5 Dariya News

ਪੁਲਿਸ ਅਤੇ ਅਰਧ ਸੈਨਿਕ ਬਲਾਂ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਦੇਸ਼ ਹਮੇਸ਼ਾਂ ਯਾਦ ਰੱਖੇਗਾ-ਬਾਬੂ ਲਾਲ ਮੀਨਾ

ਪੁਲਿਸ ਸ਼ਹੀਦੀ ਯਾਦਗਾਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸ਼ਰਧਾਂਜਲੀ ਸਮਾਗਮ ਦਾ ਆਯੋਜਨ

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ 21-Oct-2017

ਪੁਲਿਸ ਅਤੇ ਅਰਧ ਸੈਨਿਕ ਬਲਾਂ ਵੱਲੋਂ ਦੇਸ਼ ਦੀ ਏਕਤਾ ਅਤੇ ਅਖੰਡਤਾ ਕਾਇਮ ਰੱਖਣ ਲਈ ਅਤੇ  ਅਮਨ ਤੇ ਭਾਈਚਾਰੇ ਨੂੰ ਹੋਰ ਮਜ਼ਬੂਤ ਕਰਨ ਲਈ ਦਿੱਤੀਆਂ ਗਈਆਂ ਬੇਮਿਸਾਲ ਕੁਰਬਾਨੀਆਂ ਨੂੰ ਦੇਸ਼ ਅਤੇ ਸਮਾਜ ਹਮੇਸ਼ਾਂ ਯਾਦ ਰੱਖੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਆਈ.ਜੀ ਰੂਪਨਗਰ ਰੇਂਜ ਰੂਪਨਗਰ ਸ੍ਰੀ ਬਾਬੂ ਲਾਲ ਮੀਨਾ ਆਈ.ਪੀ.ਐਸ ਨੇ ਜਿਲਾ੍ਹ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ ਨਗਰ ਵਿਖੇ ਜਿਲ੍ਹਾ ਪੱਧਰੀ ਪੁਲਿਸ ਸ਼ਹੀਦੀ ਯਾਦਗਾਰ ਦਿਵਸ 'ਤੇ  ਕਰਵਾਏ ਗਏ ਸਮਾਗਮ ਮੌਕੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕੀਤਾ।ਡੀ.ਆਈ.ਜੀ. ਨੇ ਕਿਹਾ ਕਿ ਕੁਰਬਾਨੀਆਂ ਦੇਣ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ 'ਤੇ ਜਿੰਨਾ ਮਾਣ ਕਰੀਏ ਥੋੜਾ ਹੈ ਕਿਉਂਕਿ ਉਹਨਾਂ ਨੇ ਨਾਂ ਕੇਵਲ ਅੱਤਵਾਦ ਦੇ ਔਖੇ ਸਮੇਂ ਵੱਡੀ ਗਿਣਤੀ ਵਿੱਚ ਸ਼ਹੀਦੀਆਂ ਦੇ ਕੇ ਅੱਤਵਾਦ ਨੂੰ ਖਤਮ ਕਰਕੇ ਅਮਨ ਤੇ ਸ਼ਾਂਤੀ ਕਾਇਮ ਕੀਤੀ ਸਗੋਂ ਜਦੋਂ ਵੀ ਦੇਸ਼ ਦੀ ਅੰਦਰੂਨੀ ਸੁਰੱਖਿਆ 'ਤੇ ਕੋਈ ਭੀੜ ਪਈ ਤਾਂ ਪੁਲਿਸ ਦੇ ਬਹਾਦਰ ਜਵਾਨਾਂ ਨੇ ਦੁਸ਼ਮਣ ਦਾ ਡਟ ਕੇ ਸਾਹਮਣਾ ਕੀਤਾ ਤੇ ਦੁਸ਼ਮਣ ਨੂੰ ਮੂੰਹ ਤੋੜ ਜਵਾਬ ਦਿੱਤਾ ਅਤੇ ਅਜਿਹੇ ਬਹਾਦਰ ਜਵਾਨਾਂ ਨੇ ਆਪਣਾ ਜਨਮ  ਦੇਸ਼ ਦੀ ਅੰਦਰੂਨੀ ਸੁਰੱਖਿਆ ਦੇ ਲੇਖੇ ਲਗਾਇਆ। ਉਹਨਾਂ ਇਸ ਮੌਕੇ ਜਿਲਾ੍ਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਰਹਿ ਰਹੇ ਸ਼ਹੀਦ ਪੁਲਿਸ ਜਵਾਨਾਂ ਦੇ 35 ਪਰਿਵਾਰਾਂ ਦਾ ਸਨਮਾਨ ਵੀ ਕੀਤਾ।ਸ਼੍ਰੀ ਮੀਨਾ ਨੇ ਕਿਹਾ ਕਿ ਪੰਜਾਬ ਪੁਲਿਸ ਅਤੇ ਅਰਧ ਸੈਨਿਕ ਬਲਾਂ  ਦੇ ਜਵਾਨਾਂ ਵੱਲੋਂ ਮੁਸ਼ਕਲ ਹਾਲਾਤਾਂ ਵਿੱਚ ਅਮਨ ਤੇ ਸ਼ਾਂਤੀ ਬਰਕਰਾਰ ਰੱਖਣ ਲਈ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਪੰਜਾਬ ਵਿੱਚ ਅਮਨ ਤੇ ਸ਼ਾਂਤੀ ਦਾ ਮਾਹੌਲ ਬਰਕਰਾਰ ਹੈ। 

