ ਨੇ ਭਰੋਸਾ ਦਵਾਇਆ ਹੈ ਕਿ ਸਾਰੀਆਂ ਸੰਸਥਾਵਾਂ ਨੂੰ ਬਰਾਬਰ ਦਾ ਖਰਚਾ ਦਿੱਤਾ ਜਾਵੇਗਾ ਅਤੇ ਇਸ ਵਿੱਚ ਉਸ ਤਰ੍ਹਾਂ ਦਾ ਕੋਈ ਵੀ ਵਿਤਕਰਾ ਨਹੀਂ ਕੀਤਾ ਜਾਵੇਗਾ ਜਿਸ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਸਰਕਾਰ ਵੱਲੋਂ ਕਾਂਗਰਸ ਦੇ ਨੁਮਾਇੰਦਿਆਂ ਨਾਲ ਸਬੰਧਤ ਇਲਾਕਿਆਂ ਨਾਲ ਕੀਤਾ ਜਾਂਦਾ ਸੀ।ਸੂਬੇ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਆਪਣੀ ਨਿੱਜੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਲੋੜੀਂਦੀ ਰਾਹਤ ਦੇਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਜਿਨ੍ਹਾਂ ਨੂੰ ਪਿਛਲੀ ਸਰਕਾਰ ਦੀਆਂ ਹੱਦੋਂ ਮਾੜੀਆਂ ਨੀਤੀਆਂ ਕਾਰਨ 10 ਸਾਲ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਹੈ।ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਸ਼ਹਿਰੀ ਸਥਾਨਿਕ ਸੰਸਥਾਵਾਂ ਹੇਠਲੇ ਇਲਾਕਿਆਂ ਵਿੱਚ 100 ਫੀਸਦੀ ਪਾਣੀ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਮੁਹਈਆ ਕਰਾਉਣ ਲਈ 1540 ਕਰੋੜ ਰੁਪਏ ਦੇ ਕਰਜ਼ੇ ਦਾ ਪ੍ਰਬੰਧ ਕਰਨ ਦੀ ਪ੍ਰਕਿਰਿਆ ਵਿੱਚ ਹੈ। ਇਹ ਰਾਸ਼ੀ ਛੇਤੀ ਹੀ ਜਾਰੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪੀ.ਆਈ.ਡੀ.ਬੀ. ਵੱਲੋਂ 34.91 ਕਰੋੜ ਰੁਪਏ ਦੀ ਵਾਧੂ ਗ੍ਰਾਂਟ ਜਾਰੀ ਕੀਤੇ ਜਾਣ ਦੀ ਵੀ ਉਮੀਦ ਹੈ।

ਇਸ ਮੌਕੇ 'ਤੇ ਸਥਾਨਿਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਆਪਣੇ ਭਾਸ਼ਨ ਦੌਰਾਨ ਵਿਕਾਸ ਪ੍ਰੋਜੈਕਟਾਂ ਲਈ ਫੰਡ ਜਾਰੀ ਕਰਨ ਵਾਸਤੇ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਇਸ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਲਈ ਦਿਵਾਲੀ ਤੋਹਫਾ ਆਖਿਆ। ਸ੍ਰੀ ਸਿੱਧੂ ਨੇ ਕਿਹਾ ਕਿ ਲੁਧਿਆਣਾ ਤੇ ਅੰਮ੍ਰਿਤਸਰ ਲਈ ਕ੍ਰਮਵਾਰ 137 ਕਰੋੜ ਰੁਪਏ ਅਤੇ 125 ਕਰੋੜ ਰੁਪਏ ਦੇ ਪ੍ਰੋਜੈਕਟ ਪ੍ਰਵਾਨ ਕੀਤੇ ਗਏ ਹਨ ਜਦਕਿ ਜਲੰਧਰ ਦੇ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਇਕ ਹਫਤੇ ਦੇ ਅੰਦਰ-ਅੰਦਰ ਕਰ ਦਿੱਤਾ ਜਾਵੇਗਾ।ਚੈਕ ਵਿਤਰਣ ਸਮਾਰੋਹ ਮੌਕੇ ਹਾਜ਼ਰ ਕੁਝ ਮਿਉਂਸਿਪਲ ਕੌਂਸਲਰਾਂ ਦੀਆਂ ਚਿੰਤਾਵਾਂ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਦੇ ਸਮਰਥਨ ਦਾ ਕੋਈ ਸਵਾਲ ਹੀ ਨਹੀਂ ਪੈਦਾ ਹੁੰਦਾ ਭਾਵੇਂ ਕਿ ਜਸਟਿਸ ਨਾਰੰਗ ਕਮਿਸ਼ਨ ਨੇ ਰੇਤ ਖੱਡਾਂ ਦੀ ਬੋਲੀ ਦੇ ਸਬੰਧ ਵਿੱਚ ਭ੍ਰਿਸ਼ਟਾਚਾਰ ਦੇ ਮਾਮਲੇ ਤੋਂ ਕੈਬਨਿਟ ਮੰਤਰੀ ਨੂੰ ਮੁਕਤ ਕਰ ਦਿੱਤਾ ਹੈ। ਪੱਤਰਕਾਰ ਕੇ.ਜੇ. ਸਿੰਘ ਦੇ ਕਤਲ  ਮਾਮਲੇ ਵਿੱਚ ਚੱਲ ਰਹੀ ਪ੍ਰਗਤੀ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਪੁਲਿਸ ਆਪਣਾ ਕੰਮ ਕਰ ਰਹੀ ਹੈ ਤੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਕਟਹਿਰੇ ਵਿੱਚ ਖੜ੍ਹਾ ਕੀਤਾ ਜਾਵੇਗਾ। ਉਨ੍ਹਾਂ ਭਰੋਸਾ ਦਵਾਇਆ ਕਿ ਲੁਧਿਆਣਾ ਦੇ ਆਰ.ਐਸ.ਐਸ. ਵਰਕਰ ਦੀ ਹੱਤਿਆ ਦੇ ਦੋਸ਼ੀਆਂ ਨੂੰ ਵੀ ਛੇਤੀਂ ਗ੍ਰਿਫਤਾਰ ਕਰ ਲਿਆ ਜਾਵੇਗਾ।ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਤੇਜਵੀਰ ਸਿੰਘ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੋਂ ਇਲਾਵਾ ਕਰਨਦੀਪ ਸਿੰਘ ਨਾਭਾ, ਭਾਰਤ ਭੂਸ਼ਨ ਆਸ਼ੂ, ਅਮਰੀਕ ਸਿੰਘ ਢਿੱਲੋਂ, ਕੁਸ਼ਲਦੀਪ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਕਾਂਗੜ, ਦਰਸ਼ਨ ਸਿੰਘ ਬਰਾੜ, ਮਦਨ ਲਾਲ ਜੁਲਾਲਪੁਰ, ਹਰਦਿਆਲ ਸਿੰਘ ਕੰਬੋਜ, ਰਜਿੰਦਰ ਬੇਰੀ, ਸੁਖਜੀਤ ਸਿੰਘ ਲੋਹਗੜ੍ਹ, ਸੁਸ਼ੀਲ ਕੁਮਾਰ ਰਿੰਕੂ, ਰਮਨਜੀਤ ਸਿੰਘ ਸਿੱਕੀ, ਸੰਜੀਵ ਤਲਵਾਰ, ਕੁਲਦੀਪ ਸਿੰਘ ਵੈਦ, ਅੰਗਦ ਸਿੰਘ ਸੈਣੀ, ਜੋਗਿੰਦਰ ਪਾਲ ਸਿੰਘ, ਦਰਸ਼ਨ ਲਾਲ ਮੰਗੂਪੁਰ (ਸਾਰੇ ਵਿਧਾਇਕ) ਅਤੇ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਤੇ ਇੰਦਰਜੀਤ ਸਿੰਘ ਜੀਰਾ, ਸਾਬਕਾ ਵਿਧਾਇਕ ਜਗਮੀਤ ਸਿੰਘ ਬਰਾੜ, ਸਲਾਹਕਾਰ ਸਥਾਨਿਕ ਸਰਕਾਰ ਵਿਭਾਗ ਡਾਕਟਰ ਅਮਰ ਸਿੰਘ ਅਤੇ ਡਾਇਰੈਕਟਰ ਸਥਾਨਿਕ ਸਰਕਾਰ ਅਜੋਏ ਸ਼ਰਮਾ ਹਾਜ਼ਰ ਸਨ।