ਉਨ੍ਹਾਂ ਕਿਹਾ ਕਿ ਅਜਿਹੇ ਸ਼ਹੀਦੀ ਸਮਾਗਮ ਜਿਥੇ ਬਹਾਦਰ ਪੁਲਿਸ ਜਵਾਨਾਂ ਦੀਆਂ ਮਹਾਨ ਕੁਰਬਾਨੀਆਂ ਦੀ ਯਾਦ ਤਾਜ਼ਾ ਕਰਵਾਉਂਦੇ ਹਨ ਉਥੇ ਪੁਲਿਸ ਬਲਾਂ ਦੀ ਪ੍ਰੇਰਨਾ ਦਾ ਸਰੋਤ ਵੀ ਬਣਦੇ ਹਨ। ਇਸ ਮੌਕੇ ਐਸ.ਪੀ. (ਹੈ.ਕੁ.) ਸ. ਗੁਰਸੇਵਕ ਸਿੰਘ ਨੇ 01 ਸਤੰਬਰ 2016 ਤੋਂ 31 ਅਗਸਤ 2017 ਤੱਕ ਦੇਸ਼ ਭਰ ਵਿੱਚ ਸ਼ਹੀਦ ਹੋਏ ਪੁਲਿਸ ਅਤੇ ਅਰਧ ਸੈਨਿਕ ਬਲਾਂ ਦੇ 370 ਬਹਾਦਰ ਜਵਾਨਾਂ ਦੇ ਨਾਂ ਪੜ੍ਹ ਕੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਵਾਇਆ। ਡੀ.ਐਸ.ਪੀ. ਖਰੜ ਸ੍ਰੀ ਦੀਪਕਮਲ ਸਿੰਘ ਦੀ ਅਗਵਾਈ ਹੇਠ ਪੁਲਿਸ ਦੀ ਟੁਕੜੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਦੋ ਮਿੰਟ ਦਾ ਮੌਨ ਵੀ ਧਾਰਿਆ ਗਿਆ। ਇਸ ਮੌਕੇ ਡੀ.ਆਈ.ਜੀ. ਸ੍ਰੀ ਬਾਬੂ ਲਾਲ ਮੀਨਾ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਜਿਲਾ੍ਹ ਪੁਲਿਸ ਮੁੱਖੀ ਸ੍ਰੀ ਕੁਲਦੀਪ ਸਿੰਘ ਚਾਹਲ ਅਤੇ ਜਿਲ੍ਹੇ ਦੇ ਸਮੂਹ ਐਸ.ਪੀ, ਡੀ.ਐਸ.ਪੀ ਸਮੇਤ ਹੋਰ ਪੁਲਿਸ ਅਧਿਕਾਰੀਆਂ, ਜਵਾਨਾਂ ਅਤੇ ਪੁਲਿਸ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੇ  ਪੁਲਿਸ ਸ਼ਹੀਦੀ ਸਮਾਰਕ 'ਤੇ ਰੀਥਾਂ ਰੱਖ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸ ਉਪਰੰਤ ਸ਼ਹੀਦ ਹੋਏ ਪੁਲਿਸ ਜਵਾਨਾਂ ਦੇ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਸੁਣਦੇ ਹੋਏ ਡੀ.ਆਈ.ਜੀ. ਨੇ ਕਿਹਾ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਜਵਾਨ ਪੁਲਿਸ ਵਿਭਾਗ ਲਈ ਗੌਰਵ ਦਾ ਪ੍ਰਤੀਕ ਹਨ ਅਤੇ ਪੁਲਿਸ ਇਸ ਗੱਲ ਲਈ ਵਚਨਬੱਧ ਹੈ ਕਿ ਸ਼ਹੀਦਾਂ ਦੇ ਪਰਿਵਾਰਾਂ ਨੂੰ ਪੂਰਾ ਮਾਣ ਸਨਮਾਨ ਦਿੱਤਾ ਜਾਵੇ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣ।